ਚੰਡੀਗੜ੍ਹ-ਚੰਡੀਗੜ੍ਹ ਸ਼ਹਿਰ ਦੀ ਨਵੀਂ ਚੁਣੀ ਗਈ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਪਹਿਲੇ ਦਿਨ ਹੀ ਇੱਥੇ ਡੱਡੂਮਾਜਰਾ ਡੰਪਿੰਗ ਗਰਾਊਂਡ ਅਤੇ ਵਿਰਾਸਤੀ ਮਾਈਨਿੰਗ ਸਾਈਟ ਦਾ ਦੌਰਾ ਕਰਕੇ ਕੂੜਾ ਪ੍ਰਬੰਧਨ ਅਤੇ ਬਾਇਓ-ਮਾਈਨਿੰਗ ਪ੍ਰਾਜੈਕਟ ਦੇ ਪ੍ਰਗਤੀ ਕਾਰਜਾਂ ਦਾ ਜਾਇਜ਼ਾ ਲਿਆ। ਸ਼ਹਿਰ ਵਿੱਚ ਰਹਿੰਦ-ਖੂੰਹਦ ਪ੍ਰਬੰਧਨ ਨੂੰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਮੇਅਰ ਹਰਪਪ੍ਰੀਤ ਕੌਰ ਬਬਲਾ ਨੇ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮਿਲ ਕੇ ਰਹਿੰਦ-ਖੂੰਹਦ ਪ੍ਰਬੰਧਨ ਅਤੇ ਬਾਇਓ-ਮਾਈਨਿੰਗ ਪ੍ਰਾਜੈਕਟ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕੀਤਾ। ਮੇਅਰ ਹਰਪ੍ਰੀਤ ਕੌਰ ਬਬਲਾ ਨੇ ਦੱਸਿਆ ਕਿ ਇਸ ਦੌਰੇ ਦਾ ਮੁੱਖ ਉਦੇਸ਼ ਡੱਡੂ ਮਾਜਰਾ ਡੰਪਿੰਗ ਗਰਾਉਡ ਵਿਖੇ ਚੱਲ ਰਹੀਆਂ ਰਹਿੰਦ-ਖੂੰਹਦ ਦੇ ਨਿਪਟਾਰੇ ਦੀਆਂ ਪ੍ਰਕਿਰਿਆਵਾਂ ਦੀ ਸਮੀਖਿਆ ਕਰਨਾ ਅਤੇ ਸਾਈਟ ਦੀ ਸਮਰੱਥਾ ਵਧਾਉਣ ਦੇ ਤਰੀਕਿਆਂ ਦੀ ਪੜਚੋਲ ਕਰਨਾ ਸੀ। ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਮੇਅਰ ਹਰਪ੍ਰੀਤ ਕੌਰ ਬਬਲਾ ਨੂੰ ਡੰਪ ਸਾਈਟ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ। ਕਮਿਸ਼ਨਰ ਨੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਕਰਨ ਦੀ ਪ੍ਰਕਿਰਿਆ ਬਾਰੇ ਦੱਸਿਆ। ਕਮਿਸ਼ਨਰ ਅਮਿਤ ਕੁਮਾਰ ਨੇ ਸਾਈਟ ’ਤੇ ਰੋਜ਼ਾਨਾ ਰਹਿੰਦ-ਖੂੰਹਦ ਦੀ ਪ੍ਰੋਸੈਸਿੰਗ ਨੂੰ ਯਕੀਨੀ ਬਣਾਉਣ ਲਈ ਚੱਲ ਰਹੇ ਯਤਨਾਂ ’ਤੇ ਵੀ ਚਾਨਣਾ ਪਾਇਆ।
previous post