Lockdowns Not Enough: ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਦੇ ਬਹੁਤ ਸਾਰੇ ਰਾਜ ਅੱਜ ਲਾਕ ਡਾਊਨ ਦੀ ਸਥਿਤੀ ਵਿੱਚ ਹਨ । ਸਿਰਫ ਦੇਸ਼ ਹੀ ਨਹੀਂ ਬਲਕਿ ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਨੇ ਲੋਕਾਂ ਦੀ ਆਵਾਜਾਈ ਅਤੇ ਉਨ੍ਹਾਂ ਦੇ ਘਰਾਂ ਤੋਂ ਬਾਹਰ ਨਿਕਲਣ ‘ਤੇ ਪਾਬੰਦੀ ਲਗਾਈ ਹੋਈ ਹੈ । ਹਰ ਕਿਸੇ ਦੀ ਕੋਸ਼ਿਸ਼ ਹੈ ਕਿ ਉਹ ਕੋਰੋਨਾ ਵਾਇਰਸ ਨੂੰ ਘੱਟ ਤੋਂ ਘੱਟ ਫੈਲਣ ਤੋਂ ਰੋਕਣ । ਇਸ ਦੌਰਾਨ ਵਿਸ਼ਵ ਸਿਹਤ ਸੰਗਠਨ(WHO) ਵੱਲੋਂ ਦਿੱਤਾ ਗਿਆ ਇੱਕ ਬਿਆਨ ਸਾਹਮਣੇ ਆਇਆ ਹੈ । ਇਸ ਵਿਚ WHO ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਕ ਡਾਉਨ ਕਾਫ਼ੀ ਨਹੀਂ ਹੈ ।
ਦਰਅਸਲ, WHO ਦੇ ਮਾਈਕ ਰਿਆਨ ਨੇ ਦਿੱਤੇ ਇੱਕ ਬਿਆਨ ਵਿੱਚ ਕਿਹਾ ਕਿ ਸਿਰਫ ਲਾਕ ਡਾਊਨ ਕੋਰੋਨਾ ਨੂੰ ਰੋਕਣ ਲਈ ਕਾਫ਼ੀ ਨਹੀਂ ਹੈ । ਉਨ੍ਹਾਂ ਕਿਹਾ ਕਿ ਇਸ ਸਮੇਂ ਜੋ ਲੋਕ ਬਿਮਾਰ ਹਨ ਅਤੇ ਪੀੜਤ ਹਨ ਨੂੰ ਲੱਭਿਆ ਜਾਵੇ ਤੇ ਨਿਗਰਾਨੀ ਵਿਚ ਰੱਖਿਆ ਜਾਵੇ ਤਾਂ ਜੋ ਇਸਨੂੰ ਵਧਣ ਤੋਂ ਰੋਕਿਆ ਜਾ ਸਕੇ । ਉਨ੍ਹਾਂ ਕਿਹਾ ਕਿ ਲਾਕ ਡਾਊਨ ਨਾਲ ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਜਦੋਂ ਇਹ ਖਤਮ ਹੋਵੇਗਾ ਤਾਂ ਲੋਕ ਅਚਾਨਕ ਵੱਡੀ ਗਿਣਤੀ ਵਿੱਚ ਬਾਹਰ ਆ ਜਾਣਗੇ ਅਤੇ ਫਿਰ ਖ਼ਤਰਾ ਵੱਧ ਜਾਵੇਗਾ ।
ਜ਼ਿਕਰਯੋਗ ਹੈ ਕਿ ਚੀਨ ਤੋਂ ਫੈਲੇ ਇਸ ਵਾਇਰਸ ਨੇ ਯੂਰਪ ਅਤੇ ਅਮਰੀਕਾ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ. ਜਿਸ ਤੋਂ ਬਾਅਦ ਦਰਜਨਾਂ ਦੇਸ਼ਾਂ ਨੇ ਆਪਣੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਕਿਹਾ ਹੈ ਅਤੇ ਲਾਕ ਡਾਊਨ ਦਾ ਐਲਾਨ ਕੀਤਾ ਹੈ । ਮਾਈਕ ਰਿਆਨ ਨੇ ਅੱਗੇ ਕਿਹਾ ਕਿ ਜਦੋਂ ਚੀਨ, ਸਿੰਗਾਪੁਰ ਅਤੇ ਦੱਖਣੀ ਕੋਰੀਆ ਨੇ ਲਾਕ ਡਾਊਨ ਕੀਤਾ ਸੀ ਤਾਂ ਉਨ੍ਹਾਂ ਨੇ ਹਰ ਉਸ ਵਿਅਕਤੀ ਦੀ ਪੜਤਾਲ ਕੀਤੀ ਜਿਸ ਨੂੰ ਕੋਰੋਨਾ ਵਾਇਰਸ ਦਾ ਖ਼ਤਰਾ ਸੀ । ਹੁਣ ਯੂਰਪ, ਅਮਰੀਕਾ ਅਤੇ ਹੋਰ ਦੇਸ਼ਾਂ ਨੂੰ ਵੀ ਇਹੀ ਮਾਡਲ ਲਾਗੂ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਜੇ ਇਸ ਨੂੰ ਫੈਲਣ ਤੋਂ ਰੋਕਿਆ ਜਾਵੇ ਤਾਂ ਇਸ ਬਿਮਾਰੀ ਨਾਲ ਨਜਿੱਠਿਆ ਜਾ ਸਕਦਾ ਹੈ ।
ਦੱਸ ਦੇਈਏ ਕਿ ਹੁਣ ਤੱਕ ਵਿਸ਼ਵ ਵਿੱਚ ਕੋਰੋਨਾ ਵਾਇਰਸ ਦੇ ਤਕਰੀਬਨ 2.5 ਲੱਖ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ 15 ਹਜ਼ਾਰ ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ । ਜੇਕੇ ਇੱਥੇ ਭਾਰਤ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਲਗਭਗ 400 ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ ਅਤੇ 7 ਮੌਤਾਂ ਹੋ ਚੁੱਕੀਆਂ ਹਨ । ਜਿਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਲਾਕ ਡਾਊਨ ਦਾ ਐਲਾਨ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ ।