ਕਰਨਾਲ: ਕਿਸਾਨਾਂ ‘ਤੇ ਹੋਏ ਲਾਠੀਚਾਰਜ ਖ਼ਿਲਾਫ਼ ਕਿਸਾਨਾਂ ਦੇ ਐਕਸ਼ਨ ਨੂੰ ਵੇਖਦਿਆਂ ਹਰਿਆਣਾ ਸਰਕਾਰ ਨਰਮ ਪੈਂਦੀ ਨਜ਼ਰ ਆਈ। ਸਰਕਾਰ ਨੇ ਕਿਸਾਨਾਂ ਦੇ ਇਕੱਠ ਤੇ ਰੋਹ ਵੇਖਦਿਆਂ ਕਿਸਾਨਾਂ ਨੂੰ ਮੁੜ ਗੱਲਬਾਤ ਲਈ ਬੁਲਾ ਲਿਆ ਹੈ। ਸਰਕਾਰ ਵੱਲੋਂ ਸੋਮਵਾਰ ਨੂੰ ਵੀ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ ਸੀ ਪਰ ਦੋਵਾਂ ਧਿਰਾਂ ਵਿਚਾਲੇ ਕੋਈ ਸਹਿਮਤੀ ਨਹੀਂ ਬਣੀ ਸੀ।
ਇਸ ਲਈ ਕਰਨਾਲ ਦੇ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ਲਈ ਅੱਜ ਕਿਸਾਨ ਮਹਾਪੰਚਾਇਤ ਹੋ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ। ਕਿਸਾਨਾਂ ਦੇ ਇਕੱਠ ਨੂੰ ਵੇਖਦਿਆਂ ਸੁਰੱਖਿਆ ਬੰਦੋਬਸਤ ਮਜ਼ਬੂਤ ਕੀਤੇ ਗਏ ਹਨ। ਕਰਨਾਲ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਵਫ਼ਦ ਨੂੰ ਬੁਲਾਇਆ ਗਿਆ।
ਇਸ ਤੋਂ ਬਾਅਦ ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚੜੂਨੀ, ਯੋਗਿੰਦਰ ਯਾਦਵ, ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ, ਜੋਗਿੰਦਰ ਸਿੰਘ ਉਗਰਾਹਾਂ, ਦਲਜੀਤ ਸਿੰਘ ਡੱਲੇਵਾਲ, ਵਿਕਾਸ ਸਿਸਰ ਸਣੇ 11 ਆਗੂਆਂ ਦਾ ਵਫਦ ਪ੍ਰਸ਼ਾਸਨ ਨਾਲ ਗੱਲਬਾਤ ਲਈ ਸਕੱਤਰੇਤ ਗਿਆ ਹੈ। ਇਸ ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਸਕੱਤਰੇਤ ਦਾ ਘਿਰਾਉ ਕਰਨ ਦਾ ਫੈਸਲਾ ਲਵੇਗਾ।
ਦੱਸ ਦਈਏ ਕਿ ਕਰਨਾਲ ਜ਼ਿਲ੍ਹੇ ਵਿੱਚ ਇਹਤਿਆਤ ਵਜੋਂ ਧਾਰਾ 144 ਲਾਗੂ ਹੈ। ਇਸ ਤੋਂ ਇਲਾਵਾ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ ਕਰਨਾਲ, ਕੁਰੂਕਸ਼ੇਤਰ, ਕੈਥਲ, ਜੀਂਦ ਤੇ ਪਾਣੀਪਤ ’ਚ ਸੋਮਵਾਰ ਦੁਪਹਿਰ 12 ਵਜੇ ਤੋਂ ਮੰਗਲਵਾਰ ਰਾਤ 12 ਵਜੇ ਤੱਕ ਲਈ ਬੰਦ ਕਰ ਦਿੱਤੀਆਂ ਗਈਆਂ ਹਨ।
ਦੱਸਣਯੋਗ ਹੈ ਕਿ 28 ਅਗਸਤ ਨੂੰ ਕਰਨਾਲ ਵਿੱਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦਾ ਕਿਸਾਨਾਂ ਨੇ ਵਿਰੋਧ ਕੀਤਾ ਸੀ। ਇਸ ਦੌਰਾਨ ਐਸਡੀਐਮ ਨੇ ਪੁਲਿਸ ਨੂੰ ਕਿਸਾਨਾਂ ਦੇ ਸਿਰਾਂ ਨੂੰ ਨਿਸ਼ਾਨਾ ਬਣਾ ਕੇ ਲਾਠੀਚਾਰਜ ਕਰਨ ਦੇ ਹੁਕਮ ਦਿੱਤੇ ਸਨ। ਲਾਠੀਚਾਰਜ ’ਚ ਜ਼ਖ਼ਮੀ ਹੋਏ ਇਕ ਕਿਸਾਨ ਦੀ ਮੌਤ ਹੋ ਗਈ ਸੀ ਤੇ ਦਰਜਨ ਦੇ ਕਰੀਬ ਹੋਰ ਕਿਸਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਸਨ। ਕਿਸਾਨ ਜਥੇਬੰਦੀਆਂ ਨੇ ਲਾਠੀਚਾਰਜ ਦੇ ਆਦੇਸ਼ ਦੇਣ ਵਾਲੇ ਐਸਡੀਐਮ ਤੇ ਪੁਲੀਸ ਅਧਿਕਾਰੀਆਂ ’ਤੇ 6 ਸਤੰਬਰ ਤੱਕ ਕੇਸ ਦਰਜ ਦਾ ਅਲਟੀਮੇਟਮ ਦਿੱਤਾ ਸੀ।