ਨਵੀਂ ਦਿੱਲੀ-ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਨੇ ਅੱਜ ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਕੇ ਵਿਨੋਦ ਚੰਦਰਨ ਨੂੰ ਸੁਪਰੀਮ ਕੋਰਟ ਦੇ ਜੱਜ ਦੇ ਰੂਪ ਵਿੱਚ ਸਹੁੰ ਚੁਕਾਈ। ਜਸਟਿਸ ਚੰਦਰਨ ਦੇ ਸਹੁੰ ਚੁੱਕਣ ਦੇ ਨਾਲ ਹੀ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧ ਕੇ 33 ਹੋ ਗਈ ਹੈ, ਜਦਕਿ ਜੱਜਾਂ ਦੀਆਂ ਮਨਜ਼ੂਰਸ਼ੁਦਾ ਆਸਾਮੀਆਂ 34 ਹਨ, ਜਿਨ੍ਹਾਂ ਵਿੱਚ ਚੀਫ਼ ਜਸਟਿਸ ਵੀ ਸ਼ਾਮਲ ਹਨ।
ਕੇਂਦਰ ਨੇ 13 ਜਨਵਰੀ ਨੂੰ ਸੁਪਰੀਮ ਕੋਰਟ ਦੇ ਕੌਲਿਜੀਅਮ ਦੇ ਉਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਵਿੱਚ ਜਸਟਿਸ ਚੰਦਰਨ ਨੂੰ ਸੁਪਰੀਮ ਕੋਰਟ ਦਾ ਜੱਜ ਬਣਾਉਣ ਦੀ ਸਿਫਾਰਿਸ਼ ਕੀਤੀ ਗਈ ਸੀ। ਚੀਫ਼ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਿੱਚ ਪੰਜ ਜੱਜਾਂ ਦੇ ਕੌਲਿਜੀਅਮ ਨੇ 7 ਜਨਵਰੀ ਨੂੰ ਹੋਈ ਮੀਟਿੰਗ ਵਿੱਚ ਜਸਟਿਸ ਚੰਦਰਨ ਦੇ ਨਾਮ ਦੀ ਸਿਫਾਰਿਸ਼ ਕੀਤੀ, ਜਿਨ੍ਹਾਂ ਨੂੰ 8 ਨਵੰਬਰ 2011 ਨੂੰ ਕੇਰਲ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ। ਜਸਟਿਸ ਚੰਦਰਨ ਨੂੰ 29 ਮਾਰਚ 2023 ਨੂੰ ਪਟਨਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ। ਕੌਲਿਜੀਅਮ ਦੇ 7 ਜਨਵਰੀ ਦੇ ਪ੍ਰਸਤਾਵ ਮੁਤਾਬਕ, ‘‘ਕੌਲਿਜੀਅਮ ਨੇ ਇਸ ਤੱਥ ਨੂੰ ਧਿਆਨ ਵਿੱਚ ਰੱਖਿਆ ਹੈ ਕਿ ਕੇਰਲ ਹਾਈ ਕੋਰਟ ਤੋਂ ਸੁਪਰੀਮ ਕੋਰਟ ਦੇ ਬੈਂਚ ਵਿੱਚ ਕੋਈ ਨੁਮਾਇੰਦਗੀ ਨਹੀਂ ਹੈ, ਇਸ ਵਾਸਤੇ ਜਸਟਿਸ ਕੇ ਵਿਨੋਦ ਚੰਦਰਨ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤ ਕੀਤਾ ਜਾਵੇ।’’