ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਪੁੱਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਸਖਤ ਸ਼ਬਦਾਂ ਵਿਚ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਵਾਸੀਆਂ ਦੇ ਹਿੱਤਾਂ ਨੂੰ ਛਿੱਕੇ ਟੰਗ ਆਪਣੇ ਚਹੇਤਿਆਂ `ਤੇ ਮਿਹਰਬਾਨ ਹੋਣ ਨਾਲ ਉਨ੍ਹਾਂ ਦਾ ਲੋਕ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ।
ਇਥੇ ਜਾਰੀ ਇਕ ਬਿਆਨ ਵਿਚ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਬੇਟੇ ਨੂੰ ਪੁਲਿਸ ਇੰਸਪੈਕਟਰ ਤੇ ਰਾਕੇਸ਼ ਪਾਂਡੇ ਦੇ ਬੇਟੇ ਨੂੰ ਨਾਇਬ ਤਹਿਸੀਲਦਾਰ ਦੀਆਂ ਮਲਾਈਦਾਰ ਨੌਕਰੀਆਂ ਦੇ ਕੇ ਸੂਬੇ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਧੋਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ 2017 ਵਿਚ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਜਿੱਤਣ ਲਈ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਪਤਾ ਲੱਗਾ ਹੈ ਕਿ ਇਹ ਵਾਅਦਾ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਨਹੀ ਸਗੋਂ ਅਮੀਰ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਲਈ ਕੀਤਾ ਗਿਆ ਸੀ।