ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਤਿਹਾੜ ਜੇਲ੍ਹ ਜਾਣ ਤੋਂ ਬਾਅਦ ਕੀ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦਿੱਲੀ ਦੀ ਅਗਲੀ ਮੁੱਖ ਮੰਤਰੀ ਬਣਨ ਜਾ ਰਹੀ ਹੈ? ਦਰਅਸਲ ‘ਆਪ’ ਵਿਧਾਇਕ ਮੰਗਲਵਾਰ ਦੁਪਹਿਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਉਨ੍ਹਾਂ ਨੂੰ ਮਿਲਣ ਪਹੁੰਚੇ, ਜਿਸ ਨਾਲ ਇਨ੍ਹਾਂ ਅਟਕਲਾਂ ਨੂੰ ਬਲ ਮਿਲਿਆ।
ਹਾਲਾਂਕਿ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨਿਵਾਸ ਤੋਂ ਬਾਹਰ ਆਏ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਇੱਕ ਆਵਾਜ਼ ਵਿੱਚ ਕਿਹਾ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਹਨ ਅਤੇ ਰਹਿਣਗੇ। ‘ਆਪ’ ਵਿਧਾਇਕਾਂ ਨੇ ਕਿਹਾ, ‘CM ਕੇਜਰੀਵਾਲ ਨੂੰ ਜੇਲ੍ਹ ‘ਚੋਂ ਹੀ ਸਰਕਾਰ ਚਲਾਉਣੀ ਚਾਹੀਦੀ ਹੈ। ਇਹ ਸੰਦੇਸ਼ ਸੁਨੀਤਾ ਕੇਜਰੀਵਾਲ ਨੂੰ ਅਰਵਿੰਦ ਕੇਜਰੀਵਾਲ ਤੱਕ ਪਹੁੰਚਾਉਣ ਲਈ ਦਿੱਤਾ ਗਿਆ ਹੈ।
ਦੱਸ ਦਈਏ ਕਿ ਆਬਕਾਰੀ ਨੀਤੀ ਮਾਮਲੇ ਵਿਚ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਸੀਐਮ ਕੇਜਰੀਵਾਲ ਨੂੰ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਅਜਿਹੇ ‘ਚ ਸਵਾਲ ਇਹ ਉੱਠਿਆ ਹੈ ਕਿ ਸੀ.ਐੱਮ ਕੇਜਰੀਵਾਲ ਜੇਲ੍ਹ ‘ਚੋਂ ਸਰਕਾਰ ਕਿਵੇਂ ਚਲਾਉਣਗੇ?
ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਨੇ ਦਾਅਵਾ ਕੀਤਾ ਹੈ ਕਿ ਕੇਜਰੀਵਾਲ ਸਰਕਾਰ ਦੀ ਅਗਵਾਈ ਕਰਦੇ ਰਹਿਣਗੇ, ਚਾਹੇ ਉਨ੍ਹਾਂ ਨੂੰ ਕਿੰਨਾ ਵੀ ਸਮਾਂ ਜੇਲ੍ਹ ਵਿੱਚ ਰਹਿਣਾ ਪਵੇ। ਹਾਲਾਂਕਿ ਮਾਹਿਰਾਂ ਦਾ ਕਹਿਣਾ ਹੈ ਕਿ ਕੇਜਰੀਵਾਲ ਦੀ ਗੈਰ-ਹਾਜ਼ਰੀ ਦਾ ਦਿੱਲੀ ਦੇ ਸ਼ਾਸਨ ‘ਤੇ ਤੁਰੰਤ ਪ੍ਰਭਾਵ ਨਹੀਂ ਪਵੇਗਾ, ਪਰ ਜੇਕਰ ਲੋਕ ਸਭਾ ਚੋਣਾਂ ਤੋਂ ਬਾਅਦ ਆਦਰਸ਼ ਚੋਣ ਜ਼ਾਬਤਾ ਹਟਾ ਦਿੱਤਾ ਜਾਂਦਾ ਹੈ ਤਾਂ ਚੁਣੌਤੀਆਂ ਖੜ੍ਹੀਆਂ ਹੋ ਸਕਦੀਆਂ ਹਨ।