ਇਥੋਂ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ’ਚ ਤਿੰਨ ਦਿਨ ਦੇ ਸੀਬੀਆਈ ਰਿਮਾਂਡ ’ਤੇ ਭੇਜ ਦਿੱਤਾ ਹੈ। ਕੇਜਰੀਵਾਲ ਨੂੰ 29 ਜੂਨ ਸ਼ਾਮ 7 ਵਜੇ ਤੋਂ ਪਹਿਲਾਂ ਅਦਾਲਤ ’ਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ। ਸੀਬੀਆਈ ਨੇ ਕੇਜਰੀਵਾਲ ਦਾ ਪੰਜ ਦਿਨ ਦਾ ਰਿਮਾਂਡ ਮੰਗਿਆ ਸੀ। ਇਸ ਤੋਂ ਪਹਿਲਾਂ ਸੀਬੀਆਈ ਨੇ ਕੇਜਰੀਵਾਲ ਨੂੰ ਅੱਜ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਸੀ। ਆਪਣੀ ਸਫ਼ਾਈ ’ਚ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਕੇਸ ’ਚ ਉਹ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ‘ਆਪ’ ਬੇਕਸੂਰ ਹਨ। ਰਾਊਜ਼ ਐਵੇਨਿਊ ਅਦਾਲਤ ਦੇ ਜੱਜ ਤੋਂ ਇਜਾਜ਼ਤ ਲੈਣ ਮਗਰੋਂ ਕੇਂਦਰੀ ਏਜੰਸੀ ਨੇ ‘ਆਪ’ ਆਗੂ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕੀਤਾ।
ਤਿਹਾੜ ਕੇਂਦਰੀ ਜੇਲ੍ਹ ਤੋਂ ਅਦਾਲਤ ’ਚ ਪੇਸ਼ ਕੀਤੇ ਜਾਣ ਮਗਰੋਂ ਸੀਬੀਆਈ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਅਰਜ਼ੀ ਦਾਖ਼ਲ ਕੀਤੀ ਸੀ। ਉਹ ਈਡੀ ਵੱਲੋਂ ਦਰਜ ਕੀਤੇ ਗਏ ਮਾਮਲੇ ’ਚ ਪਹਿਲਾਂ ਤੋਂ ਹੀ ਜੇਲ੍ਹ ’ਚ ਬੰਦ ਹਨ। ਕੇਜਰੀਵਾਲ ਦੇ ਵਕੀਲ ਨੇ ਸੀਬੀਆਈ ਦੀ ਗ੍ਰਿਫ਼ਤਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਏਜੰਸੀ ਨੇ ਪੱਖਪਾਤੀ ਤਰੀਕੇ ਨਾਲ ਕੰਮ ਕੀਤਾ ਹੈ ਅਤੇ ਉਹ ਮੁੱਦੇ ਨੂੰ ਸਨਸਨੀਖੇਜ਼ ਬਣਾ ਰਹੀ ਹੈ। ਕੇਜਰੀਵਾਲ ਦੇ ਵਕੀਲ ਵਿਕਰਮ ਚੌਧਰੀ ਨੇ ਦਲੀਲ ਦਿੱਤੀ ਕਿ ਸੀਬੀਆਈ ਨੇ ਪਿਛਲੇ ਸਾਲ ਅਪਰੈਲ ’ਚ ਵੀ ਉਨ੍ਹਾਂ ਤੋਂ 9 ਘੰਟੇ ਤੱਕ ਪੁੱਛ-ਪੜਤਾਲ ਕੀਤੀ ਸੀ। ਕੇਜਰੀਵਾਲ ਨੇ ਅਦਾਲਤ ਨੂੰ ਦੱਸਿਆ,‘‘ਮੀਡੀਆ ’ਚ ਸੀਬੀਆਈ ਸੂਤਰਾਂ ਦੇ ਹਵਾਲੇ ਨਾਲ ਦਿਖਾਇਆ ਜਾ ਰਿਹਾ ਹੈ ਕਿ ਮੈਂ ਸਾਰਾ ਦੋਸ਼ ਸਿਸੋਦੀਆ ’ਤੇ ਮੜ੍ਹ ਦਿੱਤਾ ਹੈ। ਮੈਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ ਕਿ ਸਿਸੋਦੀਆ ਜਾਂ ਕੋਈ ਹੋਰ ਦੋਸ਼ੀ ਹੈ। ਮੈਂ ਆਖਿਆ ਹੈ ਕਿ ਸਿਸੋਦੀਆ, ‘ਆਪ’ ਅਤੇ ਮੈਂ ਬੇਕਸੂਰ ਹਾਂ। ਮੀਡੀਆ ਅੱਗੇ ਸਾਨੂੰ ਬਦਨਾਮ ਕਰਨ ਦੀ ਯੋਜਨਾ ਹੈ। ਇਹ ਸਾਰਾ ਕੁਝ ਸੀਬੀਆਈ ਸੂਤਰਾਂ ਰਾਹੀਂ ਮੀਡੀਆ ’ਚ ਚਲਾਇਆ ਜਾ ਰਿਹਾ ਹੈ।’’ ਸੀਬੀਆਈ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਤੱਥਾਂ ਦੇ ਆਧਾਰ ’ਤੇ ਬਹਿਸ ਕੀਤੀ ਹੈ ਅਤੇ ਕਿਸੇ ਵੀ ਏਜੰਸੀ ਸੂਤਰ ਨੇ ਕੁਝ ਵੀ ਬਿਆਨ ਨਹੀਂ ਦਿੱਤਾ ਹੈ। ਇਸ ’ਤੇ ਜੱਜ ਨੇ ਕਿਹਾ ਕਿ ਮੀਡੀਆ ਸਿਰਫ਼ ਇਕ ਲਾਈਨ ਨੂੰ ਚੁੱਕ ਲੈਂਦਾ ਹੈ ਅਤੇ ਉਸ ’ਤੇ ਕਾਬੂ ਪਾਉਣਾ ਬਹੁਤ ਮੁਸ਼ਕਲ ਹੈ। ਕੇਜਰੀਵਾਲ ਦੀ ਹਿਰਾਸਤ ਲਈ ਦਾਖ਼ਲ ਅਰਜ਼ੀ ’ਚ ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ’ਚ ਵੱਡੀ ਸਾਜ਼ਿਸ਼ ਦਾ ਪਰਦਾਫ਼ਾਸ਼ ਕਰਨ ਲਈ ਕੇਜਰੀਵਾਲ ਤੋਂ ਹੋਰ ਪੁੱਛ-ਪੜਤਾਲ ਦੀ ਲੋੜ ਹੈ। ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ’ਤੇ ਅਦਾਲਤ ਨੇ ਸਵਾਲ ਚੁੱਕਿਆ ਜਿਸ ’ਤੇ ਸੀਬੀਆਈ ਦੇ ਵਕੀਲ ਨੇ ਕਿਹਾ ਕਿ ਚੋਣਾਂ ਹੋਣ ਕਾਰਨ ਜਾਂਚ ਏਜੰਸੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਗੁਰੇਜ਼ ਕੀਤਾ। ਅਦਾਲਤ ਵਿੱਚ ਸੁਣਵਾਈ ਦੌਰਾਨ ਕੇਜਰੀਵਾਲ ਦਾ ਸ਼ੂਗਰ ਲੈਵਲ ਡਿੱਗ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਚਾਹ ਅਤੇ ਬਿਸਕੁਟ ਖੁਆਉਣ ਲਈ ਅਦਾਲਤ ਦੇ ਕਮਰੇ ਤੋਂ ਬਾਹਰ ਲਿਆਂਦਾ ਗਿਆ। ਉਨ੍ਹਾਂ ਨਾਲ ਪਤਨੀ ਸੁਨੀਤਾ ਕੇਜਰੀਵਾਲ ਵੀ ਮੌਜੂਦ ਸਨ।
ਕੇਜਰੀਵਾਲ ਨੇ ਸੁਪਰੀਮ ਕੋਰਟ ’ਚੋਂ ਅਰਜ਼ੀ ਵਾਪਸ ਲਈ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਜ਼ਮਾਨਤ ’ਤੇ ਅੰਤਰਿਮ ਰੋਕ ਲਾਉਣ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ’ਚੋਂ ਅੱਜ ਵਾਪਸ ਲੈ ਲਈ। ਕੇਜਰੀਵਾਲ ਦੇ ਵਕੀਲ ਅਭਿਸ਼ੇਕ ਸਿੰਘਵੀ ਨੇ ਜਸਟਿਸ ਮਨੋਜ ਮਿਸ਼ਰਾ ਅਤੇ ਐੱਸਵੀਐੱਨ ਭੱਟੀ ਦੇ ਵੈਕੇਸ਼ਨ ਬੈਂਚ ਨੂੰ ਦੱਸਿਆ ਕਿ ਉਹ ਵਿਸਤਾਰ ਨਾਲ ਅਪੀਲ ਦਾਖ਼ਲ ਕਰਨਾ ਚਾਹੁੰਣਗੇ। ਈਡੀ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਉਨ੍ਹਾਂ ਕੇਜਰੀਵਾਲ ਦੀ ਅਰਜ਼ੀ ’ਤੇ ਜਵਾਬ ਦਾਖ਼ਲ ਕਰ ਦਿੱਤਾ ਹੈ ਜਿਸ ਨੂੰ ਰਿਕਾਰਡ ’ਚ ਸ਼ਾਮਲ ਕੀਤਾ ਜਾ ਸਕਦਾ ਹੈ। ਬੈਂਚ ਨੇ ਇਸ ਮਗਰੋਂ ਕੇਜਰੀਵਾਲ ਨੂੰ ਅਪੀਲ ਦਾਖ਼ਲ ਕਰਨ ਦੀ ਖੁੱਲ੍ਹ ਦੇ ਦਿੱਤੀ। ਈਡੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਹੇਠਲੀ ਅਦਾਲਤ ਦੇ ਜੱਜ ‘ਕਾਹਲੀ’ ਵਿੱਚ ਸਨ ਅਤੇ ਕੇਜਰੀਵਾਲ ਦੀ ਜ਼ਮਾਨਤ ਦਾ ਵਿਰੋਧ ਕਰਨ ਲਈ ਸਰਕਾਰੀ ਵਕੀਲ ਨੂੰ ਉਨ੍ਹਾਂ ਵਾਜਬ ਮੌਕਾ ਨਹੀਂ ਦਿੱਤਾ। ਜਾਂਚ ਏਜੰਸੀ ਨੇ ਕਿਹਾ ਕਿ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਦੇਣ ਵਾਲਾ ਹੇਠਲੀ ਅਦਾਲਤ ਦਾ 20 ਜੂਨ ਦਾ ਹੁਕਮ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀ ਧਾਰਾ 45 ਤਹਿਤ ਜ਼ਰੂਰੀ ਸ਼ਰਤਾਂ ਦੀ ਪਾਲਣਾ ਨਾ ਕਰਨ ਦੇ ਉਲਟ ਸੀ।
‘ਇੰਡੀਆ’ ਧੜੇ ਦੇ ਆਗੂ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਮੁੱਦਾ ਸੰਸਦ ’ਚ ਚੁੱਕਣ: ‘ਆਪ’
ਨਵੀਂ ਦਿੱਲੀ: ‘ਆਪ’ ਆਗੂ ਸੰਜੈ ਸਿੰਘ ਨੇ ਕਿਹਾ ਹੈ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਮੁੱਦੇ ’ਤੇ ‘ਇੰਡੀਆ’ ਧੜੇ ਦੇ ਆਗੂਆਂ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਇਹ ਮੁੱਦਾ ਸੰਸਦ ’ਚ ਚੁੱਕਣ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਊਧਵ ਠਾਕਰੇ ਨਾਲ ਗੱਲ ਕਰ ਚੁੱਕੇ ਹਨ ਅਤੇ ਕਾਂਗਰਸ ਆਗੂਆਂ ਨਾਲ ਵੀ ਗੱਲਬਾਤ ਕਰਨਗੇ। ਉਨ੍ਹਾਂ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ’ਤੇ ਵਿਰੋਧੀ ਧਿਰਾਂ ਨੂੰ ਨਿਸ਼ਾਨਾ ਬਣਾਉਣ ਲਈ ਜਾਂਚ ਏਜੰਸੀਆਂ ਦੀ ਦੁਰਵਰਤੋਂ ਦੇ ਦੋਸ਼ ਲਾਏ। ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੰਜੈ ਸਿੰਘ ਨੇ ਕਿਹਾ ਕਿ ਸੀਬੀਆਈ ਅਤੇ ਈਡੀ ਮਾੜੇ ਇਰਾਦੇ ਨਾਲ ‘ਆਪ’ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਉਨ੍ਹਾਂ ਸੀਬੀਆਈ ਵੱਲੋਂ ਹੁਣ ਗ੍ਰਿਫ਼ਤਾਰੀ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਉਹ ਅਪਰੈਲ 2023 ’ਚ ਪੁੱਛ-ਪੜਤਾਲ ਮਗਰੋਂ 14 ਮਹੀਨਿਆਂ ਤੋਂ ਕੀ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਸੀਬੀਆਈ ਜੇਮਜ਼ ਬਾਂਡ ਕਾਮਿਕ ਕਿਤਾਬਾਂ ਪੜ੍ਹਨ ਮਗਰੋਂ ਕਹਾਣੀਆਂ ਘੜ ਰਹੀ ਹੈ। -ਪੀਟੀਆਈ
ਇਹ ਤਾਨਾਸ਼ਾਹੀ ਅਤੇ ਐਮਰਜੈਂਸੀ: ਸੁਨੀਤਾ ਕੇਜਰੀਵਾਲ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਦੋਸ਼ ਲਾਇਆ ਹੈ ਕਿ ਪੂਰਾ ਪ੍ਰਬੰਧ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਉਨ੍ਹਾਂ ਦੇ ਪਤੀ ਜੇਲ੍ਹ ’ਚੋਂ ਬਾਹਰ ਨਾ ਆਉਣ। ਉਨ੍ਹਾਂ ਕਿਹਾ ਕਿ ਇਹ ਤਾਨਾਸ਼ਾਹੀ ਅਤੇ ਐਮਰਜੈਂਸੀ ਦੇ ਤੁੱਲ ਹੈ। ‘ਐਕਸ’ ’ਤੇ ਪਾਈ ਪੋਸਟ ’ਚ ਸੁਨੀਤਾ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਨੂੰ ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਕੇਸ ’ਚ ਜ਼ਮਾਨਤ ਮਿਲ ਗਈ ਸੀ ਪਰ ਈਡੀ ਨੂੰ ਤੁਰੰਤ ਉਸ ’ਤੇ ਸਟੇਅ ਮਿਲ ਗਈ। ‘ਅਗਲੇ ਦਿਨ ਸੀਬੀਆਈ ਨੇ ਕੇਜਰੀਵਾਲ ਨੂੰ ਮੁਲਜ਼ਮ ਬਣਾ ਦਿੱਤਾ ਅਤੇ ਅੱਜ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੂਰਾ ਪ੍ਰਬੰਧ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਉਹ ਜੇਲ੍ਹ ਤੋਂ ਬਾਹਰ ਨਾ ਆ ਸਕਣ। ਇਹ ਕਾਨੂੰਨ ਨਹੀਂ ਹੈ। ਇਹ ਤਾਨਾਸ਼ਾਹੀ ਅਤੇ ਐਮਰਜੈਂਸੀ ਹੈ।’ ‘ਆਪ’ ਨੇ ਵੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ ਹੈ। ਪਾਰਟੀ ਨੇ ‘ਐਕਸ’ ’ਤੇ ਪਾਈ ਪੋਸਟ ’ਚ ਕਿਹਾ ਕਿ ਤਾਨਾਸ਼ਾਹ ਨੇ ਆਪਣੇ ਜ਼ੁਲਮ ਦੀਆਂ ਸਾਰੀਆਂ ਹੱਦਾਂ ਪਾਰ ਕਰ ਲਈਆਂ ਹਨ।