Cops enter Madras University campus: ਨਾਗਰਿਕਤਾ ਸੋਧ ਕਾਨੂੰਨ (CAA) ਖਿਲਾਫ਼ ਬੀਤੇ ਕੁਝ ਦਿਨਾਂ ਤੋਂ ਦੇਸ਼ ਦੇ ਵੱਖੋ-ਵੱਖਰੇ ਇਲਾਕਿਆਂ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਜਿਸਦੇ ਚੱਲਦਿਆਂ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ, ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਸਮੇਤ ਕਈ ਯੂਨੀਵਰਸਿਟੀਜ਼ ਵਿੱਚ ਨਾਗਰਿਕਤਾ ਕਾਨੂੰਨ ਖਿਲਾਫ਼ ਰੋਸ ਵੇਖਣ ਨੂੰ ਮਿਲ ਰਿਹਾ ਹੈ ।
ਦਰਅਸਲ, ਨਾਗਰਿਕਤਾ ਕਾਨੂੰਨ ਵਿੱਚ ਸੋਧ ਵਿਰੁੱਧ ਮਦਰਾਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਮੰਗਲਵਾਰ ਯਾਨੀ ਕਿ ਦੂਜੇ ਦਿਨ ਵੀ ਕੈਂਪਸ ਵਿੱਚ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਿਆ ਗਿਆ, ਪਰ ਉੱਥੇ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦੋਂ ਪੁਲਿਸ ਯੂਨੀਵਰਸਿਟੀ ਕੈਂਪਸ ਵਿੱਚ ਦਾਖਿਲ ਹੋ ਗਈ ।
ਦੱਸ ਦੇਈਏ ਕਿ ਮੰਗਲਵਾਰ ਨੂੰ ਜਿਸ ਸਮੇਂ ਪੁਲਿਸ ਮਦਰਾਸ ਯੂਨੀਵਰਸਿਟੀ ਕੈਂਪਸ ਵਿੱਚ ਘੁਸੀ, ਉਸ ਸਮੇਂ ਉੱਥੇ ਲਗਭਗ 80 ਵਿਦਿਆਰਥੀ ਗਰਿਕਤਾ ਕਾਨੂੰਨ ਵਿਰੁੱਧ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਸਨ । ਇਸ ਮਾਮਲੇ ਵਿੱਚ ਵੱਖੋ-ਵੱਖਰੀਆਂ ਯੂਨੀਵਰਸਿਟੀਜ਼ ਵਿੱਚ ਵਿਦਿਆਰਥੀਆਂ ਦੀਆਂ ਜੱਥੇਬੰਦੀਆਂ ਵੱਲੋਂ ਵੀਰਵਾਰ ਨੂੰ ਸਮੁੱਚੇ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ ।
ਇਸ ਸਬੰਧੀ ਕੈਂਪਸ ਵਿੱਚ ਦਾਖਿਲ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਉਹ ਵਿਦਿਆਰਥੀਆਂ ਦੀ ਸੁਰੱਖਿਆ ਲਈ ਹਨ । ਉਥੇ ਹੀ ਦੂਜੇ ਪਾਸੇ ਪ੍ਰਦਰਸ਼ਨਕਾਰੀਆਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਪੁਲਿਸ ਵੱਲੋਂ 2 ਵਿਦਿਆਰਥੀਆਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ । ਜ਼ਿਕਰਯੋਗ ਹੈ ਕਿ ਇਸ ਪ੍ਰਦਰਸ਼ਨ ਦੇ ਚੱਲਦਿਆਂ ਯੂਨੀਵਰਸਿਟੀ ਵੱਲੋਂ 2 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ।