Former PM skip President banquet: ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਨਮਾਨ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਧਿਕਾਰਿਕ ਦਾਵਤ ਵਿੱਚ ਸ਼ਾਮਿਲ ਨਹੀਂ ਹੋਣਗੇ । ਦਰਅਸਲ, ਪਹਿਲਾਂ ਮਨਮੋਹਨ ਸਿੰਘ ਨੇ 25 ਫਰਵਰੀ ਨੂੰ ਹੋਣ ਵਾਲੀ ਇਸ ਦਾਵਤ ਦਾ ਸੱਦਾ ਸਵੀਕਾਰ ਕਰ ਲਿਆ ਸੀ, ਪਰ ਸੋਮਵਾਰ ਨੂੰ ਉਨ੍ਹਾਂ ਨੇ ਦਾਵਤ ਵਿੱਚ ਸ਼ਾਮਿਲ ਹੋਣ ਵਿੱਚ ਅਸਮਰੱਥਾ ਜ਼ਾਹਿਰ ਕੀਤੀ ।
ਮਨਮੋਹਨ ਸਿੰਘ ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਦਾਵਤ ਵਿੱਚ ਸ਼ਾਮਿਲ ਨਾ ਹੋ ਸਕਣ ਲਈ ਰਾਸ਼ਟਰਪਤੀ ਦਫ਼ਤਰ ਨਾਲ ਅਫਸੋਸ ਜਤਾਇਆ ਗਿਆ ਹੈ । ਵਿਰੋਧੀ ਪਾਰਟੀ ਕਾਂਗਰਸ ਮੋਦੀ ਸਰਕਾਰ ਤੋਂ ਨਾਰਾਜ਼ ਹੈ ਕਿ ਉਨ੍ਹਾਂ ਦੇ ਚੋਟੀ ਦੇ ਨੇਤਾਵਾਂ ਨੂੰ ਭਾਰਤ ਆਏ ਅਮਰੀਕਾ ਦੇ ਰਾਸ਼ਟਰਪਤੀ ਨਾਲ ਬੈਠਕ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਗਈ । ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਵੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੱਦਾ ਨਾ ਦੇਣ ਦੇ ਵਿਰੋਧ ਵਿੱਚ ਦਾਵਤ ਵਿੱਚ ਸ਼ਾਮਿਲ ਨਹੀਂ ਹੋਣਗੇ ।
ਦੱਸ ਦੇਈਏ ਕਿ ਲੋਕ ਸਭਾ ਵਿੱਚ ਕਾਂਗਰਸ ਦੇ ਮੈਂਬਰ ਅਧੀਰ ਰੰਜਨ ਚੌਧਰੀ ਨੇ ਵੀ ਪਾਰਟੀ ਦੇ ਚੋਟੀ ਦੇ ਨੇਤਾਵਾਂ ਨੂੰ ਸੱਦਾ ਨਾ ਦੇਣ ਦੇ ਵਿਰੋਧ ਵਿੱਚ ਦਾਵਤ ਵਿੱਚ ਸ਼ਾਮਿਲ ਨਾ ਹੋਣ ਦਾ ਫੈਸਲਾ ਲਿਆ ਹੈ । ਜ਼ਿਕਰਯੋਗ ਹੈ ਕਿ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਪਹਿਲਾਂ ਹੀ ਅਮਰੀਕੀ ਰਾਸ਼ਟਰਪਤੀ ਦੇ ਸਵਾਗਤ ਵਿੱਚ ਹੋ ਰਹੇ ਖਰਚੇ ਬਾਰੇ ਸਵਾਲ ਕਰ ਚੁੱਕੀਆਂ ਹਨ ।