coronavirus supreme court high court: ਦੇਸ਼ ਵਿੱਚ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਦਾ ਸੰਕਟ ਹੈ। ਅਜਿਹੀ ਸਥਿਤੀ ਵਿੱਚ ਸਰਕਾਰ ਦੇ ਨਾਲ-ਨਾਲ ਸਮਾਜ ਦੇ ਕਈ ਵਰਗ ਮੱਦਦ ਲਈ ਹੱਥ ਵਧਾ ਰਹੇ ਹਨ। ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਸਾਰੇ ਅਧਿਕਾਰੀ ਕੋਰੋਨਾ ਵਾਇਰਸ ਖਿਲਾਫ ਲੜਾਈ ‘ਚ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚ ਸਹਾਇਤਾ ਦੇਣਗੇ। ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਸਾਰੇ ਗਜ਼ਟਿਡ ਅਧਿਕਾਰੀ ਆਪਣੀ ਤਿੰਨ ਦਿਨਾਂ ਦੀ ਤਨਖਾਹ ਦੇਣਗੇ, ਗੈਰ-ਗਜ਼ਟਿਡ ਅਧਿਕਾਰੀ ਆਪਣੀ ਦੋ ਦਿਨਾਂ ਦੀ ਤਨਖਾਹ ਪ੍ਰਧਾਨ ਮੰਤਰੀ ਰਾਹਤ ਫੰਡ ਨੂੰ ਦਾਨ ਦੇਣਗੇ। ਇਨ੍ਹਾਂ ਤੋਂ ਇਲਾਵਾ ਅਦਾਲਤ ਵਿੱਚ ਕੰਮ ਕਰ ਰਿਹਾ ਚੌਥਾ ਜਮਾਤ ਦਾ ਅਮਲਾ ਆਪਣੀ ਇੱਕ ਦਿਨ ਦੀ ਤਨਖਾਹ ਰਾਹਤ ਫੰਡ ਵਿੱਚ ਦਾਨ ਦੇਵੇਗਾ।
ਸੁਪਰੀਮ ਕੋਰਟ ਦੇ ਜਸਟਿਸ ਐਸ. ਰਵਿੰਦਰ ਭੱਟ ਨੇ ਸੋਮਵਾਰ ਸਵੇਰੇ ਪ੍ਰਵਾਸੀ ਮਜ਼ਦੂਰਾਂ ਨੂੰ ਭੋਜਨ ਦੇ ਪੈਕਟ ਵੀ ਵੰਡੇ। ਇਸ ਦੇ ਨਾਲ ਹੀ ਸੁਪਰੀਮ ਕੋਰਟ ਦੇ ਵਕੀਲ ਰਾਕੇਸ਼ ਦਿਵੇਦੀ ਨੇ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚ ਇੱਕ ਕਰੋੜ ਰੁਪਏ ਦਿੱਤੇ ਹਨ। ਅਧਿਕਾਰੀਆਂ ਤੋਂ ਇਲਾਵਾ, ਦਿੱਲੀ ਹਾਈ ਕੋਰਟ ਦੇ ਸਾਰੇ ਜੱਜਾਂ ਨੇ ਵੀ ਕੋਰੋਨਾ ਵਿਰੁੱਧ ਲੜਾਈ ਵਿੱਚ ਸਹਾਇਤਾ ਲਈ ਹੱਥ ਖੜੇ ਕੀਤੇ ਹਨ। ਦਿੱਲੀ ਹਾਈ ਕੋਰਟ ਦੇ ਸਾਰੇ ਜੱਜ ਆਪਣੀ ਤਨਖਾਹ ਤੋਂ 10-10 ਹਜ਼ਾਰ ਰੁਪਏ ਪ੍ਰਧਾਨ ਮੰਤਰੀ ਰਾਹਤ ਫੰਡ ਨੂੰ ਦੇਣਗੇ। ਧਿਆਨ ਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਸੰਕਟ ਦੇ ਇਸ ਸਮੇਂ ਵਿੱਚ ਲੋਕਾਂ ਦੀ ਮੱਦਦ ਕਰਨ ਅਤੇ ਉਨ੍ਹਾਂ ਦੀ ਇੱਛਾ ਅਨੁਸਾਰ ਸਹਾਇਤਾ ਮੁਹੱਈਆ ਕਰਵਾਉਣ। ਪ੍ਰਧਾਨ ਮੰਤਰੀ ਨੇ ਟਵਿੱਟਰ ‘ਤੇ ਪ੍ਰਧਾਨ ਮੰਤਰੀ ਕੇਅਰਜ਼ ਨਾਲ ਜੁੜੀ ਸਾਰੀ ਜਾਣਕਾਰੀ ਸਾਂਝੀ ਕੀਤੀ ਸੀ।