ਆਸਟ੍ਰੇਲੀਆ ਦੀਆਂ ਦੋ ਹੋਰ ਯੂਨੀਵਰਸਿਟੀਆਂ ਨੇ ਭਾਰਤ ਦੇ ਕੁਝ ਸੂਬਿਆਂ ਦੇ ਵਿਦਿਆਰਥੀਆਂ ਦੇ ਦਾਖਲੇ ’ਤੇ ਪਾਬੰਦੀ ਲਾ ਦਿੱਤੀ ਹੈ। ਮੀਡੀਆ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਇਹ ਕਦਮ ਫ਼ਰਜ਼ੀ ਵੀਜ਼ਾ ਅਰਜ਼ੀਆਂ ਦੇ ਮਾਮਲਿਆਂ ’ਚ ਵਾਧੇ ਦੇ ਕਾਰਨ ਚੁੱਕਿਆ ਗਿਆ ਹੈ। ਇਸ ਤੋਂ ਪਹਿਲਾਂ ਆਸਟ੍ਰੇਲੀਆ ਦੀਆਂ ਪੰਜ ਯੂਨੀਵਰਸਿਟੀਆਂ ਨੇ ਕੁਝ ਭਾਰਤੀ ਸੂਬਿਆਂ ਦੇ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ ਲਾਈ ਸੀ।
ਸਿਡਨੀ ਹੇਰਾਲਡ ਦੀ ਰਿਪੋਰਟ ਅਨੁਸਾਰ ਹੁਣ ਵਿਕਟੋਰੀਆ ਦੀ ਫੈਡਰਲ ਯੂਨੀਵਰਸਿਟੀ ਤੇ ਵੈਸਟਰਨ ਸਿਡਨੀ ਯੂਨੀਵਰਸਿਟੀ ਆਫ਼ ਨਿਊ ਸਾਊਥ ਵੇਲਜ਼ ਨੇ ਪਿਛਲੇ ਹਫ਼ਤੇ ਐਜੂਕੇਸ਼ਨ ਏਜੰਟ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਭਾਰਤ ਦੇ ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਨਾਲ ਹੀ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੂੰ ਫਿਲਹਾਲ ਦਾਖਲਾ ਨਹੀਂ ਦੇਵੇਗਾ। ਅਗਲੇਰੀ ਜਾਂਚ ਤੋਂ ਬਾਅਦ ਫੈਸਲਾ ਕੀਤਾ ਜਾਵੇਗਾ। ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਟ੍ਰੇਲੀਆ ਦੇ ਦੌਰੇ ’ਤੇ ਹਨ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਹੋਰ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਤਜਰਬਾ ਹਾਸਲ ਕਰਨ ਲਈ ਇਕ ਦੂਜੇ ਕੋਲ ਭੇਜਾਂਗੇ। ਇਸ ਦੇ ਨਾਲ ਹੀ ਦੋਵਾਂ ਦੇਸ਼ਾਂ ਨੇ ਵਿਦਿਆਰਥੀਆਂ, ਖੋਜੀਆਂ ਅਤੇ ਕਾਰੋਬਾਰੀਆਂ ਨੂੰ ਇਕ-ਦੂਜੇ ਦੇ ਦੇਸ਼ ਜਾਣ ਲਈ ਉਤਸ਼ਾਹਿਤ ਕਰਨ ਲਈ ਮਾਈਗ੍ਰੇਸ਼ਨ ਅਤੇ ਮੋਬਿਲਟੀ ਪਾਰਟਨਰਸ਼ਿਪ ਸਮਝੌਤੇ ’ਤੇ ਹਸਤਾਖਰ ਕੀਤੇ ਹਨ।