ਪਾਤੜਾਂ-ਢਾਬੀ ਗੁੱਜਰਾਂ (ਖਨੋਰੀ) ਬਾਰਡਰ ਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਮੰਗਾ ਅਤੇ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਚੱਲ ਰਹੇ ਕਿਸਾਨ ਅੰਦੋਲਨ-2 ਦੇ 379 ਦਿਨ ਪੂਰੇ ਹੋਣ ਤੇ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਦੇ ਸ਼ਿਵਰਾਜ ਸਿੰਘ ਚੌਹਾਨ ਦਾ ਪੁਤਲਾ ਫੂਕਿਆ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਦੀਆਂ ਮੰਗਾਂ ਅਤੇ ਐੱਮਐੱਸਪੀ ਦੀ ਗਰੰਟੀ ਲਈ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ ਹੈ। ਕਿਸਾਨ ਆਗੂ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਇਸੇ ਤਰ੍ਹਾਂ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਗਰਜਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਕਿਰਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 92ਵੇਂ ਦਿਨ ਵੀ ਜਾਰੀ ਹੈ।