44.71 F
New York, US
February 4, 2025
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਅਕਾਲੀ ਦਲ ਦੀ ਭਰਤੀ ਸਬੰਧੀ ਵਿਵਾਦ: ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਨੇ 28 ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਚੱਲ ਰਹੇ ਵਿਵਾਦ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 28 ਜਨਵਰੀ ਨੂੰ ਸੱਦ ਲਈ ਹੈ। ਇਹ ਇਕੱਤਰਤਾ 28 ਜਨਵਰੀ ਮੰਗਲਵਾਰ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਵਿਖੇ ਹੋਵੇਗੀ।

ਜਥੇਦਾਰ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਇਸ ਸਬੰਧੀ ਇੱਕ ਬਿਆਨ ਵਿੱਚ ਕਿਹਾ ਕਿ ਇਸ ਇਕੱਤਰਤਾ ਵਿੱਚ ਅਹਿਮ ਪੰਥਕ ਮਸਲਿਆਂ ਨੂੰ ਵਿਚਾਰਿਆ ਜਾਵੇਗਾ। ਇਸ ਤਰ੍ਹਾਂ ਭਾਵੇਂ ਮੀਟਿੰਗ ਦੇ ਏਜੰਡੇ ਬਾਰੇ ਖੁਲਾਸਾ ਨਹੀਂ ਕੀਤਾ ਗਿਆ, ਪਰ ਚਰਚਾ ਹੈ ਕਿ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਵਿਵਾਦ ਇੱਕ ਵੱਡਾ ਮੁੱਦਾ ਹੈ।

ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਨਾਰਾਜ਼ ਧਿਰ ਦੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹੋਰ ਆਗੂ ਕਈ ਵਾਰ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਚੁੱਕੇ ਹਨ ਅਤੇ ਪੱਤਰ ਵੀ ਦੇ ਚੁੱਕੇ ਹਨ। ਉਨ੍ਹਾਂ ਦੀ ਮੰਗ ਹੈ ਕਿ ਦੋ ਦਸੰਬਰ ਦੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦੇ ਫੈਸਲਿਆਂ ਨੂੰ ਮੁਕੰਮਲ ਤੌਰ ’ਤੇ ਲਾਗੂ ਕੀਤਾ ਜਾਵੇ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਦੀ ਨਿਗਰਾਨੀ ਸਬੰਧੀ ਇੱਕ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਫ਼ੈਸਲੇ ਨੂੰ ਅਣਦੇਖਿਆ ਕਰ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਭਰਤੀ ਮੁਹਿੰਮ 20 ਜਨਵਰੀ ਤੋਂ ਸ਼ੁਰੂ ਕਰ ਦਿੱਤੀ ਗਈ ਹੈ।

ਇਸੇ ਮਾਮਲੇ ਨੂੰ ਲੈ ਕੇ ਨਰਾਜ਼ ਧੜੇ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਇੱਕ ਵਫਦ ਵੀ ਬੀਤੇ ਕੱਲ੍ਹ ਜਥੇਦਾਰ ਨੂੰ ਮਿਲਣ ਵਾਸਤੇ ਆਇਆ ਸੀ ਅਤੇ ਇੱਕ ਪੱਤਰ ਸੌਂਪ ਕੇ ਗਿਆ ਹੈ। ਇਸ ਪੱਤਰ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਉਤੇ ਸ੍ਰੀ ਅਕਾਲ ਤਖ਼ਤ ਦੇ ਹੁਕਮਨਾਮੇ ਨੂੰ ਅਣਦੇਖਿਆ ਕਰਨ ਦਾ ਦੋਸ਼ ਲਾਇਆ ਗਿਆ ਹੈ। ਇਸ ਤੋਂ ਇਲਾਵਾ ਕੁਝ ਹੋਰ ਵੀ ਗੰਭੀਰ ਦੋਸ਼ ਲਾਏ ਗਏ ਹਨ ਅਤੇ ਇਸ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਖਿਲਾਫ ਕਾਰਵਾਈ ਦੀ ਅਪੀਲ ਕੀਤੀ ਗਈ ਹੈ।

ਬੀਤੇ ਦਿਨ ਸਿੱਖ ਜਥੇਬੰਦੀਆਂ ਪੰਥਕ ਅਸੈਂਬਲੀ ਅਤੇ ਪੰਥਕ ਤਾਲਮੇਲ ਸੰਗਠਨ ਨੇ ਵੀ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੱਤਰ ਦੇ ਕੇ ਮੰਗ ਕੀਤੀ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਅਕਾਲ ਤਖ਼ਤ ਦੇ ਹੁਕਮਨਾਮੇ ਤੇ ਅਮਲ ਸਬੰਧੀ ਰਿਪੋਰਟ ਨੂੰ ਸਿੱਖ ਸੰਗਤ ਵਿੱਚ ਜਨਤਕ ਕੀਤਾ ਜਾਵੇ।

ਚਰਚਾ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਿਦੇਸ਼ ਦੌਰੇ ’ਤੇ ਜਾਣਾ ਸੀ ਪਰ ਚੱਲ ਰਹੇ ਇਸ ਵਿਵਾਦ ਕਾਰਨ ਉਨ੍ਹਾਂ ਆਪਣਾ ਦੌਰਾ ਰੱਦ ਕਰ ਦਿੱਤਾ ਹੈ ਅਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਇਸ ਮਾਮਲੇ ਵਿੱਚ ਮੀਡੀਆ ਕੋਲ ਸਪਸ਼ਟ ਵੀ ਕਰ ਚੁੱਕੇ ਹਨ ਕਿ ਸ੍ਰੀ ਅਕਾਲ ਤਖ਼ਤ ਤੋਂ ਜਾਰੀ ਕੀਤੇ ਗਏ ਹੁਕਮਨਾਮੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ, ਫ਼ਸੀਲ ਤੋਂ ਬਣਾਈ ਗਈ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਦੀ ਹੋਂਦ ਕਾਇਮ ਹੈ ਅਤੇ ਉਸ ਨੂੰ ਕਾਰਜਸ਼ੀਲ ਹੋਣਾ ਚਾਹੀਦਾ ਹੈ।

 

Related posts

Russia Ukraine Conflict : ਜੰਗ ‘ਚ ਵੱਡੀ ਗਿਣਤੀ ‘ਚ ਰੂਸੀ ਸੈਨਿਕਾਂ ਦੀ ਮੌਤ, ਕ੍ਰੇਮਲਿਨ ਨੇ ਬਿਆਨ ਕੀਤਾ ਜਾਰੀ

On Punjab

Queen Elizabeth II Funeral : ਬਾਬਾ ਵੇਂਗਾ ਦੀ ਗੱਲ ਛੱਡੋ, ਐਲਿਜ਼ਾਬੈੱਥ ਦੀ ਮੌਤ ਨੂੰ ਲੈ ਕੇ ਸੱਚ ਸਾਬਿਤ ਹੋਈ ਇਹ ਭਵਿੱਖਬਾਣੀ !

On Punjab

ਸਿੱਖ ਕਤਲੇਆਮ ਦੀ ਜਾਂਚ ਲਈ ਯੂਪੀ ਸਰਕਾਰ ਵੱਲੋਂ ਵੀ ਸਿੱਟ ਕਾਇਮ

Pritpal Kaur