ਇਸਲਾਮਾਬਾਦ: ਭਾਰਤ ਤੇ ਪਾਕਿਸਤਾਨ ਦਰਮਿਆਨ ਜਾਰੀ ਤਣਾਅ ਦੇ ਬਾਵਜੂਦ ਕਰਤਾਰਪੁਰ ਗਲਿਆਰਾ ਦੋ ਮਹੀਨੇ ਬਾਅਦ ਯਾਨੀ ਨਵੰਬਰ ਤੋਂ ਸ਼ੁਰੂ ਹੋਣ ਦੀ ਉਮੀਦ ਹੈ। ਦੋ ਦੇਸ਼ਾਂ ਦਰਮਿਆਨ ਆਪਣੀ ਕਿਸਮ ਦੇ ਪਹਿਲੇ ਲਾਂਘੇ ਥਾਣੀਂ ਸਿੱਖ ਸ਼ਰਧਾਲੂ ਬਗੈਰ ਵੀਜ਼ਾ ਲਏ ਗੁਰੂ ਨਾਨਕ ਦੇਵ ਜੀ ਦੇ ਅੰਤਲੇ ਸਮੇਂ ਨਾਲ ਸਬੰਧਤ ਅਸਥਾਨ ਦੇ ਦਰਸ਼ਨਾਂ ਲਈ ਜਾ ਸਕਣਗੇ।
ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਉੱਥੋਂ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਛੇਤੀ ਹੀ ਇੱਕ ਬੈਠਕ ਸੱਦੀ ਜਾਵੇਗੀ। ਬੁਲਾਰੇ ਨੇ ਕਿਹਾ ਕਿ ਬਾਬਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਕੌਰੀਡੋਰ ਖੋਲ੍ਹਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਭਾਰਤ ਵੱਲੋਂ ਜੰਮੂ ਤੇ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਬੇਅਸਰ ਕਰਨ ਤੋਂ ਬਾਅਦ ਪਾਕਿਸਤਾਨ ਨਾਰਾਜ਼ ਹੈ। ਉਸ ਨੇ ਭਾਰਤ ਨਾਲ ਵਪਾਰਕ ਤੇ ਸੱਭਿਆਚਾਰਕ ਰਿਸ਼ਤੇ ਖ਼ਤਮ ਕਰਨ ਦਾ ਵੀ ਫੈਸਲਾ ਕਰ ਲਿਆ ਹੈ। ਪਰ ਕਰਤਾਰਪੁਰ ਗਲਿਆਰੇ ਬਾਰੇ ਪਾਕਿਸਤਾਨ ਸਰਕਾਰ ਦੀ ਸਵੱਲੀ ਨਜ਼ਰ ਸਿੱਖ ਭਾਈਚਾਰੇ ਲਈ ਰਾਹਤ ਦੀ ਖ਼ਬਰ ਹੈ।