Delhi govt give Rs 5000: ਨਵੀ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ । ਜਿਸਦੇ ਚੱਲਦਿਆਂ ਦਿੱਲੀ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ । ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਵੱਲੋਂ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ । ਜਿਸ ਵਿੱਚ ਦਿੱਲੀ ਸਰਕਾਰ ਵੱਲੋਂ ਆਟੋ-ਟੈਕਸੀਆਂ, ਆਰਟੀਵੀਜ਼ ਅਤੇ ਈ-ਰਿਕਸ਼ਾ ਚਲਾਉਣ ਵਾਲਿਆਂ ਨੂੰ 5-5 ਹਜ਼ਾਰ ਰੁਪਏ ਦਿੱਤੇ ਜਾਣਗੇ । ਇਸ ਬਾਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਟੋ-ਟੈਕਸੀਆਂ ਅਤੇ ਈ-ਰਿਕਸ਼ਾ ਵਾਲਿਆਂ ਦੇ ਲਗਾਤਾਰ ਫੋਨ ਆ ਰਹੇ ਹਨ ।
ਉਨ੍ਹਾਂ ਦੱਸਿਆ ਕਿ ਇਹ ਲੋਕ ਉਨ੍ਹਾਂ ਨੂੰ ਦੱਸ ਰਹੇ ਹਨ ਕਿ ਉਹ ਕੋਰੋਨਾ ਵਾਇਰਸ ਅਤੇ ਲਾਕ ਡਾਊਨ ਦੇ ਚੱਲਦਿਆਂ ਭੁੱਖਮਰੀ ਦੇ ਕਿਨਾਰੇ ਹਨ । ਕੰਮ ਨਾ ਕਰਨ ਕਾਰਨ ਉਨ੍ਹਾਂ ਦੇ ਘਰਾਂ ਵਿੱਚ ਕੋਈ ਰਾਸ਼ਨ ਨਹੀਂ ਹੈ । ਜਿਸ ਤੋਂ ਬਾਅਦ ਕੇਜਰੀਵਾਲ ਨੇ ਦੱਸਿਆ ਕਿ ਹਰ ਰੋਜ਼ 5 ਤੋਂ 6 ਲੱਖ ਲੋਕ ਸ਼ੈਲਟਰ ਹੋਮ ਵਿੱਚ ਖਾਣਾ ਖਾ ਰਹੇ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਸਾਰਿਆਂ ਨੂੰ ਲਾਕ ਡਾਊਨ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ।
ਦਰਅਸਲ, ਇਸ ਸਬੰਧੀ ਗ੍ਰਹਿ ਸਕੱਤਰ ਵੱਲੋਂ ਸਾਰੇ ਰਾਜਾਂ ਨੂੰ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਬਿਨ੍ਹਾਂ ਕਿਸੇ ਕਾਰਨ ਡਿਊਟੀ ’ਤੇ ਨਹੀਂ ਆਉਂਦਾ ਜਾਂ ਛੁੱਟੀ ਲੈਂਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ । ਜਿਸ ਵਿੱਚ ਉਸਨੂੰ ਇੱਕ ਸਾਲ ਦੀ ਸਜ਼ਾ ਵੀ ਹੋ ਸਕਦੀ ਹੈ । ਇਸ ਤੋਂ ਇਲਾਵਾ ਇਸ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਇਸ ਸੰਕਟ ਦੀ ਘੜੀ ਵਿੱਚ ਅਫਵਾਹਾਂ ਜਾਂ ਗਲਤ ਸੰਦੇਸ਼ ਫੈਲਾਉਣ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਵੱਲੋਂ ਐਲਾਨ ਕਰਦਿਆਂ ਕਿਹਾ ਗਿਆ ਸੀ ਕਿ ਦਿੱਲੀ ਵਿੱਚ ਜੇਕਰ ਕਿਸੇ ਡਾਕਟਰ, ਨਰਸ ਜਾਂ ਸਫਾਈ ਸੇਵਕ ਦੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਇਲਾਜ ਅਤੇ ਸੇਵਾ ਦੌਰਾਨ ਮੌਤ ਹੋ ਜਾਂਦੀ ਹੈ, ਤਾਂ ਦਿੱਲੀ ਸਰਕਾਰ ਵੱਲੋਂ ਉਸਦੇ ਪਰਿਵਾਰ ਨੂੰ ਉਸਦੀ ਸੇਵਾ ਵਜੋਂ 1 ਕਰੋੜ ਰੁਪਏ ਦਿੱਤੇ ਜਾਣਗੇ । ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਸੀ ਕਿ ਇਹ ਕਰਮਚਾਰੀ ਚਾਹੇ ਸਰਕਾਰੀ ਜਾਂ ਨਿੱਜੀ ਖੇਤਰ ਕਿਸੇ ਨਾਲ ਵੀ ਸਬੰਧਿਤ ਹੋਵੇ ।