ਲੁਧਿਆਣਾ-ਇੱਥੋਂ ਦੇ ਜਵਾਹਰ ਨਗਰ ਸਥਿਤ ਲੜਕਿਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਕੂਲ ਆਫ ਐਮੀਨੈਂਸ) ਦੇ ਵਿਦਿਆਰਥੀਆਂ ਨੂੰ ਬੋਰਡ ਦੀਆਂ ਪ੍ਰੀਖਿਆਵਾਂ ਤੋਂ ਕੁਝ ਦਿਨ ਪਹਿਲਾਂ ਕਲਾਸਾਂ ਵਿੱਚ ਜਾਣ ਦੀ ਬਜਾਏ ਰੇਤ ਦੇ ਬੋਰੇ ਇੱਕ ਉਸਾਰੀ ਵਾਲੀ ਥਾਂ ’ਤੇ ਲਿਜਾਣ ਲਈ ਕਿਹਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਹ ਲਗਾਤਾਰ ਤੀਜਾ ਜਾਂ ਚੌਥਾ ਦਿਨ ਹੈ ਜਦੋਂ ਵਿਦਿਆਰਥੀਆਂ ਨੂੰ ਅਜਿਹਾ ਕਰਨ ਲਈ ਕਿਹਾ ਗਿਆ ਕਿਉਂਕਿ ਸਕੂਲ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਹੈ।
ਇਕ ਮਾਤਾ-ਪਿਤਾ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ’ਤੇ ਦੱਸਿਆ, ”ਅਸੀਂ ਆਪਣੇ ਬੱਚਿਆਂ ਨੂੰ ਪੜ੍ਹਨ ਲਈ ਭੇਜਦੇ ਹਾਂ ਪਰ ਉਨ੍ਹਾਂ ਨੂੰ ਮਜ਼ਦੂਰਾਂ ਵਾਂਗ ਕੰਮ ਕਰਨ ਲਈ ਕਿਹਾ ਜਾਂਦਾ ਹੈ। ਜੇਕਰ ਸਰਕਾਰ ਨੇ ਸਕੂਲ ਦਾ ਕੰਮ ਚਲਾਉਣਾ ਹੈ, ਤਾਂ ਉਸ ਨੂੰ ਮਜ਼ਦੂਰਾਂ ਨੂੰ ਰੁਜ਼ਗਾਰ ਦੇਣਾ ਚਾਹੀਦਾ ਹੈ। ਦਸਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਕਿਹਾ ਕਿ ਸਕੂਲ ਲਈ ਇਹ ਕੰਮ ਕਰਨ ਵਿੱਚ ਕੋਈ ਨੁਕਸਾਨ ਨਹੀਂ ਹੈ ਪਰ ਬੋਰਡ ਦੀਆਂ ਪ੍ਰੀਖਿਆਵਾਂ ਨੇੜੇ ਹੋਣ ਕਾਰਨ ਉਨ੍ਹਾਂ ਨੂੰ ਪੜ੍ਹਾਈ ਵੱਲ ਧਿਆਨ ਦੇਣ ਦੀ ਲੋੜ ਹੈ।
ਵਿਦਿਆਰਥੀ ਨੇ ਅੱਗੇ ਕਿਹਾ, “ਸਾਡੇ ਕੋਲ ਬਹੁਤ ਸਾਰੇ ਸ਼ੰਕੇ ਹਨ ਜਿਨ੍ਹਾਂ ਨੂੰ ਦੂਰ ਕਰਨ ਦੀ ਲੋੜ ਹੈ, ਸਾਡੀਆਂ ਵਰਦੀਆਂ ਰੇਤ ਦੇ ਥੈਲੇ ਚੁੱਕਣ ਵੇਲੇ ਗੰਦੀਆਂ ਹੋ ਜਾਂਦੀਆਂ ਹਨ ਪਰ ਅਸੀਂ ਉਹੀ ਕਰਦੇ ਹਾਂ ਜੋ ਸਾਡੇ ਅਧਿਆਪਕ ਸਾਨੂੰ ਕਰਨ ਲਈ ਕਹਿੰਦੇ ਹਨ।
ਹਲਾਂਕਿ ਅਧਿਆਪਕ ਇਸ ਮੁੱਦੇ ‘ਤੇ ਚੁੱਪ ਰਹੇ। ਇਸ ਸਬੰਧੀ ਸੰਪਰਕ ਕਰਨ ’ਤੇ ਪ੍ਰਿੰਸੀਪਲ ਕੁਲਦੀਪ ਸਿੰਘ ਨੇ ਕਿਹਾ ਕਿ ਨਵੇਂ ਪਖਾਨੇ ਬਣਾਉਣ ਦਾ ਕੰਮ ਚੱਲ ਰਿਹਾ ਹੈ। ਜਦੋਂ ਉਨ੍ਹਾਂ ਨੂੰ ਮਜ਼ਦੂਰਾਂ ਵਜੋਂ ਕੰਮ ਕਰਨ ਵਾਲੇ ਵਿਦਿਆਰਥੀਆਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ। ਪਰ ਤਸਵੀਰਾਂ ਦਾ ਸਾਹਮਣਾ ਕਰਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰਨਗੇ। ਇਸ ਮਾਮਲੇ ਸਬੰਘੀ ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜੂਦ ਡੀਈਓ (ਸੈਕੰਡਰੀ) ਡਿੰਪਲ ਮਦਾਨ ਟਿੱਪਣੀ ਲਈ ਉਪਲਬਧ ਨਹੀਂ ਸਨ।