ਜੈਪੁਰ-ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਪੰਜਾਬ ਤੇ ਕੇਂਦਰ ਸਰਕਾਰ ’ਤੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪ੍ਰਤੀ ਅਸੰਵੇਦਨਸ਼ੀਲਤਾ ਦਿਖਾਉਣ ਦਾ ਦੋਸ਼ ਲਗਾਇਆ।
ਕਾਂਗਰਸੀ ਆਗੂ ਨੇ ਕਿਹਾ ਕਿ ਇਹੀ ਕਾਰਨ ਹੈ ਕਿ 111 ਹੋਰ ਕਿਸਾਨ ਸਰਕਾਰ ਦੇ ਸਾਹਮਣੇ ਆਪਣੀ ਗੱਲ ਰੱਖਣ ਵਾਸਤੇ ਭੁੱਖ ਹੜਤਾਲ ’ਤੇ ਚਲੇ ਗਏ ਹਨ। ਗਹਿਲੋਤ ਨੇ ਇਕ ਬਿਆਨ ਵਿੱਚ ਕਿਹਾ, ‘‘ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਭੁੱਖ ਹੜਤਾਲ ’ਤੇ ਬੈਠੇ ਹੁਣ ਤੱਕ 51 ਦਿਨ ਹੋ ਗਏ ਹਨ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਇਨ੍ਹਾਂ 51 ਦਿਨਾਂ ਵਿੱਚ ਪੰਜਾਬ ਤੇ ਕੇਂਦਰ ਸਰਕਾਰ ਨੇ ਪੂਰੀ ਤਰ੍ਹਾਂ ਅਸੰਵੇਦਨਸ਼ੀਲਤਾ ਦਿਖਾਈ ਹੈ।’’
ਉਨ੍ਹਾਂ ਕਿਹਾ ਕਿ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਲਗਪਗ 700 ਕਿਸਾਨਾਂ ਦੀਆਂ ਜਾਨਾਂ ਜਾਣ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਕਿਹਾ, ‘‘ਇਹ ਸਮਝ ਤੋਂ ਪਰੇ ਹੈ ਕਿ ਅਜਿਹੀ ਸਥਿਤੀ ਵਾਰ ਵਾਰ ਕਿਉਂ ਪੈਦਾ ਹੁੰਦੀ ਹੈ ਅਤੇ ਸਰਕਾਰ ਕਿਸਾਨਾਂ ਦੇ ਵਫ਼ਦ ਨਾਲ ਗੱਲ ਕਰ ਕੇ ਹੱਲ ਕਿਉਂ ਨਹੀਂ ਕੱਢਣਾ ਚਾਹੁੰਦੀ ਹੈ।’’