ਲਖਨਊ : ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਬੁੱਧਵਾਰ ਨੂੰ ਕਿਹਾ ਕਿ ਸੂਬੇ ਦੀ ਮੌਜੂਦਾ ਭਾਜਪਾ ਸਰਕਾਰ ਦੇ ਅਧੀਨ ਔਰਤਾਂ ਅਤੇ ਲੜਕੀਆਂ ਸਭ ਤੋਂ ਵੱਧ ਅਪਮਾਨਿਤ ਅਤੇ ਅਸੁਰੱਖਿਅਤ ਹਨ। ਇਸ ਦੌਰਾਨ ਮਹਿਲਾ ਸਸ਼ਕਤੀਕਰਨ ਸਿਰਫ਼ ਇੱਕ ਨਾਅਰਾ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਸਬੰਧੀ ਭਾਜਪਾ ਸਰਕਾਰ ਦੇ ਸਾਰੇ ਦਾਅਵੇ ਝੂਠੇ ਹਨ। ਸੂਬੇ ਦੀਆਂ 9 ਵਿਧਾਨ ਸਭਾ ਸੀਟਾਂ ‘ਤੇ 20 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ ਅਤੇ ਸਮਾਜਵਾਦੀ ਪਾਰਟੀ ਇਨ੍ਹਾਂ ਸਾਰੀਆਂ ਸੀਟਾਂ ‘ਤੇ ਚੋਣ ਲੜ ਰਹੀ ਹੈ, ਜਦਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਠ ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ ਅਤੇ ਉਸ ਦੀ ਭਾਈਵਾਲ ਰਾਸ਼ਟਰੀ ਲੋਕ ਦਲ ( RLD) ਇੱਕ ਸੀਟ ‘ਤੇ ਚੋਣ ਲੜ ਰਹੀ ਹੈ। ਸਮਾਜਵਾਦੀ ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਅਖਿਲੇਸ਼ ਯਾਦਵ ਨੇ ਕਿਹਾ ਕਿ ਭਾਜਪਾ ਸਰਕਾਰ ਕੋਲ ਔਰਤਾਂ ਦੇ ਸਸ਼ਕਤੀਕਰਨ ਅਤੇ ਸੁਰੱਖਿਆ ਲਈ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨ. ਸੀ. ਆਰ. ਬੀ.) ਦੇ ਅੰਕੜਿਆਂ ਤੋਂ ਸਪੱਸ਼ਟ ਹੈ ਕਿ ਦੇਸ਼ ‘ਚ ਔਰਤਾਂ ਵਿਰੁੱਧ ਅਪਰਾਧ ਦੀਆਂ ਸਭ ਤੋਂ ਵੱਧ ਘਟਨਾਵਾਂ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਦੇ ਅਧੀਨ ਹੋ ਰਹੀਆਂ ਹਨ।
ਭਾਜਪਾ ਸਰਕਾਰ ਔਰਤਾਂ ਵਿਰੁੱਧ ਅਪਰਾਧਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ। ਅਖਿਲੇਸ਼ ਨੇ ਕਿਹਾ ਕਿ ਸਮਾਜਵਾਦੀ ਪਾਰਟੀ ਦੀ ਸਰਕਾਰ ‘ਚ 18 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲੈਪਟਾਪ ਵੰਡੇ ਗਏ ਹਨ ਤਾਂ ਜੋ ਉਨ੍ਹਾਂ ਦੇ ਵਿਦਿਅਕ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ। ਇਸ ਦੇ ਨਾਲ ਹੀ ਭਾਜਪਾ ਦੇ ਚੋਣ ਮਨੋਰਥ ਪੱਤਰ ਵਿੱਚ ਲੈਪਟਾਪ ਦੇ ਨਾਲ ਵਾਈਫਾਈ ਦੀ ਸਹੂਲਤ ਦੇਣ ਦੇ ਦਿਖਾਏ ਗਏ ਸੁਪਨੇ ਸਿਰਫ਼ ਸੁਪਨੇ ਹੀ ਰਹਿ ਗਏ। ਸਪਾ ਮੁਖੀ ਨੇ ਕਿਹਾ ਕਿ ਸਮਾਜਵਾਦੀ ਸਰਕਾਰ ਵਿੱਚ 1.90 ਕਰੋੜ ਰੁਪਏ ਦੇ ਬਜਟ ਨਾਲ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਲਈ ਮੁਫ਼ਤ ਪਾਠ ਪੁਸਤਕਾਂ ਅਤੇ ਵਰਦੀਆਂ ਦਾ ਪ੍ਰਬੰਧ ਕੀਤਾ ਗਿਆ ਸੀ, ਨਾਲ ਹੀ ਧੀਆਂ ਨੂੰ ਇੰਟਰਮੀਡੀਏਟ ਤੱਕ ਮੁਫ਼ਤ ਸਿੱਖਿਆ ਦੇਣ ਦੀ ਵਿਵਸਥਾ ਕੀਤੀ ਗਈ ਸੀ।
ਮਾਤਰੀ ਸ਼ਿਸ਼ੂ ਜਨਨੀ ਸੁਰੱਖਿਆ ਯੋਜਨਾ ਤਹਿਤ ਔਰਤਾਂ ਅਤੇ ਬੱਚਿਆਂ ਲਈ ਪੌਸ਼ਟਿਕ ਭੋਜਨ ਦਾ ਪ੍ਰਬੰਧ ਕੀਤਾ ਗਿਆ। ਸਪਾ ਸਰਕਾਰ ਵਿੱਚ 55 ਲੱਖ ਔਰਤਾਂ ਨੂੰ ਸਮਾਜਵਾਦੀ ਪੈਨਸ਼ਨ ਦਿੱਤੀ ਗਈ। ਅਖਿਲੇਸ਼ ਨੇ ਕਿਹਾ ਕਿ ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾ ਕੇ ਲੋਕਾਂ ਦੀ ਜਾਨ ਬਚਾਉਣ ਲਈ 108 ਐਂਬੂਲੈਂਸ ਸੇਵਾ ਸ਼ੁਰੂ ਕੀਤੀ ਗਈ। ਔਰਤਾਂ ਦੀ ਸੁਰੱਖਿਆ ਲਈ 1090 ਵੂਮੈਨ ਪਾਵਰ ਲਾਈਨ ਸੇਵਾ ਸ਼ੁਰੂ ਕੀਤੀ ਗਈ। ਤੁਰੰਤ ਪੁਲਸ ਰਿਸਪਾਂਸ ਸਿਸਟਮ ਯੂਪੀ ਡਾਇਲ 100 ਸ਼ੁਰੂ ਕੀਤਾ ਗਿਆ ਸੀ। ਭਾਜਪਾ ਨੇ ਯੂਪੀ ਡਾਇਲ 100 ਸੇਵਾ ਨੂੰ 112 ਵਿੱਚ ਬਦਲ ਕੇ ਇਸ ਸੁਰੱਖਿਆ ਪ੍ਰਣਾਲੀ ਨੂੰ ਵੀ ਭ੍ਰਿਸ਼ਟਾਚਾਰੀ ਬਣਾ ਦਿੱਤਾ।