ਹਲਕੇ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਵਧੀਆ ਬੁਨਿਆਦੀ ਢਾਂਚਾ ਅਤੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਹ ਵਿਚਾਰ ਕੈਬਨਿਟ ਮੰਤਰੀ (ਖੇਡਾਂ ਤੇ ਯੁਵਕ ਸੇਵਾਵਾਂ) ਰਾਣਾ ਗੁਰਮੀਤ ਸਿੰਘ ਸੋਢੀ ਨੇ ਬੁੱਧਵਾਰ ਨੂੰ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਲਈ ਚੈੱਕ ਵੰਡਦਿਆਂ ਸਾਂਝੇ ਕੀਤੇ।
ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਸਰਕਾਰੀ ਸਕੂਲਾਂ ਵੱਲ ਕਿਸੇ ਤਰ੍ਹਾਂ ਦਾ ਵੀ ਧਿਆਨ ਨਹੀਂ ਦਿੱਤਾ ਗਿਆ ਜਦਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਟੀਚਾ ਹੀ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਹੁਣ ਤੱਕ ਆਪਣੇ ਹਲਕੇ ਦੇ ਸਕੂਲਾਂ ਲਈ 8 ਕਰੋੜ ਤੋਂ ਵੱਧ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਅੱਗੇ ਹੋਰ ਵੀ ਗਰਾਂਟ ਜਾਰੀ ਕੀਤੀ ਜਾਵੇਗੀ।
ਇਸੇ ਮੁਹਿੰਮ ਤਹਿਤ ਉਨ੍ਹਾਂ ਵੱਲੋਂ ਵੱਖ ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਪਹੁੰਚ ਕੇ ਸਕੂਲਾਂ ਦੇ ਵਿਕਾਸ ਲਈ 15-15 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ। ਇਹ ਰਾਸ਼ੀ ਸਕੂਲ ਵਿਚ ਨਵੇਂ ਕਮਰੇ ਅਤੇ ਹੋਰ ਬੁਨਿਆਦੀ ਢਾਂਚੇ ਲਈ ਖ਼ਰਚੀ ਜਾਵੇਗੀ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਦੇ ਦੌਰੋਂ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਕੂਲ ਦੇ ਪਖਾਨਿਆਂ ਅਤੇ ਖੇਡ ਮੈਦਾਨ ਦੀ ਖਸਤਾ ਹਾਲਤ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਜਿਸ ਤੇ ਕੈਬਨਿਟ ਮੰਤਰੀ ਨੇ ਸਕੂਲ ਦੇ ਪਖਾਨਿਆਂ ਲਈ ਜਲਦੀ ਹੀ 2.5 ਲੱਖ ਰੁਪਏ ਦੀ ਰਾਸ਼ੀ ਹੋਰ ਭੇਜਣ ਦਾ ਵਿਸ਼ਵਾਸ ਦਵਾਇਆ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲ ਦੇ ਖੇਡ ਮੈਦਾਨ ਨੂੰ ਵੀ ਜਲਦ ਹੀ ਆਧੁਨਿਕ ਸਹੂਲਤਾਂ ਨਾਲ ਤਿਆਰ ਕਰਵਾਇਆ ਜਾਵੇਗਾ, ਜਿਸ ਵਿਚ ਖੇਡਾਂ ਦੇ ਸਮਾਨ ਸਮੇਤ ਇੱਕ ਬਾਸਕਟਬਾਲ ਦਾ ਨੈੱਟ ਅਤੇ ਇੱਕ ਓਪਨ ਜਿੰਮ ਵੀ ਬਣਵਾਇਆ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੜਾਈ ਦੇ ਨਾਲ-ਨਾਲ ਖੇਡਾਂ ਵਿਚ ਹਿੱਸਾ ਲੈਣਾ ਵੀ ਬਹੁਤ ਜ਼ਰੂਰੀ ਹੈ ਕਿਉਂਕਿ ਖੇਡ ਮੈਦਾਨ ਵਿਚ ਉੱਤਰਨ ਨਾਲ ਇੱਕ ਤਾਂ ਖਿਡਾਰੀ ਦੇ ਵਿਸ਼ਵਾਸ ਵਿਚ ਵਾਧਾ ਹੁੰਦਾ ਹੈ ਅਤੇ ਦੂਸਰਾ ਕਿਸੇ ਵੀ ਮੁਸੀਬਤ ਨਾਲ ਲੜਨ ਦਾ ਜਜ਼ਬਾ ਮਿਲਦਾ ਹੈ। ਇਸ ਲਈ ਉਨ੍ਹਾਂ ਦੀ ਇਹ ਵੀ ਕੋਸ਼ਿਸ਼ ਹੈ ਕਿ ਹਰ ਸਰਕਾਰੀ ਸਕੂਲ ਵਿਚ ਵਧੀਆ ਖੇਡ ਦੇ ਮੈਦਾਨ ਤਿਆਰ ਕੀਤੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਸਕੂਲ ਦੇ ਮੁਖੀਆਂ ਨੂੰ ਸਕੂਲਾਂ ਵਿਚ ਖ਼ਾਲੀ ਪਈਆਂ ਅਧਿਆਪਕਾਂ ਦੀਆਂ ਪੋਸਟਾਂ ਦੀ ਲਿਸਟ ਬਣਾ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦੇਣ ਲਈ ਕਿਹਾ ਤਾਂ ਜੋ ਖ਼ਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾ ਸਕੇ ਤੇ ਵਿਦਿਆਰਥੀਆਂ ਦੀ ਪੜਾਈ ਵਿਚ ਕਿਸੇ ਤਰ੍ਹਾਂ ਦੀ ਵੀ ਕੋਈ ਦਿੱਕਤ ਨਾ ਆਵੇ। ਉਨ੍ਹਾਂ ਇਹ ਵੀ ਦੱਸਿਆ ਕਿ ਮਾਰਚ ਮਹੀਨੇ ਤੋਂ ਬਾਅਦ ਹਲਕੇ ਦੀਆਂ ਵੱਖ ਵੱਖ ਸੜਕਾਂ ਦੇ ਨਿਰਮਾਣ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ, ਜਿਸ ਨਾਲ ਹਲਕਾ ਵਾਸੀਆਂ ਨੂੰ ਵਧੀਆ ਆਵਾਜਾਈ ਦੀ ਸਹੂਲਤ ਮਿਲੇਗੀ।
ਇਸ ਮੌਕੇ ਐਸਡੀਐਮ ਅਮਿੱਤ ਗੁਪਤਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦਵਿੰਦਰ ਜੰਗ, ਸਰਪੰਚ ਅਮਰਜੀਤ ਸਿੰਘ, ਸੀਨੀਅਰ ਕਾਂਗਰਸੀ ਲੀਡਰ ਬਲਦੇਵ ਸਿੰਘ, ਰਵੀ ਚਾਵਲਾ ਆਦਿ ਹਾਜ਼ਰ ਸਨ।