36.52 F
New York, US
February 23, 2025
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਦਿਵਿਆਂਗ ਵਿਅਕਤੀਆਂ ਦੀ ਭਲਾਈ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ:ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ।

ਇੱਥੇ ਆਪਣੇ ਅਧਿਕਾਰਕ ਰਿਹਾਇਸ਼ `ਤੇ ਸਮਾਜਿਕ ਨਿਆਂ ਅਤੇ ਬਾਲ ਭਲਾਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਖਾਲੀ ਅਸਾਮੀਆਂ ਦੇ ਬੈਕਲਾਗ ਦੀ ਸ਼ਨਾਖਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ ਬੈਕਲਾਗ ਵਜੋਂ ਸਿੱਧੀ ਭਰਤੀ ਦੀਆਂ 1754 ਅਸਾਮੀਆਂ ਅਤੇ ਤਰੱਕੀ ਦੀਆਂ 556 ਅਸਾਮੀਆਂ ਦੀ ਪਛਾਣ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਖ਼ਾਲੀ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ।

ਮੁੱਖ ਮੰਤਰੀ ਨੇ ਅੰਗਹੀਣ ਵਿਅਕਤੀਆਂ ਦੇ ਅਧਿਕਾਰ ਐਕਟ, 2016 ਦੇ ਨਿਯਮਾਂ ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਕਿਹਾ ਕਿ ਨਿਯਮਾਂ ਦੀ ਇਹ ਸੋਧ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਦੀ ਰਾਖੀ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀ ਸਮਾਜ ਦੇ ਅਸਲੀ ਨਾਇਕ ਹੁੰਦੇ ਹਨ ਕਿਉਂਕਿ ਉਹ ਬਹੁਤ ਸਾਰੀਆਂ ਔਕੜਾਂ ਦੇ ਬਾਵਜੂਦ ਜ਼ਿੰਦਗੀ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਸਖ਼ਤ ਉਪਰਾਲੇ ਕਰ ਰਹੀ ਹੈ ਕਿ ਅਜਿਹੇ ਸਾਰੇ ਲੋਕ ਇੱਜ਼ਤ-ਮਾਣ ਨਾਲ ਜੀਵਨ ਬਤੀਤ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਸਰਵਪੱਖੀ ਵਿਕਾਸ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਨੇਤਰਹੀਣਾਂ ਦੇ ਆਸ਼ਰਿਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਹੈ ਅਤੇ ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਬੱਸਾਂ ਦੇ ਕਿਰਾਏ ਵਿੱਚ ਦਿਵਿਆਂਗ ਵਿਅਕਤੀਆਂ ਨੂੰ 50 ਫੀਸਦੀ ਰਿਆਇਤ ਦਿੱਤੀ ਗਈ ਹੈ ਅਤੇ 2023-24 ਦੌਰਾਨ 7.5 ਲੱਖ ਯਾਤਰੀਆਂ ਨੂੰ ਲਾਭ ਦੇ ਕੇ 2.19 ਕਰੋੜ ਰੁਪਏ ਖ਼ਰਚੇ ਗਏ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ 2.65 ਲੱਖ ਦਿਵਿਆਂਗ ਵਿਅਕਤੀਆਂ ਨੂੰ ਸਟੇਟ ਪੈਨਸ਼ਨ ਸਕੀਮ ਅਧੀਨ ਕਵਰ ਕੀਤਾ ਹੈ ਅਤੇ 2024-25 ਦੌਰਾਨ ਲਾਭਪਾਤਰੀਆਂ ਨੂੰ 278.17 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗ ਬੱਚਿਆਂ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 12607 ਲਾਭਪਾਤਰੀਆਂ ਨੂੰ 3.37 ਕਰੋੜ ਰੁਪਏ ਦੀ ਰਾਸ਼ੀ ਵਜ਼ੀਫੇ ਵਜੋਂ ਅਦਾ ਕੀਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ 144 ਸਰਕਾਰੀ ਇਮਾਰਤਾਂ ਨੂੰ ਦਿਵਿਆਂਗ ਵਿਅਕਤੀਆਂ ਦੇ ਅਨੁਕੂਲ ਬਣਾਉਣ ਲਈ ਐਸ.ਆਈ.ਪੀ.ਡੀ.ਏ. ਸਕੀਮ ਤਹਿਤ 23.16 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਮਾਣ ਨਾਲ ਜੀਵਨ ਬਤੀਤ ਕਰਨ ਦਾ ਮੌਕਾ ਦੇਣ ਲਈ ਸੂਬਾ ਸਰਕਾਰ ਨੇ ਪਿਛਲੇ ਦੋ ਸਾਲਾਂ ਦੌਰਾਨ 105 ਦਿਵਿਆਂਗ ਵਿਅਕਤੀਆਂ ਨੂੰ ਰਿਆਇਤੀ ਵਿਆਜ ਦਰਾਂ `ਤੇ 1.31 ਕਰੋੜ ਰੁਪਏ ਦੇ ਕਰਜ਼ੇ ਪ੍ਰਾਪਤ ਕਰਨ ਦੀ ਸਹੂਲਤ ਦਿੱਤੀ ਹੈ। ਉਨ੍ਹਾਂ ਕਿਹਾ ਕਿ 21 ਦਿਵਿਆਂਗ ਵਿਅਕਤੀਆਂ ਨੂੰ ਵੱਖ-ਵੱਖ ਸੰਸਥਾਵਾਂ ਜਿਵੇਂ ਕਿ ਮਿਲਕਫੈੱਡ, ਮਾਰਕਫੈੱਡ ਅਤੇ ਹੋਰ ਸੰਸਥਾਵਾਂ ਤੋਂ ਬੂਥ ਦਿਵਾਏ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਇਸ ਵਰਗ ਦੀ ਭਲਾਈ ਲਈ ਹਰ ਹਰਬਾ ਵਰਤੇਗੀ।

Related posts

ਗਰਭ ਅਵਸਥਾ ਤੋਂ ਅਣਜਾਣ ਔਰਤ ਨੇ ਜਣੇਪੇ ਦੀਆਂ ਪੀੜਾਂ ਨਾਲ ਦਿੱਤਾ ਤੰਦਰੁਸਤ ਬੱਚੇ ਨੂੰ ਜਨਮ

On Punjab

ਜਗਰਾਉਂ ਵਿੱਚ ਨਿਕਾਸੀ ਪ੍ਰਬੰਧਾਂ ਦੀ ਪੋਲ ਖੁੱਲ੍ਹੀ

On Punjab

ਸੂਰਜ ‘ਚ ਪਿਛਲੇ 4 ਸਾਲਾਂ ਦਾ ਸਭ ਤੋਂ ਵੱਡਾ ਧਮਾਕਾ, Solar Flare ਨਾਲ ਥੋੜ੍ਹੀ ਦੇਰ ਲਈ Radio Blackout ਹੋਈ ਧਰਤੀ

On Punjab