ਚੰਡੀਗੜ੍ਹ-ਪੰਜਾਬ ਸਰਕਾਰ ਨੇ ਖ਼ਿੱਤੇ ਵਿਚ ਜਾਰੀ ਭਿਆਨਕ ਸੀਤ ਲਹਿਰ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਇਕ ਹਫ਼ਤੇ ਲਈ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਤਹਿਤ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਹੁਣ 7 ਜਨਵਰੀ ਤੱਕ ਛੁੱਟੀਆਂ ਰਹਿਣਗੀਆਂ ਅਤੇ ਸੂਬੇ ਦੇ ਸਾਰੇ ਸਕੂਲ 8 ਜਨਵਰੀ ਬੁੱਧਵਾਰ ਨੂੰ ਖੁੱਲ੍ਹਣਗੇ।
ਪਹਿਲਾਂ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ 24 ਤੋਂ 31 ਦਸੰਬਰ ਤੱਕ ਛੁੱਟੀਆਂ ਕੀਤੀਆਂ ਗਈਆਂ ਸਨ। ਹੁਣ ਇਹ ਛੁੱਟੀਆਂ ਇਕ ਹਫ਼ਤੇ ਲਈ ਵਧਾ ਦਿੱਤੀਆਂ ਗਈਆਂ ਹਨ।
ਇਹ ਐਲਾਨ ਮੰਗਲਵਾਰ ਨੂੰ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ (X) ਉਤੇ ਪੰਜਾਬੀ ਅਤੇ ਅੰਗਰੇਜ਼ੀ ਵਿਚ ਪਾਈ ਇਕ ਪੋਸਟ ਵਿਚ ਕੀਤਾ ਹੈ।
ਆਪਣੀ ਟਵੀਟ ਵਿਚ ਬੈਂਸ ਨੇ ਕਿਹਾ, ‘‘ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਾਰੇ ਸਕੂਲ 8 ਜਨਵਰੀ ਨੂੰ ਖੁਲ੍ਹਣਗੇ।’’