ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ । ਜਿਸ ਵਿੱਚ ਇਮਰਾਨ ਖਾਨ ਨੇ ਕਿਹਾ ਹੈ ਕਿ ਪਾਕਿਸਤਾਨ ਨੇ 9/11 ਹਮਲਿਆਂ ਤੋਂ ਬਾਅਦ ਅਮਰੀਕਾ ਦਾ ਸਾਥ ਦੇ ਕੇ ਬਹੁਤ ਵੱਡੀ ਗਲਤੀ ਕੀਤੀ ਹੈ । ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੂੰ ਉਹ ਵਾਅਦਾ ਨਹੀਂ ਕਰਨਾ ਚਾਹੀਦਾ ਸੀ, ਜਿਸ ਨੂੰ ਉਹ ਪੂਰਾ ਨਹੀਂ ਕਰ ਸਕੀਆਂ । ਇਸ ਤੋਂ ਇਲਾਵਾ ਇਮਰਾਨ ਖ਼ਾਨ ਨੇ ਕਿਹਾ ਕਿ ਉਹ ਕੌਮਾਂਤਰੀ ਭਾਈਚਾਰੇ ਤੋਂ ਘੱਟੋ-ਘੱਟ ਇਹ ਆਸ ਰੱਖਦੇ ਹਨ ਕਿ ਉਹ ਭਾਰਤ ਨੂੰ ਕਸ਼ਮੀਰ ਵਿਚੋਂ ਕਰਫ਼ਿਊ ਹਟਾਉਣ ਦੀ ਅਪੀਲ ਕਰਨ ।ਦਰਅਸਲ, ਇਮਰਾਨ ਖ਼ਾਨ ਨੇ ਕਿਹਾ ਕਿ ਭਾਰਤ ਨੇ ਧਾਰਾ-370 ਦੀਆਂ ਵਿਵਸਥਾਵਾਂ ਨੂੰ ਰੱਦ ਕਰ ਕੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦੇ ਪ੍ਰਸਤਾਵ ਅਤੇ ਆਪਣੇ ਖ਼ੁਦ ਦੇ ਸੰਵਿਧਾਨ ਨੂੰ ਹੀ ਲਾਂਭੇ ਕੀਤਾ ਹੈ । ਉਨ੍ਹਾਂ ਕਿਹਾ ਕਿ ਪਾਕਿਸਤਾਨ ਕਸ਼ਮੀਰ ਦੇ ਮੁੱਦੇ ਨੂੰ ਕੌਮਾਂਤਰੀ ਮੰਚਾਂ ‘ਤੇ ਉਠਾਉਣ ਦਾ ਯਤਨ ਕਰਦਾ ਰਿਹਾ ਹੈ, ਪਰ ਭਾਰਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਧਾਰਾ 370 ਦੀਆਂ ਵਿਵਸਥਾਵਾਂ ਨੂੰ ਰੱਦ ਕੀਤਾ ਜਾਣਾ ਉਨ੍ਹਾਂ ਦਾ ਅੰਦਰੂਨੀ ਮਾਮਲਾ ਹੈ ।ਇਸ ਮਾਮਲੇ ਵਿੱਚ ਸਾਬਕਾ ਅਮਰੀਕੀ ਰੱਖਿਆ ਮੰਤਰੀ ਜੇਮਸ ਮੈਟਿਸ ਨੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਉਹ ਪਾਕਿਸਤਾਨ ਨੂੰ ਉਨ੍ਹਾਂ ਸਾਰੇ ਦੇਸ਼ਾਂ ਵਿੱਚ ਸਭ ਤੋਂ ਵੱਧ ਖ਼ਤਰਨਾਕ ਮੰਨਦੇ ਹਨ, ਜਿਨ੍ਹਾਂ ਨਾਲ ਉਨ੍ਹਾਂ ਦਾ ਕਦੇ ਰਾਬਤਾ ਕਾਇਮ ਹੋਇਆ ਹੈ ।ਦੱਸ ਦੇਈਏ ਕਿ ਇਮਰਾਨ ਖਾਨ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪਾਕਿਸਤਾਨ ਨੇ 11 ਸਤੰਬਰ, 2001 ਨੂੰ ਅਮਰੀਕਾ ਵਿੱਚ ਅਲਕਾਇਦਾ ਦੇ ਹਮਲਿਆਂ ਤੋਂ ਬਾਅਦ ਅੱਤਵਾਦ ਵਿਰੁੱਧ ਜੰਗ ਵਿੱਚ ਅਮਰੀਕਾ ਦਾ ਸਾਥ ਦੇ ਕੇ ਵੱਡੀ ਗਲਤੀ ਕੀਤੀ ਸੀ । ਉਨ੍ਹਾਂ ਨੇ ਪਰਵੇਜ਼ ਮੁਸ਼ੱਰਫ਼ ਵੱਲੋਂ ਅਮਰੀਕਾ ਦਾ ਸਾਥ ਦੇਣ ਦੇ ਫ਼ੈਸਲੇ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਪਿਛਲੀਆਂ ਸਰਕਾਰਾਂ ਨੂੰ ਉਹ ਵਾਅਦਾ ਨਹੀਂ ਕਰਨਾ ਚਾਹੀਦਾ ਸੀ, ਜਿਸ ਨੂੰ ਉਹ ਕਦੀ ਪੂਰਾ ਨਹੀਂ ਕਰ ਸਕਦੀਆਂ ਸਨ ।