ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਕਾਰ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਜ਼ੁਬਾਨੀ ਜੰਗ ਸ਼ੁਰੂ ਹੋ ਗਈ ਹੈ। ਮੰਗਲਵਾਰ ਨੂੰ ਪੰਜਾਬ ਅਸੈਂਬਲੀ ਵੱਲੋਂ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਬਿੱਲ ਪਾਸ ਹੋਣ ਤੋਂ ਬਾਅਦ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਵੀ ਇਹ ਕਦਮ ਚੁੱਕਣ।
ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਤੋਂ ਬਾਅਦ ਹੁਣ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਕੈਪਟਨ ‘ਤੇ ਨਾਟਕ ਕਰਨ ਦਾ ਦੋਸ਼ ਲਾਇਆ। ਕੇਜਰੀਵਾਲ ਨੇ ਕਿਹਾ, “ਰਾਜਾ ਸਾਹਿਬ, ਤੁਸੀਂ ਕੇਂਦਰ ਦੇ ਕਾਨੂੰਨਾਂ ਵਿਚ ਸੋਧ ਕੀਤੀ। ਕੀ ਰਾਜ ਕੇਂਦਰ ਦੇ ਕਾਨੂੰਨਾਂ ਨੂੰ ਬਦਲ ਸਕਦਾ ਹੈ? ਨਹੀਂ। ਤੁਸੀਂ ਨਾਟਕ ਕੀਤਾ। ਜਨਤਾ ਨੂੰ ਮੂਰਖ ਬਣਾਇਆ।”
ਉਨ੍ਹਾਂ ਨੇ ਅੱਗੇ ਕਿਹਾ, “ਜੇ ਤੁਸੀਂ ਕੱਲ੍ਹ ਕਾਨੂੰਨ ਪਾਸ ਕਰ ਦਿੰਦੇ ਹੋ ਤਾਂ ਕੀ ਉਸ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਨੂੰ MSP ਮਿਲੇਗਾ? ਨਹੀਂ। ਕਿਸਾਨ ਐਮਐਸਪੀ ਚਾਹੁੰਦੇ ਹਨ, ਤੁਹਾਡੇ ਫ਼ਰਜ਼ੀ ਅਤੇ ਝੂਠੇ ਕਾਨੂੰਨ ਨਹੀਂ।”
ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਮੁੱਖ ਵਿਰੋਧੀ ਪਾਰਟੀ ਹੈ। ‘ਆਪ’ ਅਤੇ ਅਕਾਲੀ ਦਲ ਨੇ ਕੱਲ੍ਹ ਵਿਧਾਨ ਸਭਾ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਸਰਕਾਰ ਦੇ ਪ੍ਰਸਤਾਵ ਦਾ ਸਮਰਥਨ ਕੀਤਾ।
ਸੂਬਾ ਸਰਕਾਰ ਦਾ ਬਿੱਲ ਖੇਤੀਬਾੜੀ ਸਮਝੌਤੇ ਤਹਿਤ ਘੱਟੋ ਘੱਟ ਸਮਰਥਨ ਮੁੱਲ (MSP) ਤੋਂ ਘੱਟ ‘ਤੇ ਕਣਕ ਜਾਂ ਝੋਨਾ ਵੇਚਣ ਜਾਂ ਖਰੀਦਣ ‘ਤੇ ਸਜ਼ਾ ਅਤੇ ਜੁਰਮਾਨੇ ਦੀ ਵਿਵਸਥਾ ਕਰਦਾ ਹੈ।
ਇਸ ਦੇ ਨਾਲ ਇਸ ‘ਚ ਘੱਟੋ ਘੱਟ ਤਿੰਨ ਸਾਲ ਦੀ ਕੈਦ ਦਾ ਪ੍ਰਵਧਾਨ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ 2.5 ਏਕੜ ਤੱਕ ਜ਼ਮੀਨ ਜ਼ਬਤ ਤੋਂ ਛੋਟ ਦਿੱਤੀ ਗਈ ਹੈ ਅਤੇ ਖੇਤੀਬਾੜੀ ਉਪਜਾਂ ਦੇ ਜਮ੍ਹਾਖੋਰੀ ਅਤੇ ਕਾਲਾ ਬਾਜ਼ਾਰੀ ਨੂੰ ਰੋਕਣ ਲਈ ਉਪਾਅ ਕੀਤੇ ਗਏ ਹਨ।