ਨਵੀਂ ਦਿੱਲੀ: ਅਯੁੱਧਿਆ ਮਾਮਲੇ ‘ਚ ਸੁਪਰੀਮ ਕੋਰਟ ਦੇ ਸਾਹਮਣੇ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਅਲਰਟ ਰਹਿਣ ਲਈ ਕਿਹਾ ਹੈ। ਇਸ ਦੇ ਨਾਲ ਹੀ ਸੂਬਿਆਂ ਨੂੰ ਸੰਵੇਦਨਸ਼ੀਲ ਖੇਤਰਾਂ ‘ਚ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਗ੍ਰਹਿ ਮੰਤਰਾਲੇ ਨੇ ਯੂਪੀ, ਖਾਸ ਕਰਕੇ ਅਯੁੱਧਿਆ ‘ਚ 4000 ਅਰਧ ਸੈਨਿਕ ਬਲਾਂ ਨੂੰ ਭੇਜਿਆ ਹੈ।
ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਸਲਾਹ ਜਾਰੀ ਕੀਤੀ ਹੈ। ਇਸ ‘ਚ ਕਿਹਾ ਗਿਆ ਕਿ ਸਾਰੇ ਸੰਵੇਦਨਸ਼ੀਲ ਖੇਤਰਾਂ ‘ਚ ਲੋੜੀਂਦੇ ਸੁਰੱਖਿਆ ਬਲ ਤਾਇਨਾਤ ਕੀਤੇ ਜਾਣ। ਇਸ ਦੇ ਨਾਲ ਹੀ ਸੂਬਿਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਦੇਸ਼ ‘ਚ ਕਿਤੇ ਵੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਦੱਸ ਦੇਈਏ ਕਿ ਸੁਪਰੀਮ ਕੋਰਟ ਨੇ 6 ਅਗਸਤ ਤੋਂ ਰੋਜ਼ਾਨਾ ਸੁਣਵਾਈ ਕਰਨ ਦਾ ਫੈਸਲਾ ਕੀਤਾ ਸੀ। 16 ਅਕਤੂਬਰ, 2019 ਨੂੰ ਸੁਪਰੀਮ ਕੋਰਟ ਨੇ ਇਸ ਕੇਸ ਦੀ ਸੁਣਵਾਈ ਪੂਰੀ ਕੀਤੀ। ਯਾਨੀ 40 ਦਿਨਾਂ ਵਿੱਚ ਸੁਪਰੀਮ ਕੋਰਟ ਨੇ ਸਾਰੀਆਂ ਧਿਰਾਂ ਬਾਰੇ ਵਿਸਥਾਰ ਨਾਲ ਸੁਣਵਾਈ ਕੀਤੀ। ਸੁਪਰੀਮ ਕੋਰਟ ਦੇ ਇਤਿਹਾਸ ‘ਚ ਇਹ ਦੂਜੀ ਸਭ ਤੋਂ ਲੰਬੀ ਸੁਣਵਾਈ ਸੀ।