ਚੰਡੀਗੜ੍ਹ-ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲੋਹਤਰਾ ਦੀ ਲਗਾਤਾਰ ਦੂਜੀ ਵਾਰ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਵਜੋਂ ਚੋਣ ਕੀਤੀ ਗਈ ਹੈ। ਇਸ ਦੇ ਨਾਲ ਹੀ ਭਾਜਪਾ ਦੇ ਸੀਨੀਅਰ ਆਗੂ ਸੰਜੈ ਟੰਡਨ ਅਤੇ ਸਾਬਕਾ ਸੰਸਦ ਮੈਂਬਰ ਕਿਰਨ ਖੇਰ ਦੀ ਕੌਮੀ ਕੌਂਸਲ ਮੈਂਬਰ ਵਜੋਂ ਚੋਣ ਕੀਤੀ ਗਈ ਹੈ। ਇਹ ਐਲਾਨ ਅੱਜ ਚੰਡੀਗੜ੍ਹ ਦੇ ਸੈਕਟਰ-33 ਵਿਖੇ ਸਥਿਤ ਭਾਜਪਾ ਦਫ਼ਤਰ ‘ਕਮਲਮ’ ਵਿੱਚ ਚੰਡੀਗੜ੍ਹ ਭਾਜਪਾ ਦੀ ਜਥੇਬੰਦਕ ਚੋਣਾਂ ਦੇ ਰਿਟਰਨਿੰਗ ਅਫ਼ਸਰ ਤੇ ਜੰਮੂ ਤੋਂ ਵਿਧਾਇਕ ਡਾ. ਨਰਿੰਦਰ ਸਿੰਘ ਰੈਣਾ ਨੇ ਕੀਤਾ ਹੈ ਜਿਨ੍ਹਾਂ ਜਤਿੰਦਰ ਪਾਲ ਮਲਹੋਤਰਾ ਨੂੰ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਦਾ ਨਿਯੁਕਤੀ ਪੱਤਰ ਸੌਂਪਿਆ। ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਦੌਰਾਨ ਜਤਿੰਦਰ ਪਾਲ ਮਲਹੋਤਰਾ ਤੇ ਪਾਰਟੀ ਦੇ ਹੋਰ ਆਗੂਆਂ ਨੇ ਸੈਕਟਰ-34 ਦੇ ਗੁਰਦੁਆਰੇ ਅਤੇ ਮੰਦਰ ’ਚ ਮੱਥਾ ਟੇਕਿਆ।
ਆਉਣ ਵਾਲਾ ਸਮਾਂ ਭਾਜਪਾ ਦਾ: ਅਸ਼ਵਨੀ ਸ਼ਰਮਾ-ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਮਜ਼ਬੂਤ ਹੁੰਦੀ ਜਾ ਰਹੀ ਹੈ ਤੇ ਪੰਜਾਬ ਵਿੱਚ ਆਉਣ ਵਾਲਾ ਸਮਾਂ ਭਾਜਪਾ ਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਰੀਆਂ ਪਾਰਟੀਆਂ ਨੂੂੰ ਅਜ਼ਮਾ ਕੇ ਦੇਖ ਲਿਆ ਹੈ। ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ‘ਆਪ’ ਤੋਂ ਲੋਕ ਅੱਕ ਚੁੱਕੇ ਹਨ। ਹੁਣ ਆਉਣ ਵਾਲੇ ਸਮੇਂ ਵਿੱਚ ਲੋਕ ਭਾਜਪਾ ਨੂੂੰ ਵੀ ਮੌਕਾ ਦੇਣਗੇ ਅਤੇ ਭਾਜਪਾ ਲੋਕ ਹਿੱਤ ਵਿੱਚ ਕੰਮ ਕਰਕੇ ਦਿਖਾਵੇਗੀ।
ਮੇਅਰ ਦੀ ਚੋਣ ਸਭ ਤੋਂ ਵੱਡੀ ਚੁਣੌਤੀ-ਚੰਡੀਗੜ੍ਹ ਭਾਜਪਾ ਦੇ ਨਵੇਂ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਲਈ ਚੰਡੀਗੜ੍ਹ ਨਗਰ ਨਿਗਮ ਵਿੱਚ ਮੇਅਰ ਚੋਣਾਂ ਵੱਡੀ ਚੁਣੌਤੀ ਬਣ ਸਕਦੀ ਹੈ। ਨਗਰ ਨਿਗਮ ਵਿੱਚ ਭਾਜਪਾ ਕੋਲ ਸਪੱਸ਼ਟ ਬਹੁਮਤ ਨਹੀਂ ਹੈ ਅਤੇ ਦੂਜੇ ਪਾਸੇ ਕਾਂਗਰਸ ’ਤੇ ‘ਆਪ’ ਇਕੱਠੇ ਚੋਣਾਂ ਲੜਨ ਦੀ ਤਿਆਰੀ ਕਰ ਰਹੇ ਹਨ। ਅਜਿਹੇ ਹਾਲਾਤ ਵਿੱਚ ਮਲਹੋਤਰਾ ਲਈ ਸਭ ਤੋਂ ਪਹਿਲੀ ਮੁਸ਼ਕਲ ਮੇਅਰ ਚੋਣਾਂ ਹੋਣਗੀਆਂ। ਪਿਛਲੇ ਸਾਲ ਭਾਜਪਾ ਨੂੰ ਮੇਅਰ ਚੋਣ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।