Jamia Millia Islamia incident: ਨਵੀਂ ਦਿੱਲੀ: ਜਾਮੀਆ ਯੂਨੀਵਰਸਿਟੀ ਅਤੇ ਜਾਮੀਆ ਨਗਰ ਵਿੱਚ ਨਾਗਰਿਕਤਾ ਕਾਨੂੰਨ ਖਿਲਾਫ਼ ਐਤਵਾਰ ਨੂੰ ਹੋਏ ਹਿੰਸਕ ਵਿਰੋਧ ਪ੍ਰਦਰਸ਼ਨ ਮਾਮਲੇ ਵਿੱਚ ਪੁਲਿਸ ਵੱਲੋਂ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇਸ ਮਾਮਲੇ ਵਿੱਚ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ 15 ਦਸੰਬਰ ਨੂੰ ਹੋਈ ਹਿੰਸਕ ਘਟਨਾ ਦੇ ਮਾਮਲੇ ਵਿੱਚ ਜਿਨ੍ਹਾਂ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਹ ਸਾਰੇ ਹੀ ਅਪਰਾਧਿਕ ਪਿਛੋਕੜ ਵਾਲੇ ਹਨ । ਰਿਪੋਰਟਾਂ ਅਨੁਸਾਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਲੋਕਾਂ ਵਿੱਚ ਕੋਈ ਵੀ ਵਿਦਿਆਰਥੀ ਸ਼ਾਮਿਲ ਨਹੀਂ ਹੈ ।
ਦਰਅਸਲ, ਦਿੱਲੀ ਪੁਲਿਸ ਵੱਲੋਂ ਬੀਤੇ ਦਿਨ ਬਿਆਨ ਦਿੱਤਾ ਗਿਆ ਸੀ ਕਿ ਇਹ ਘਟਨਾ ਇੱਕ ਸੋਚੀ-ਸਮਝੀ ਰਣਨੀਤੀ ਦੇ ਤਹਿਤ ਕੀਤੀ ਗਈ ਸੀ । ਉਨ੍ਹਾਂ ਦਸਿਆ ਕਿ ਇਹ ਮਾਮਲਾ ਹੁਣ ਦੱਖਣ-ਪੂਰਬੀ ਦਿੱਲੀ ਦੀ ਜ਼ਿਲ੍ਹਾ ਪੁਲਿਸ ਤੋਂ ਲੈ ਕੇ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੇ ਹਵਾਲੇ ਕਰ ਦਿੱਤਾ ਗਿਆ ਹੈ ।
ਇਸ ਸਬੰਧੀ ਦਿੱਲੀ ਪੁਲਿਸ ਦੇ ਬੁਲਾਰੇ DCP ਮਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਐਤਵਾਰ ਨੂੰ ਜਾਮੀਆ ਨਗਰ ਤੇ ਨਿਊ ਫ਼ਰੈਂਡਜ਼ ਕਾਲੋਨੀ ਇਲਾਕੇ ਵਿੱਚ ਹੋਏ ਹੰਗਾਮੇ ਦੌਰਾਨ DCP ਸਮੇਤ ਕਈ ਪੁਲਿਸ ਅਧਿਕਾਰੀ ਜ਼ਖ਼ਮੀ ਹੋਏ ਸਨ । ਇਸ ਸਬੰਧੀ ਪੁਲਿਸ ਬੁਲਾਰੇ ਨੇ ਵੀ ਦੱਸਿਆ ਕਿ ਇਸ ਘਟਨਾ ਵਿੱਚ ਭੀੜ ਵੱਲੋਂ ਚਾਰ ਬੱਸਾਂ ਨੂੰ ਵੀ ਅੱਗ ਲਾ ਦਿੱਤੀ ਗਈ ਸੀ ।
ਜ਼ਿਕਰਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ (311) ਦੇ ਖਿਲਾਫ ਦੇਸ਼ ਭਰ ਵਿੱਚ ਵਿਦਿਆਰਥੀ ਸੜਕਾਂ ’ਤੇ ਉੱਤਰ ਗਏ ਹਨ । ਜਿਸਦਾ ਵਿਰੋਧੀ ਪਾਰਟੀਆਂ ਵੱਲੋਂ ਵੀ ਵਿਰੋਧ ਕੀਤਾ ਜਾ ਰਿਹਾ ਹੈ । ਇਸੇ ਵਿਰੋਧ ਦੇ ਚੱਲਦਿਆਂ ਦਿੱਲੀ ਦੇ ਜਾਮੀਆ ਨਗਰ ਖੇਤਰ ਵਿੱਚ ਜੋ ਹਿੰਸਾ ਹੋਈ ਤੇ ਪੁਲਿਸ ਦੀ ਕਾਰਵਾਈ ਹੋਈ, ਉਸ ਦੇ ਵਿਰੋਧ ਵਿੱਚ ਦੇਸ਼ ਦੀਆਂ ਕਈ ਯੂਨੀਵਰਸਿਟੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ।