ਨਵੀਂ ਦਿੱਲੀ-ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਸਦਨ ’ਚ ਬੋਲਣ ਦਾ ਮੌਕਾ ਨਹੀਂ ਦਿੱਤਾ ਜਾ ਰਿਹਾ ਹੈ ਜੋ ‘ਗ਼ੈਰ-ਜਮਹੂਰੀ ਢੰਗ’ ਨਾਲ ਚਲਾਇਆ ਜਾ ਰਿਹਾ ਹੈ।
ਰਾਹੁਲ ਨੇ ਕਿਹਾ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਵੱਲੋਂ ਉਨ੍ਹਾਂ ਬਾਰੇ ਆਧਾਰਹੀਣ ਟਿੱਪਣੀਆਂ ਕੀਤੀਆਂ ਗਈਆਂ ਹਨ। ਕਾਂਗਰਸ ਆਗੂ ਦਾ ਇਹ ਪ੍ਰਤੀਕਰਮ ਉਸ ਸਮੇਂ ਆਇਆ ਹੈ ਜਦੋਂ ਬਿਰਲਾ ਨੇ ਉਨ੍ਹਾਂ ਨੂੰ ਸਦਨ ਦੀ ਮਰਿਆਦਾ ਕਾਇਮ ਰਖਦਿਆਂ ਨੇਮਾਂ ਦੀ ਪਾਲਣਾ ਕਰਨ ਲਈ ਕਿਹਾ। ਇਹ ਫੌਰੀ ਸਪੱਸ਼ਟ ਨਹੀਂ ਹੋ ਸਕਿਆ ਕਿ ਸਪੀਕਰ ਨੇ ਕਿਸ ਕਾਰਨ ਇਹ ਟਿੱਪਣੀ ਕੀਤੀ ਸੀ। ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਸਪੀਕਰ ਨੇ ਉਨ੍ਹਾਂ ਬਾਰੇ ਕੁਝ ਟਿੱਪਣੀਆਂ ਕੀਤੀਆਂ ਹਨ ਅਤੇ ਫਿਰ ਉਨ੍ਹਾਂ ਨੂੰ ਬੋਲਣ ਦਾ ਮੌਕਾ ਦਿੱਤੇ ਬਿਨਾਂ ਹੀ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ।