ਪਾਕਿਸਤਾਨ ਦੇ ਸੱਦੇ ‘ਤੇ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਦੇ ਕਾਰਜਕਾਰੀ ਵਿਦੇਸ਼ ਮੰਤਰੀ ਜਲਦ ਹੀ ਪਾਕਿਸਤਾਨ ਦਾ ਦੌਰਾ ਕਰਨਗੇ। ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖਾਨ ਮੁਤਕੀ ਦਾ ਦੌਰਾ ਕਦੋਂ ਹੋਵੇਗਾ। ਫਿਲਹਾਲ ਉਨ੍ਹਾਂ ਦੇ ਦੌਰੇ ਦੇ ਏਜੰਡੇ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਸਪੁਤਨਿਕ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਤਾਲਿਬਾਨ ਸਰਕਾਰ ਦੇ ਕਾਰਜਕਾਰੀ ਵਿਦੇਸ਼ ਮੰਤਰੀ ਨੇ ਪਾਕਿਸਤਾਨ ਦਾ ਸੱਦਾ ਸਵੀਕਾਰ ਕਰ ਲਿਆ ਹੈ। ਦੱਸ ਦੇਈਏ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਦੇਸ਼ ਨੇ ਅਧਿਕਾਰਤ ਤੌਰ ‘ਤੇ ਤਾਲਿਬਾਨ ਸਰਕਾਰ ਦੇ ਕਿਸੇ ਮੰਤਰੀ ਨੂੰ ਇੱਥੇ ਆਉਣ ਦਾ ਸੱਦਾ ਦਿੱਤਾ ਹੈ।
ਰੂਸੀ ਸਮਾਚਾਰ ਏਜੰਸੀ ਮੁਤਾਬਕ ਅਕਤੂਬਰ ਦੇ ਅੰਤ ‘ਚ ਅਫ਼ਗਾਨਿਸਤਾਨ ‘ਚ ਤਾਲਿਬਾਨ ਸਰਕਾਰ ਦੇ ਗਠਨ ਤੋਂ ਬਾਅਦ ਪਾਕਿਸਤਾਨ ‘ਚ ਅਫ਼ਗਾਨ ਦੂਤਾਵਾਸ ਲਈ ਅੰਤਰਿਮ ਮੁਖੀ ਨਿਯੁਕਤ ਕੀਤਾ ਗਿਆ। ਅਫ਼ਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਅਤੇ ਇੱਥੇ ਆਪਣੀ ਸਰਕਾਰ ਬਣਨ ਤੋਂ ਬਾਅਦ ਪਾਕਿਸਤਾਨ ਨੇ ਅਫ਼ਗਾਨਿਸਤਾਨ ਨੂੰ ਮਨੁੱਖੀ ਆਧਾਰ ‘ਤੇ ਸਹਾਇਤਾ ਪ੍ਰਦਾਨ ਕੀਤੀ ਹੈ। ਇਸ ਵਿਚ ਖਾਣ ਪੀਣ ਦੀਆਂ ਵਸਤੂਆਂ ਅਤੇ ਦਵਾਈਆਂ ਸ਼ਾਮਲ ਹਨ। ਤਾਲਿਬਾਨ ਨੇ 15 ਅਗਸਤ 2021 ਨੂੰ ਕਾਬੁਲ ‘ਤੇ ਕਬਜ਼ਾ ਕਰ ਲਿਆ। ਕਾਬੁਲ ‘ਤੇ ਕਬਜ਼ਾ ਕਰਨ ਤੋਂ ਇਕ ਮਹੀਨੇ ਬਾਅਦ ਤਾਲਿਬਾਨ ਨੇ ਇੱਥੇ ਆਪਣੀ ਸਰਕਾਰ ਬਣਾਈ।
ਇਹ ਵੀ ਦੱਸ ਦੇਈਏ ਕਿ ਅਕਤੂਬਰ ਵਿਚ ਹੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅਫ਼ਗਾਨਿਸਤਾਨ ਦਾ ਦੌਰਾ ਕੀਤਾ ਸੀ ਅਤੇ ਤਾਲਿਬਾਨ ਸਰਕਾਰ ਦੇ ਮੰਤਰੀਆਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਕੁਰੈਸ਼ੀ ਨੇ ਅਫ਼ਗਾਨਿਸਤਾਨ ਦੀ ਨਵੀਂ ਸਰਕਾਰ ਨੂੰ ਮਨੁੱਖੀ ਆਧਾਰ ‘ਤੇ 218 ਮਿਲੀਅਨ ਡਾਲਰ ਦੀ ਮਦਦ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਦੀ ਸਥਿਤੀ ਬਹੁਤ ਖਰਾਬ ਹੈ। ਇਸ ਲਈ ਪਾਕਿਸਤਾਨ ਹਰ ਸੰਭਵ ਮਦਦ ਲਈ ਤਿਆਰ ਹੈ।
ਸਪੁਤਨਿਕ ਮੁਤਾਬਕ ਪਾਕਿਸਤਾਨ ਨੇ ਨਾ ਸਿਰਫ਼ ਤਾਲਿਬਾਨ ਸਰਕਾਰ ਨਾਲ ਸਬੰਧ ਮਜ਼ਬੂਤ ਕਰਨ ਲਈ ਅਫ਼ਗਾਨਿਸਤਾਨ ਲਈ ਆਪਣੀ ਹਵਾਈ ਸੇਵਾ ਸ਼ੁਰੂ ਕੀਤੀ ਸਗੋਂ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਵਧਾਉਣ ਲਈ ਵੀ ਕਦਮ ਚੁੱਕੇ। ਪਾਕਿਸਤਾਨ ਵੀ ਲਗਾਤਾਰ ਅਪੀਲ ਕਰ ਰਿਹਾ ਹੈ ਕਿ ਦੁਨੀਆ ਨੂੰ ਤਾਲਿਬਾਨ ਨਾਲ ਬਿਹਤਰ ਸਬੰਧ ਬਣਾਉਣੇ ਚਾਹੀਦੇ ਹਨ।