ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਲੋਕਾਂ ਦਾ ਉਤਸ਼ਾਹ ਲਗਾਤਾਰ ਵੱਧਦਾ ਜਾ ਰਿਹਾ ਹੈ। ਕਾਂਗਰਸ, ਭਾਜਪਾ, ਆਮ ਆਦਮੀ ਪਾਰਟੀ, ਅਕਾਲੀ-ਬਸਪਾ ਗਠਜੋੜ ਸਾਰੀਆਂ ਪਾਰਟੀਆਂ ਆਪੋ-ਆਪਣੇ ਉਮੀਦਵਾਰਾਂ ਦੀ ਜਿੱਤ ਲਈ ਸਖ਼ਤ ਮਿਹਨਤ ਕਰ ਰਹੀਆਂ ਹਨ। ਪਾਰਟੀ ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸ ਦੌਰਾਨ ਕੇਂਦਰੀ ਸ਼ਹਿਰੀ ਵਿਕਾਸ ਅਤੇ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਵੀ ਜਲੰਧਰ ਪੁੱਜੇ।
ਮੰਤਰੀ ਹਰਦੀਪ ਪੁਰੀ ਭਾਜਪਾ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਇਸ ਦੌਰਾਨ ਜਦੋਂ ਮੰਤਰੀ ਹਰਦੀਪ ਪੁਰੀ ਨੂੰ ਪੁੱਛਿਆ ਗਿਆ ਕਿ ਕੀ ਭਾਜਪਾ ਮੁੜ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰ ਸਕਦੀ ਹੈ? ਇਸ ‘ਤੇ ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਪਾਸੇ ਤੋਂ ਇਹ ਸੰਭਵ ਨਹੀਂ ਹੈ, ਭਾਜਪਾ ਤੇਜ਼ੀ ਨਾਲ ਫੈਲ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਨਾਲ ਦੇਸ਼ ਤੇਜ਼ੀ ਨਾਲ ਵਿਕਾਸ ਦੇ ਰਾਹ ‘ਤੇ ਹੈ।
‘ਔਰਤਾਂ ਨਾਲ ਕੀਤਾ ਝੂਠਾ ਵਾਅਦਾ’
ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕੇਂਦਰੀ ਸ਼ਹਿਰੀ ਵਿਕਾਸ ਅਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕਰਨ ਵਾਲੀ ਪਾਰਟੀ ਦੀ ਅਸਲੀਅਤ ਸਭ ਦੇ ਸਾਹਮਣੇ ਆ ਗਈ ਹੈ। ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਕੀਤੇ ਸਨ, ਅੱਜ ਉਨ੍ਹਾਂ ਤੋਂ ਦੂਰੀ ਬਣਾ ਲਈ ਹੈ।
ਆਮ ਆਦਮੀ ਪਾਰਟੀ ਨੂੰ ਨੁਕਸਾਨ ਹੋਵੇਗਾ
ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਜ਼ਿਮਨੀ ਚੋਣ ਵਿੱਚ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਹੜੀ ਆਮ ਆਦਮੀ ਪਾਰਟੀ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਸੀ, ਅੱਜ ਉਸ ਦੇ ਰਾਜ ਤੋਂ ਕਿਸਾਨ ਪਰੇਸ਼ਾਨ ਹੈ। ਮੁੱਖ ਮੰਤਰੀ ਭਗਵੰਤ ਮਾਨ ‘ਤੇ ਵਿਅੰਗ ਕੱਸਦਿਆਂ ਪੁਰੀ ਨੇ ਕਿਹਾ ਕਿ ਉਹ ਸੰਗਰੂਰ ਦੇ ਇੱਕ ਪ੍ਰੋਗਰਾਮ ‘ਚ ਵੀ ਸ਼ਾਮਲ ਸਨ। ਪਰ ਸੀਐਮ ਭਗਵੰਤ ਮਾਨ ਆਪਣੇ ਘਰ ਨਹੀਂ ਜਾ ਸਕੇ ਕਿਉਂਕਿ ਕਿਸਾਨ ਉਨ੍ਹਾਂ ਦੇ ਪਿੰਡ ਨੂੰ ਜਾਂਦੀ ਸੜਕ ਦੇ ਆਲੇ-ਦੁਆਲੇ ਬੈਠੇ ਸਨ।