US Coronavirus Update: ਵਾਸ਼ਿੰਗਟਨ: ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ । ਜਿਸ ਕਾਰਨ ਪਿਛਲੇ 24 ਘੰਟਿਆਂ ਵਿੱਚ ਇੱਥੇ 2,502 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 61,656 ਹੋ ਗਈ ਹੈ । ਇਸ ਤੋਂ ਪਹਿਲਾਂ ਬੁੱਧਵਾਰ ਨੂੰ ਇੱਥੇ 2200 ਲੋਕਾਂ ਦੀ ਮੌਤ ਹੋਈ ਸੀ । ਵਰਲਡ ਮੀਟਰ ਅਨੁਸਾਰ ਅਮਰੀਕਾ ਵਿੱਚ ਹੁਣ ਤੱਕ 10,64,194 ਲੋਕ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਚੁੱਕੇ ਹਨ ।
ਜਿਸ ਤਰ੍ਹਾਂ ਹਰ ਰੋਜ਼ ਅਮਰੀਕਾ ਵਿਚ ਹਜ਼ਾਰਾਂ ਲੋਕ ਮਰ ਰਹੇ ਹਨ, ਇਸ ਨਾਲ ਟਰੰਪ ਸਰਕਾਰ ਦੀਆਂ ਮੁਸ਼ਕਿਲਾਂ ਵਿੱਚ ਹੋਰ ਵੀ ਵਾਧਾ ਹੋ ਰਿਹਾ ਹੈ । ਇਸ ਤੋਂ ਇਲਾਵਾ ਅਮਰੀਕਾ ਵਿੱਚ 8,55,127 ਐਕਟਿਵ ਕੇਸ ਹਨ, ਜਦਕਿ 18,671 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ । ਇਸ ਵਾਇਰਸ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਅਮਰੀਕਾ ਦੇ ਨਿਊਯਾਰਕ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ 3 ਲੱਖ ਤੋਂ ਵੱਧ ਲੋਕ ਪੀੜਤ ਹੋ ਚੁੱਕੇ ਹਨ, ਜਦਕਿ 23 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ।
ਇਸ ਤੋਂ ਬਾਅਦ ਨਿਊਜਰਸੀ ਵਿੱਚ ਵੀ 1 ਲੱਖ ਤੋਂ ਵੱਧ ਲੋਕ ਇਸ ਵਾਇਰਸ ਦੀ ਲਪੇਟ ਵਿੱਚ ਆ ਚੁੱਕੇ ਹਨ, ਜਦਕਿ ਇਨ੍ਹਾਂ ਵਿੱਚੋਂ 6 ਹਜ਼ਾਰ ਤੋਂ ਜ਼ਿਆਦਾ ਲੋਕ ਆਪਣੀ ਜਾਨ ਗੁਆ ਚੁੱਕੇ ਹਨ । ਅਮਰੀਕਾ ਤੋਂ ਬਾਅਦ ਸਭ ਤੋਂ ਵੱਧ ਪ੍ਰਭਾਵਿਤ ਸਪੇਨ ਹੈ, ਜਿੱਥੇ 2,36,899 ਲੋਕ ਪੀੜਤ ਹੋਏ ਹਨ ਅਤੇ 24,275 ਲੋਕਾਂ ਦੀ ਮੌਤ ਹੋ ਗਈ ਹੈ ।
ਦੱਸ ਦੇਈਏ ਕਿ ਚੀਨ ਤੋਂ ਫੈਲੇ ਇਸ ਵਾਇਰਸ ਕਾਰਨ ਪੂਰੀ ਦੁਨੀਆ ਵਿੱਚ 32 ਲੱਖ ਲੋਕ ਪੀੜਤ ਹੋ ਚੁੱਕੇ ਹਨ ਜਦਕਿ ਪੀੜਤਾਂ ਦਾ ਤੀਜਾ ਹਿੱਸਾ ਸਿਰਫ ਅਮਰੀਕਾ ਵਿੱਚ ਹੀ ਹੈ । ਜੌਹਨ ਹੌਪਿੰਕਸ ਯੂਨੀਵਰਸਿਟੀ ਮੁਤਾਬਕ ਵਿਸ਼ਵ ਭਰ ਵਿਚ 31,90,743 ਲੋਕ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਹਨ ਅਤੇ ਹੁਣ ਤੱਕ ਕੁੱਲ 2,27,368 ਲੋਕਾਂ ਦੀ ਮੌਤ ਹੋ ਚੁੱਕੀ ਹੈ ।