ਬਰੈਪਟਨ- ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ ਸੱਤਾਧਾਰੀ ਲਿਬਰਲ ਪਾਰਟੀ 168 ਸੀਟਾਂ ਜਿੱਤ ਕੇ ਸਪਸ਼ਟ ਬਹੁਮਤ ਲਈ ਲੋੜੀਂਦੀਆਂ 172 ਸੀਟਾਂ ਤੋਂ ਮਹਿਜ਼ 4 ਸੀਟਾਂ ਨਾਲ ਖੁੰਝ ਗਈ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਪਣੀ ਸੀਟ ਵੱਡੇ ਫਰਕ ਨਾਲ ਜਿੱਤ ਲਈ ਹੈ ਜਦੋਂਕਿ ਨਿਊ ਡੈਮੋਕਰੈਟਿਕ ਪਾਰਟੀ (NDP) ਦੇ ਜਗਮੀਤ ਸਿੰਘ (ਬਰਨਬੀ ਸੈਂਟਰਲ) ਤੇ ਕੰਜ਼ਰਵੇਟਿਵ ਪਾਰਟੀ ਦੇ ਪੀਅਰ ਪੋਲਿਵਰ ਚੋਣ ਹਾਰ ਗਏ ਹਨ।
ਜਗਮੀਤ ਸਿੰਘ ਨੇ NDP ਨੂੰ ਚੋਣਾਂ ਵਿੱਚ ਲੱਗੇ ਵੱਡੇ ਖੋਰੇ ਅਤੇ ਖ਼ੁਦ ਚੋਣ ਨਾ ਜਿੱਤ ਸਕਣ ਕਰਕੇ ਪਾਰਟੀ ਆਗੂ ਵਜੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਾਰਕ ਕਾਰਨੀ ਨੂੰ ਵਧਾਈ- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕੈਨੇਡਿਆਈ ਹਮਰੁਤਬਾ ਮਾਰਕ ਕਾਰਨੀ ਤੇ ਉਨ੍ਹਾਂ ਦੀ ਪਾਰਟੀ ਨੂੰ ਸੰਘੀ ਚੋਣਾਂ ਵਿਚ ਮਿਲੀ ਜਿੱਤ ਲਈ ਵਧਾਈ ਦਿੱਤੀ ਹੈ। ਸ੍ਰੀ ਮੋਦੀ ਨੇ ਜਿੱਤ ‘ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਭਾਰਤ-ਕੈਨੇਡਾ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਵਧੇਰੇ ਮੌਕੇ ਖੋਲ੍ਹਣ ਦੀ ਉਮੀਦ ਕਰ ਰਹੇ ਹਨ।