ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਅੰਨਦਾਤੇ ਦੀ ਸਾਰ ਲਏ। ਮਾਨ ਨੇ ਕਿਹਾ ਕਿ ਖੇਤੀ ਰਾਜਾਂ ਦਾ ਵਿਸ਼ਾ ਹੈ। ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਮੰਡੀਕਰਨ ਦੇ ਖਰੜੇ ਨੂੰ ਰੱਦ ਕਰਦਿਆਂ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਪਿਛਲੇ ਦਰਵਾਜ਼ਿਓਂ ਮੁੜ ਲਿਆਉਣ ਦੀ ਕੋਸ਼ਿਸ਼ ਕਰਾਰ ਦਿੱਤਾ। ਉਂਝ ਮੁੱਖ ਮੰਤਰੀ ਨੇ ਦੋ ਕਿਸਾਨ ਫੋਰਮਾਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਨਾਲ ਨਾ ਸਿਰਫ਼ ਆਮ ਲੋਕਾਂ ਨੂੰ ਖੱਜਲ ਖੁਆਰੀ ਹੋਈ ਬਲਕਿ ਸੂਬੇ ਨੂੰ ਇਕੋ ਦਿਨ ’ਚ 100 ਕਰੋੜ ਰੁਪਏ ਦਾ ਰਗੜਾ ਲੱਗਾ। ਮੁੱਖ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਚਾਹੁੰਦੀ ਹੈ ਕਿ ਅਸੀਂ ਸ਼ਾਂਤਮਈ ਢੰਗ ਨਾਲ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਚੁੱਕ ਲਈਏ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਕੀਤੀ ਜਾ ਰਹੀਆਂ ਮੰਗਾਂ ਸਿੱਧੇ ਤੌਰ ’ਤੇ ਕੇਂਦਰ ਸਰਕਾਰ ਨਾਲ ਸਬੰਧਤ ਹਨ, ਲਿਹਾਜ਼ਾ ਕੇਂਦਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹੇ।