ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ 24 ਘੰਟਿਆਂ ’ਚ ਕਰਵਾਉਣ, ਹਾਈ ਕੋਰਟ ਵੱਲੋਂ ਨਿਯੁਕਤ ਕੋਰਟ ਕਮਿਸ਼ਨਰ ਦੀ ਨਿਗਰਾਨੀ ’ਚ ਚੋਣ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਇਕ ਹੋਰ ਪਟੀਸ਼ਨ ਹਾਈ ਕੋਰਟ ’ਚ ਦਾਇਰ ਕੀਤੀ ਗਈ। ਹਾਲਾਂਕਿ ਸ਼ੁੱਕਰਵਾਰ ਸਵੇਰੇ ਹਾਈ ਕੋਰਟ ਤੋਂ ਮੰਗ ਕੀਤੀ ਗਈ ਕਿ ਇਸ ਪਟੀਸ਼ਨ ’ਤੇ ਅੱਜ ਹੀ ਸੁਣਵਾਈ ਕੀਤੀ ਜਾਵੇ ਪਰ ਹਾਈ ਕੋਰਟ ਸ਼ਨਿਚਰਵਾਰ ਨੂੰ ਇਸ ਪਟੀਸ਼ਨ ’ਤੇ ਸੁਣਵਾਈ ਕਰੇਗੀ। ਜ਼ਿਕਰਯੋਗ ਹੈ ਕਿ ਨਗਰ ਨਿਗਮ ਦੀ ਚੋਣ ਮੁਲਤਵੀ ਹੋਣ ਖ਼ਿਲਾਫ਼ ਵੀਰਵਾਰ ਨੂੰ ਮੇਅਰ ਦੇ ਅਹੁਦੇ ਲਈ ਉਮੀਦਵਾਰ ਕੁਲਦੀਪ ਕੁਮਾਰ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਅੱਜ ਹੀ ਚੋਣ ਕਰਵਾਉਣ ਦੀ ਮੰਗ ਕੀਤੀ ਸੀ, ਜਿਸ ’ਤੇ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੇ ਨਗਰ ਨਿਗਮ ਨੂੰ 23 ਜਨਵਰੀ ਲਈ ਨੋਟਿਸ ਜਾਰੀ ਕਰ ਦਿੱਤਾ ਸੀ ਪਰ ਇਕ ਵਾਰੀ ਮੁੜ ਕੁਲਦੀਪ ਕੁਮਾਰ ਨੇ ਇਕ ਹੋਰ ਪਟੀਸ਼ਨ ਦਾਖ਼ਲ ਕਰ ਕੇ 24 ਘੰਟਿਆਂ ’ਚ ਕੋਰਟ ਕਮਿਸ਼ਨਰ ਦੀ ਨਿਗਰਾਨੀ ’ਚ ਚੋਣ ਕਰਵਾਉਣ ਦੀ ਮੰਗ ਕਰ ਦਿੱਤੀ ਹੈ।