ਨਵੀਂ ਦਿੱਲੀ: ਚੋਣ ਕਮਿਸ਼ਨਰ ਅਸ਼ੋਕ ਲਵਾਸਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਲਵਾਸਾ ਅਗਲੇ ਮਹੀਨੇ ਫਿਲੀਪੀਨਜ਼ ਸਥਿਤ ਏਸ਼ੀਅਨ ਡੈਵਲਪਮੈਂਟ ਬੈਂਕ (ਏਡੀਬੀ) ਵਿੱਚ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾਉਣਗੇ। ਹਾਲਾਂਕਿ ਲਵਾਸਾ, 1980 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ, ਮੁੱਖ ਚੋਣ ਕਮਿਸ਼ਨਰ ਬਣਨ ਦਾ ਦਾਅਵੇਦਾਰ ਸੀ ਤੇ ਚੋਣ ਕਮਿਸ਼ਨ ਵਿੱਚ ਉਨ੍ਹਾਂ ਦਾ ਕਾਰਜਕਾਲ ਅਜੇ ਬਾਕੀ ਸੀ।
ਦੱਸ ਦਈਏ ਕਿ ਚੋਣ ਕਮਿਸ਼ਨ ਦੇ ਇੱਕ ਅਧਿਕਾਰੀ ਮੁਤਾਬਕ ਲਵਾਸਾ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਨੂੰ ਸੌਂਪ ਦਿੱਤਾ ਹੈ। ਅਜਿਹੀ ਸਥਿਤੀ ਵਿਚ ਉਮੇਸ਼ ਸਿਨ੍ਹਾ ਅਗਲੇ ਮੁੱਖ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲ ਲੈਣਗੇ ਜੇ ਉਹ ਲਵਾਸਾ ਵਾਂਗ ਕੋਈ ਹੋਰ ਜ਼ਿੰਮੇਵਾਰੀ ਨਹੀਂ ਸੰਭਾਲੀ।ਲਵਾਸਾ ਨੇ 23 ਜਨਵਰੀ, 2018 ਨੂੰ ਭਾਰਤ ਦੇ ਚੋਣ ਕਮਿਸ਼ਨਰ ਵਜੋਂ ਕਾਰਜਭਾਰ ਸੰਭਾਲ ਲਿਆ ਸੀ ਤੇ ਅਕਤੂਬਰ 2022 ਵਿਚ ਮੁੱਖ ਚੋਣ ਕਮਿਸ਼ਨਰ ਵਜੋਂ ਸੇਵਾ ਨਿਭਾਉਣੀ ਸੀ ਪਰ ਹੁਣ ਉਹ ਏਡੀਬੀ ਦੇ ਉਪ-ਪ੍ਰਧਾਨ ਦਾ ਅਹੁਦਾ ਸੰਭਾਲਣਗੇ। ਉਨ੍ਹਾਂ ਨੂੰ ਦਿਵਾਕਰ ਗੁਪਤਾ ਦੀ ਥਾਂ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ, ਜੋ ਅਗਸਤ ਵਿੱਚ ਸੇਵਾਮੁਕਤ ਹੋਣ ਵਾਲੇ ਹਨ।
ਚੋਣ ਕਮਿਸ਼ਨਰ ਵਜੋਂ ਆਪਣੀ ਨਿਯੁਕਤੀ ਤੋਂ ਪਹਿਲਾਂ ਲਵਾਸਾ ਕੇਂਦਰੀ ਵਿੱਤ ਸਕੱਤਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸੀ। ਇਸ ਤੋਂ ਪਹਿਲਾਂ ਉਹ ਵਾਤਾਵਰਣ, ਜੰਗਲਾਤ ਤੇ ਮੌਸਮ ਤਬਦੀਲੀ ਮੰਤਰਾਲੇ ਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਕੇਂਦਰੀ ਸਕੱਤਰ ਵੀ ਰਹੇ।