unnao rape case ਓਨਾਵ: ਮੌਜੂਦਾ ਸਮੇਂ ਵਿੱਚ ਬਲਾਤਕਾਰ ਦੇ ਬਹੁਤ ਮਾਮਲੇ ਦੇਖਣ ਨੂੰ ਮਿਲ ਰਹੇ ਹਨ। ਅਜਿਹਾ ਮਾਮਲਾ ਉਨਾਵ ਤੋਂ ਸਾਹਮਣੇ ਆਇਆ ਹੈ, ਜਿੱਥੇ ਮਨੁੱਖਤਾ ਇੱਕ ਵਾਰ ਫਿਰ ਸ਼ਰਮਸਾਰ ਹੋ ਗਈ ਹੈ । ਉਨਾਵ ਵਿੱਚ ਵੀਰਵਾਰ ਨੂੰ ਬਲਾਤਕਾਰ ਕੇਸ ਵਿੱਚ ਜ਼ਮਾਨਤ ‘ਤੇ ਰਿਹਾਅ ਹੋਏ ਦੋ ਮੁਲਜ਼ਮਾਂ ਨੇ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਬਲਤਾਕਾਰ ਪੀੜਤਾ ਨੂੰ ਮਿੱਟੀ ਦਾ ਤੇਲ ਪਾ ਕੇ ਜ਼ਿੰਦਾ ਸਾੜ ਦਿੱਤਾ । ਇਸ ਘਟਨਾ ਤੋਂ ਤੁਰੰਤ ਬਾਅਦ ਕੁੜੀ ਨੂੰ ਗੰਭੀਰ ਹਾਲਤ ਵਿੱਚ ਜ਼ਿਲ੍ਹਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ । ਜਿੱਥੇ ਉਸਦੀ ਗੰਭੀਰ ਹਾਲਾਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸਨੂੰ ਲਖਨਊ ਦੇ ਟਰਾਮਾ ਸੈਂਟਰ ਰੈਫਰ ਕਰ ਦਿੱਤਾ ਹੈ । ਮਿਲੀ ਜਾਣਕਾਰੀ ਅਨੁਸਾਰ ਪੀੜਤ 80 ਪ੍ਰਤੀਸ਼ਤ ਤੱਕ ਸੜ ਚੁੱਕੀ ਹੈ ।
ਦਰਅਸਲ, ਕੁਝ ਦਿਨ ਪਹਿਲਾਂ ਇਕ ਲੜਕੀ ਨਾਲ ਬਲਾਤਕਾਰ ਹੋਇਆ ਸੀ । ਜਿਸ ਕਾਰਨ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ । ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਨੂੰ ਪੀੜਤ ਜਦੋਂ ਇਸ ਕੇਸ ਦੀ ਪੈਰਵੀ ਕਰਨ ਲਈ ਰਾਏਬਰੇਲੀ ਜਾ ਰਹੀ ਸੀ ਤਾਂ ਦੋਵਾਂ ਮੁਲਜ਼ਮਾਂ ਅਤੇ ਉਸਦੇ ਤਿੰਨ ਸਾਥੀਆਂ ਨੇ ਪਿੰਡ ਦੇ ਬਾਹਰ ਖੇਤ ਵਿੱਚ ਪੀੜਤ ‘ਤੇ ਮਿੱਟੀ ਦਾ ਤੇਲ ਛਿੜਕ ਕੇ ਉਸਨੂੰ ਅੱਗ ਲਗਾ ਦਿੱਤੀ । ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਵਿੱਚ ਹਲਚਲ ਮਚ ਗਈ । ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪੀੜਤ ਨੂੰ ਜ਼ਿਲ੍ਹਾ ਹਸਪਤਾਲ ਪਹੁੰਚਾਇਆ ।
ਇਸ ਸਬੰਧੀ ਪੀੜਤ ਲੜਕੀ ਨੇ ਆਪਣੇ ਬਿਆਨ ਵਿੱਚ ਦੋਵਾਂ ਮੁਲਜ਼ਮਾਂ ਦਾ ਨਾਮ ਲਿਆ ਹੈ । ਜਿਨ੍ਹਾਂ ਨੂੰ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਇਸ ਸਬੰਧੀ ਡੀਜੀਪੀ ਓਪੀ ਸਿੰਘ ਨੇ ਦੱਸਿਆ ਕਿ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ । ਉਨ੍ਹਾਂ ਦੱਸਿਆ ਕਿ ਪੀੜਤ ਨੂੰ ਬਚਾਉਣ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਕ ਹੋਰ ਦੋਸ਼ੀ ਹਾਲੇ ਫਰਾਰ ਹੈ । ਫਿਲਹਾਲ [ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।