Trump Imran discuss COVID-19: ਪੂਰੀ ਦੁਨੀਆ ਵਿੱਚ ਕੋਰੋਨਾ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ । ਇਸ ਵਾਇਰਸ ਦਾ ਸਭ ਤੋਂ ਵੱਧ ਅਸਰ ਅਮਰੀਕਾ ਵਿੱਚ ਦੇਖਣ ਨੂੰ ਮਿਲ ਰਿਹਾ ਹੈ, ਜਦਕਿ ਪਾਕਿਸਤਾਨ ਵਿੱਚ ਵੀ 10 ਹਜ਼ਾਰ ਤੋਂ ਵੱਧ ਲੋਕ ਇਸ ਦੀ ਚਪੇਟ ਵਿੱਚ ਆ ਚੁੱਕੇ ਹਨ । ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੂੰ ਖੁਦ ਕੋਰੋਨਾ ਵਾਇਰਸ ਟੈਸਟ ਕਰਾਉਣਾ ਪਿਆ, ਹਾਲਾਂਕਿ ਉਹ ਨੈਗੇਟਿਵ ਆਇਆ ਹੈ । ਇਸ ਦੌਰਾਨ ਇਮਰਾਨ ਖਾਨ ਨੇ ਬੁੱਧਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਕੋਰੋਨਾ ਦੇ ਮੁੱਦੇ ‘ਤੇ ਚਰਚਾ ਕੀਤੀ
ਦਰਅਸਲ, ਕੋਰੋਨਾ ਦੇ ਕਹਿਰ ਤੋਂ ਬਾਅਦ ਦੋਹਾਂ ਨੇਤਾਵਾਂ ਵਿਚਕਾਰ ਇਹ ਪਹਿਲੀ ਗੱਲਬਾਤ ਹੈ, ਜਿਸ ਵਿੱਚ ਦੋਵਾਂ ਨੇ ਮਿਲ ਕੇ ਕੋਰੋਨਾ ਨੂੰ ਹਰਾਉਣ ਲਈ ਗੱਲ ਕੀਤੀ । ਇਸ ਸਬੰਧੀ ਵ੍ਹਾਈਟ ਹਾਊਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਨੇਤਾਵਾਂ ਨੇ ਕੋਰੋਨਾ ਮੁੱਦੇ ‘ਤੇ ਗੱਲਬਾਤ ਕੀਤੀ, ਇਸਦੇ ਨਾਲ ਹੀ ਖੇਤਰ ਦੀ ਸੁਰੱਖਿਆ ਅਤੇ ਦੁਵੱਲੇ ਮਾਮਲਿਆਂ ਬਾਰੇ ਵਿਚਾਰ ਵਟਾਂਦਰੇ ਹੋਏ । ਦੱਸ ਦੇਈਏ ਕਿ ਹੁਣ ਤੱਕ ਪਾਕਿਸਤਾਨ ਵਿੱਚ ਕੋਰੋਨਾ ਵਾਇਰਸ ਦੇ ਕੁਲ ਮਾਮਲੇ 10 ਹਜ਼ਾਰ ਨੂੰ ਪਾਰ ਕਰ ਚੁੱਕੇ ਹਨ, ਜਦਕਿ ਮਰਨ ਵਾਲਿਆਂ ਦੀ ਗਿਣਤੀ 200 ਤੋਂ ਉਪਰ ਹੈ।
ਦੂਜੇ ਪਾਸੇ ਇਮਰਾਨ ਖਾਨ ਵੱਲੋਂ ਪਾਕਿਸਤਾਨ ਵਿੱਚ ਕੋਰੋਨਾ ਵਾਇਰਸ ਸਬੰਧੀ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 8 ਅਰਬ ਡਾਲਰ ਦੇ ਪੈਕੇਜ ਦੀ ਘੋਸ਼ਣਾ ਕੀਤੀ ਗਈ ਹੈ । ਇਮਰਾਨ ਖਾਨ ਨੇ ਕਿਹਾ ਕਿ ਇਸ ਸਮੇਂ ਇੱਕ ਗਲੋਬਲ ਡੈਬਟ ਰਿਲੀਫ ਫੰਡ ਬਣਾਇਆ ਜਾਣਾ ਚਾਹੀਦਾ ਹੈ, ਤਾਂ ਜੋ ਪਾਕਿਸਤਾਨ ਵਰਗੇ ਵਿਕਾਸਸ਼ੀਲ ਦੇਸ਼ ਕਰਜ਼ੇ ਪ੍ਰਾਪਤ ਕਰ ਸਕਣ।