ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ 1 ਫਰਵਰੀ ਤੋਂ ਅਟਾਰੀ ਵਿਚ ਭਾਰਤ-ਪਾਕਿਸਤਾਨ ਸਰਹੱਦ ਤੋਂ ਸ਼ੁਰੂ ਹੋਵੇਗੀ ਅਤੇ ਇਹ ਇਕ ਮਹੀਨੇ ਵਿਚ 43 ਹਲਕਿਆਂ ਵਿਚ ਜਾਵੇਗੀ। ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਸੀਨੀਅਰ ਲੀਡਰਸ਼ਿਪ ਦੇ ਨਾਲ ਮਿਲ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਯਾਤਰਾ ਸ਼ੁਰੂ ਕਰਨਗੇ।ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਯਾਤਰਾ ਦੌਰਾਨ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੂੰ ਬੇਨਕਾਬ ਕੀਤਾ ਜਾਵੇਗਾ ਤੇ ਦੱਸਿਆ ਜਾਵੇਗਾ ਕਿ ਕਿਵੇਂ ਸਮੇਂ ਦੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਸੂਬੇ ਦਾ ਵਿਕਾਸ ਕਰਵਾਇਆ। ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਨੇ ਕੀਤੇ ਸਾਰੇ ਵਾਅਦੇ ਵਿਸਾਰ ਕੇ ਪੰਜਾਬੀਆਂ ਨਾਲ ਧਰੋਹ ਕਮਾਇਆ ਹੈ ਅਤੇ ਨਾ ਤਾਂ ਕੋਈ ਵੀ ਵਿਕਾਸ ਕਾਰਜ ਕੀਤਾ ਤੇ ਰੋਜ਼ਗਾਰ ਦਿੱਤਾ ਅਤੇ ਨਾ ਹੀ ਕਿਸਾਨਾਂ, ਵਪਾਰੀਆਂ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਦਸ਼ਾ ਸੁਧਾਰਨ ਵਾਸਤੇ ਕੱਖ ਵੀ ਨਹੀਂ ਕੀਤਾ। ਉਹਨਾਂ ਕਿਹਾ ਕਿ ਅਸੀਂ ਹਰ ਹਲਕੇ ਵਿਚ ਜਾਵਾਂਗੇ ਤੇ ਅਕਾਲੀ ਦਲ ਦੇ ਪ੍ਰਧਾਨ ਇਕ ਦਿਨ ਵਿਚ ਦੋ ਹਲਕੇ ਕਵਰ ਕਰਨਗੇ। ਅਸੀਂ ਲੋਕਾਂ ਨੂੰ ਦੱਸਾਂਗੇ ਕਿ ਕਾਂਗਰਸ ਤੇ ਆਪ ਸਰਕਾਰ ਨੇ ਕੀ ਕੀਤਾ ਹੈ ਤੇ ਲੋਕਾਂ ਨੂੰ ਉਹਨਾਂ ਦੀ ਕਾਰਗੁਜ਼ਾਰੀ ਦੀ ਤੁਲਨ ਅਕਾਲੀ ਦਲ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਨਾਲ ਤੁਲਨਾ ਕਰਨ ਵਾਸਤੇ ਆਖਾਂਗੇ।