UP Anti CAA protests: ਲਖਨਊ: ਨਾਗਰਿਕਤਾ ਸੋਧ ਕਾਨੂੰਨ (CAA) ਦਾ ਵਿਰੋਧ ਪੂਰੇ ਦੇਸ਼ ਵਿੱਚ ਕੀਤਾ ਜਾ ਰਿਹਾ ਹੈ । ਜਿਸਦੇ ਚੱਲਦਿਆਂ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਜੁੰਮੇ ਦੀ ਨਮਾਜ਼ ਤੋਂ ਬਾਅਦ ਫਿਰ ਰੋਸ ਪ੍ਰਦਰਸ਼ਨ ਸ਼ੁਰੂ ਹੋਣ ਦੇ ਖ਼ਦਸ਼ੇ ਨੂੰ ਧਿਆਨ ਵਿੱਚ ਰੱਖਦੇ ਹੋਏ ਉੱਤਰ ਪ੍ਰਦੇਸ਼ ਦੇ ਸਾਰੇ ਹੀ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ । ਇਸੇ ਅਲਰਟ ਦੇ ਚੱਲਦਿਆਂ ਸੂਬੇ ਦੇ 18 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰੱਖਿਆ ਜਾਵੇਗਾ ।
ਇਸ ਤੋਂ ਇਲਾਵਾ ਅਲਰਟ ਦੌਰਾਨ ਪ੍ਰਸ਼ਾਸਨ ਨੂੰ ਸਾਰੇ ਸੰਵੇਦਨਸ਼ੀਲ ਸਥਾਨਾਂ ‘ਤੇ ਪੁਲਿਸ, ਪੀਏਸੀ ਤੇ ਕੇਂਦਰੀ ਹਥਿਆਰਬੰਦ ਬਲਾਂ ਦੀ ਤਾਇਨਾਤੀ ਦੇ ਹੁਕਮ ਦਿੱਤੇ ਗਏ ਹਨ । ਇਸ ਵਿੱਚ ਨਾਜ਼ੁਕ ਇਲਾਕਿਆਂ ਨੂੰ ਜ਼ੋਨ ਤੇ ਸੈਕਟਰਾਂ ਵਿੱਚ ਵੰਡ ਕੇ ਮੈਜਿਸਟ੍ਰੇਟ ਤੇ ਪੁਲਿਸ ਅਧਿਕਾਰੀਆਂ ਦੀ ਤਾਇਨਾਤੀ ਕਰਨ, ਭੀੜ ਇਕੱਠੀ ਹੋਣ ਦੀ ਸੰਭਾਵਨਾ ਵਾਲੇ ਰਾਹਾਂ ‘ਤੇ ਬੈਰੀਕੇਡ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ ।
ਇਸ ਮਾਮਲੇ ਵਿੱਚ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਲੋਕ ਅਫ਼ਵਾਹਾਂ ਵੱਲ ਕੋਈ ਧਿਆਨ ਨਾ ਦੇਣ । ਇਸ ਤੋਂ ਇਲਾਵਾ ਡੀਜੀਪੀ ਹੈੱਡਕੁਆਰਟਰਜ਼ ਵਿਖੇ ਇੱਕ ਕੰਟਰੋਲ ਰੂਮ ਬਣਾਇਆ ਗਿਆ ਸੀ, ਜੋ ਸਰਗਰਮ ਹੋ ਗਿਆ ਹੈ ।
ਜ਼ਿਕਰਯੋਗ ਹੈ ਕਿ ਕਾਨਪੁਰ, ਲਖਨਊ, ਮੇਰਠ, ਫ਼ਿਰੋਜ਼ਾਬਾਦ, ਬੁਲੰਦਸ਼ਹਿਰ, ਸੰਭਲ, ਬਿਜਨੌਰ, ਹਾਪੁੜ, ਸਹਾਰਨਪੁਰ, ਰਾਮਪੁਰ, ਅਮਰੋਹਾ, ਬਹਿਰਾਈਚ, ਬਰੇਲੀ, ਮੁਜ਼ੱਫ਼ਰਨਗਰ, ਵਾਰਾਨਸੀ ਤੇ ਗੋਰਖਪੁਰ ਵਿੱਚ ਵਿਰੋਧ ਪ੍ਰਦਰਸ਼ਨ ਦੌਰਾਨ ਪਹਿਲਾਂ ਬਹੁਤ ਸਾਰੀਆਂ ਹਿੰਸਕ ਘਟਨਾਵਾਂ ਵਾਪਰ ਚੁੱਕੀਆਂ ਹਨ । ਜਿਸ ਕਾਰਨ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਇਨ੍ਹਾਂ ਜ਼ਿਲ੍ਹਿਆਂ ਵਿੱਚ ਲੋੜ ਪੈਣ ’ਤੇ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਜਾ ਸਕਦੀਆਂ ਹਨ ।
ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਵਿੱਚ CAA ਵਿਰੁੱਧ ਪ੍ਰਦਰਸ਼ਨ ਦੌਰਾਨ ਹਿੰਸਾ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਖਿਲਾਫ਼ ਨੋਟਿਸ ਜਾਰੀ ਕੀਤੇ ਜਾ ਰਹੇ ਹਨ । ਅਜਿਹੇ ਅਨਸਰਾਂ ਦੀਆਂ ਗ੍ਰਿਫ਼ਤਾਰੀਆਂ ਦਾ ਸਿਲਸਿਲਾ ਵੀ ਜਾਰੀ ਹੈ ।