ਵਾਸ਼ਿੰਗਟਨ: ਭਾਰਤ ਅਤੇ ਕੈਨੇਡਾ ਦਰਮਿਆਨ ਚੱਲ ਰਹੇ ਕੂਟਨੀਤਕ ਸੰਕਟ (ਯੂਐਸ ਕੈਨੇਡਾ ਵਿਵਾਦ) ਵਿਚ ਹੁਣ ਅਮਰੀਕਾ ਤੇ ਬ੍ਰਿਟੇਨ ਵੀ ਕੁੱਦ ਗਿਆ ਹੈ। ਅਮਰੀਕਾ ਤੇ ਯੂਕੇ ਨੇ ਕੈਨੇਡੀਅਨ ਡਿਪਲੋਮੈਟਾਂ ਦੇ ਭਾਰਤ ਛੱਡਣ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਇਸ ਹਫ਼ਤੇ ਦੇ ਸ਼ੁਰੂ ਵਿਚ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਵਿਵਾਦ ਦੇ ਵਿਚਕਾਰ ਓਟਾਵਾ ਨੇ ਭਾਰਤ ਤੋਂ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਸੀ।
ਇਸ ਤੋਂ ਬਾਅਦ, ਅਮਰੀਕੀ ਵਿਦੇਸ਼ ਵਿਭਾਗ ਨੇ ਸ਼ੁੱਕਰਵਾਰ ਨੂੰ ਭਾਰਤ ਨੂੰ ਅਪੀਲ ਕੀਤੀ ਕਿ ਉਹ ਦੇਸ਼ ਵਿਚ ਆਪਣੀ ਕੂਟਨੀਤਕ ਮੌਜੂਦਗੀ ਨੂੰ ਘਟਾਉਣ ਲਈ ਕੈਨੇਡਾ ‘ਤੇ ਜ਼ੋਰ ਨਾ ਦੇਵੇ। ਇਕ ਰਿਪੋਰਟ ਮੁਤਾਬਕ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ, ”ਭਾਰਤ ‘ਚ ਆਪਣੀ ਡਿਪਲੋਮੈਟਿਕ ਮੌਜੂਦਗੀ ਨੂੰ ਕਾਫ਼ੀ ਘੱਟ ਕਰਨ ਦੀ ਕੈਨੇਡਾ ਸਰਕਾਰ ਦੀ ਮੰਗ ਦੇ ਜਵਾਬ ‘ਚ ਅਸੀਂ ਭਾਰਤ ਤੋਂ ਕੈਨੇਡੀਅਨ ਡਿਪਲੋਮੈਟਾਂ ਦੇ ਜਾਣ ਤੋਂ ਚਿੰਤਤ ਹਾਂ।”
ਇਸ ਸਾਲ ਜੂਨ ‘ਚ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦੀ ਸ਼ਮੂਲੀਅਤ ਹੋਣ ਦਾ ਦੋਸ਼ ਹੈ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ। ਭਾਰਤ ਨੇ ਸ਼ੁੱਕਰਵਾਰ ਨੂੰ 41 ਕੈਨੇਡੀਅਨ ਡਿਪਲੋਮੈਟਾਂ ਦੀ ਦੇਸ਼ ਤੋਂ ਵਾਪਸੀ ਨੂੰ ਅੰਤਰਰਾਸ਼ਟਰੀ ਨਿਯਮਾਂ ਦੀ ਉਲੰਘਣਾ ਵਜੋਂ ‘ਚਿਤਰਣ’ ਕਰਨ ਦੀਆਂ ਕੈਨੇਡਾ ਦੀਆਂ ਕੋਸ਼ਿਸ਼ਾਂ ਨੂੰ ਰੱਦ ਕਰ ਦਿੱਤਾ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਦੋ-ਪੱਖੀ ਕੂਟਨੀਤਕ ਸਮਾਨਤਾ ਨੂੰ ਯਕੀਨੀ ਬਣਾਉਣਾ ਪੂਰੀ ਤਰ੍ਹਾਂ ਡਿਪਲੋਮੈਟਿਕ ਰਿਲੇਸ਼ਨਜ਼ ‘ਤੇ ਵਿਏਨਾ ਕਨਵੈਨਸ਼ਨ ਦੇ ਉਪਬੰਧਾਂ ਦੇ ਮੁਤਾਬਕ ਹੈ। ਭਾਰਤ ਦੀ ਇਹ ਟਿੱਪਣੀ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਵੱਲੋਂ ਭਾਰਤ ਤੋਂ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦੇ ਐਲਾਨ ਤੋਂ ਬਾਅਦ ਆਈ ਹੈ, ਜਿਸ ਵਿੱਚ ਉਨ੍ਹਾਂ ਨੇ ਨਵੀਂ ਦਿੱਲੀ ਦੀ ਕਾਰਵਾਈ ਨੂੰ ‘ਅੰਤਰਰਾਸ਼ਟਰੀ ਕਾਨੂੰਨ ਦੇ ਉਲਟ’ ਅਤੇ ਡਿਪਲੋਮੈਟਿਕ ਰਿਲੇਸ਼ਨਜ਼ ‘ਤੇ ਵਿਆਨਾ ਕਨਵੈਨਸ਼ਨ ਦੀ ਉਲੰਘਣਾ ਦੱਸਿਆ ਹੈ।