ਨਵੀਂ ਦਿੱਲੀ-ਕੇਂਦਰੀ ਮੰਤਰੀ ਅਸ਼ਿਵਨੀ ਵੈਸ਼ਨਵ ਨੇ ਅੱਜ ਫੇਸਬੁੱਕ ਦੇ ਸੰਸਥਾਪਕ ਮਾਰਕ ਜ਼ਕਰਬਰਗ ਦੇ ਦਾਅਵੇ ’ਤੇ ਮੋੜਵਾਂ ਹਮਲਾ ਕੀਤਾ ਕਿ ਕੋਵਿਡ-19 ਮਹਾਮਾਰੀ ਤੋਂ ਬਾਅਦ ਭਾਰਤ ਸਣੇ ਜ਼ਿਆਦਾਤਰ ਦੇਸ਼ਾਂ ਦੀਆਂ ਮੌਜੂਦਾ ਸਰਕਾਰਾਂ ਨੂੰ 2024 ਵਿੱਚ ਚੋਣਾਂ ’ਚ ਹਾਰ ਦਾ ਸਾਹਮਣਾ ਕਰਨਾ ਪਿਆ। ਸ੍ਰੀ ਵੈਸ਼ਨਵ ਨੇ ਕਿਹਾ ਕਿ ਜ਼ਕਰਬਰਗ ਦਾ ਇਹ ਬਿਆਨ ਤੱਥਾਂ ਤੋਂ ਉਲਟ ਹੈ। ਵੈਸ਼ਨਵ ਨੇ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਰੂਪ ਵਿੱਚ ਭਾਰਤ ਨੇ 2024 ਦੀਆਂ ਆਮ ਚੋਣਾਂ ਕਰਵਾਈਆਂ, ਜਿਨ੍ਹਾਂ ਵਿੱਚ 64 ਕਰੋੜ ਤੋਂ ਵੱਧ ਵੋਟਰਾਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ, ‘‘ਭਾਰਤ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਐੱਨਡੀਏ ’ਚ ਆਪਣੇ ਵਿਸ਼ਵਾਸ ਨੂੰ ਮੁੜ ਤੋਂ ਦੋਹਰਾਇਆ।’’