PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਨਕਦੀ ਵਿਵਾਦ: ਸੁਪਰੀਮ ਕੋਰਟ ਦੀ ਕਮੇਟੀ ਵੱਲੋਂ ਜਾਂਚ ਸ਼ੁਰੂ

ਨਵੀਂ ਦਿੱਲੀ- ਸੁਪਰੀਮ ਕੋਰਟ ਵੱਲੋਂ ਕਾਇਮ ਤਿੰਨ ਮੈਂਬਰੀ ਕਮੇਟੀ ਨੇ ਅੱਜ ਦਿੱਲੀ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨਾਲ ਸਬੰਧਤ ਕਥਿਤ ਨਕਦੀ ਵਸੂਲੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਕਮੇਟੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ, ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਚੀਫ ਜਸਟਿਸ ਜੀਐੱਸ ਸੰਧਾਵਾਲੀਆ ਅਤੇ ਕਰਨਾਟਕ ਹਾਈ ਕੋਰਟ ਦੇ ਜੱਜ ਅਨੂ ਸ਼ਿਵਰਾਮਨ ਸ਼ਾਮਲ ਹਨ। ਇਸ ਦੌਰਾਨ ਕਾਂਗਰਸ ਨੇ ਅੱਜ ਲੋਕ ਸਭਾ ਵਿੱਚ ਇਹ ਮੁੱਦਾ ਚੁੱਕਿਆ ਅਤੇ ਇਸ ’ਤੇ ਚਰਚਾ ਦੀ ਮੰਗ ਕੀਤੀ। ਸੂਤਰਾਂ ਨੇ ਦੱਸਿਆ ਕਿ ਕਮੇਟੀ ਦੇ ਤਿੰਨੋਂ ਮੈਂਬਰ ਜਸਟਿਸ ਵਰਮਾ ਦੇ 30, ਤੁਗਲਕ ਕ੍ਰੀਸੈਂਟ ਸਥਿਤ ਸਰਕਾਰੀ ਰਿਹਾਇਸ਼ ਪਹੁੰਚੇ। ਇੱਥੇ ਉਨ੍ਹਾਂ ਲਗਪਗ 30-35 ਮਿੰਟ ਨਿਰੀਖਣ ਕੀਤਾ। ਜਸਟਿਸ ਵਰਮਾ ਦੀ ਸਰਕਾਰੀ ਰਿਹਾਇਸ਼ ’ਤੇ 14 ਮਾਰਚ ਨੂੰ ਰਾਤ 11.35 ਵਜੇ ਦੇ ਕਰੀਬ ਅੱਗ ਲੱਗਣ ਮਗਰੋਂ ਮੌਕੇ ’ਤੇ ਪਹੁੰਚੇ ਫਾਇਰ ਬ੍ਰਿਗੇਡ ਮੁਲਾਜ਼ਮਾਂ ਨੇ ਅੱਗ ’ਤੇ ਕਾਬੂ ਪਾਇਆ ਅਤੇ ਇਸ ਪ੍ਰਕਿਰਿਆ ਦੌਰਾਨ ਉਥੋਂ ਨਕਦੀ ਬਰਾਮਦ ਹੋਈ ਸੀ। ਇਸ ਘਟਨਾ ਤੋਂ ਬਾਅਦ 22 ਮਾਰਚ ਨੂੰ ਚੀਫ ਜਸਟਿਸ ਸੰਜੀਵ ਖੰਨਾ ਨੇ ਜਸਟਿਸ ਵਰਮਾ ਖ਼ਿਲਾਫ਼ ਦੋਸ਼ਾਂ ਦੀ ਜਾਂਚ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ। ਜਸਟਿਸ ਵਰਮਾ ਨੇ ਨਕਦੀ ਬਾਰੇ ਦੋਸ਼ ਨਕਾਰਦਿਆਂ ਕਿਹਾ ਕਿ ਉਨ੍ਹਾਂ ਜਾਂ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਮੈਂਬਰ ਨੇ ਕਦੇ ਵੀ ਸਟੋਰ ਰੂਮ ਵਿੱਚ ਕੋਈ ਨਕਦੀ ਨਹੀਂ ਰੱਖੀ। ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਡੀਕੇ ਉਪਾਧਿਆਏ ਨੂੰ ਸੌਂਪੇ ਗਏ ਆਪਣੇ ਜਵਾਬ ਵਿੱਚ ਜਸਟਿਸ ਵਰਮਾ ਨੇ ਕਿਹਾ ਕਿ ਉਨ੍ਹਾਂ ਦੀ ਰਿਹਾਇਸ਼ ਤੋਂ ਨਕਦੀ ਦੀ ਬਰਾਮਦਗੀ ਦੇ ਦੋਸ਼ ਸਪੱਸ਼ਟ ਤੌਰ ’ਤੇ ਉਨ੍ਹਾਂ ਨੂੰ ਫਸਾਉਣ ਅਤੇ ਬਦਨਾਮ ਕਰਨ ਦੀ ਸਾਜ਼ਿਸ਼ ਜਾਪਦੇ ਹਨ। ਕਾਂਗਰਸ ਸੰਸਦ ਮੈਂਬਰ ਹਿਬੀ ਏਡਨ ਨੇ ਅੱਜ ਲੋਕ ਸਭਾ ਵਿੱਚ ਦਿੱਲੀ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਦੀ ਰਿਹਾਇਸ਼ ਤੋਂ ਬਰਾਮਦ ਹੋਈ ਨਕਦੀ ਦਾ ਮੁੱਦਾ ਚੁੱਕਿਆ ਅਤੇ ਇਸ ’ਤੇ ਚਰਚਾ ਦੀ ਮੰਗ ਕੀਤੀ। ਉਨ੍ਹਾਂ ਨੇ ਸਦਨ ਵਿੱਚ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਇਆ। ਏਡਨ ਨੇ ਕਿਹਾ ਕਿ ਇਹ ਬਹੁਤ ਨਿਰਾਸ਼ਾਜਨਕ ਘਟਨਾ ਹੈ ਅਤੇ ਇਸ ਨਾਲ ਲੋਕਾਂ ਦਾ ਨਿਆਂਪਾਲਿਕਾ ਵਿੱਚ ਭਰੋਸਾ ਘਟਦਾ ਹੈ। ਕਾਂਗਰਸ ਮੈਂਬਰ ਨੇ ਜ਼ੋਰ ਦੇ ਕੇ ਕਿਹਾ ਕਿ ਨਿਆਂਪਾਲਿਕਾ ਲੋਕਤੰਤਰ ਦਾ ਸਭ ਤੋਂ ਅਹਿਮ ਥੰਮ੍ਹ ਹੈ ਅਤੇ ਇਸ ਦਾ ਭ੍ਰਿਸ਼ਟਾਚਾਰ ਤੋਂ ਮੁਕਤ ਹੋਣਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ, ‘ਸਦਨ ਵਿੱਚ ਇਸ ’ਤੇ ਚਰਚਾ ਹੋਣੀ ਚਾਹੀਦੀ ਹੈ। ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਨਿਆਂਪਾਲਿਕਾ ਵਿੱਚ ਪਾਰਦਰਸ਼ਤਾ ਹੋਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ।88

Related posts

ਵਿਆਹਾਂ ‘ਚ ਹੋ ਰਿਹੈ ਬਦਲਾਵ..

Pritpal Kaur

ਦਿੱਲੀ ਹਿੰਸਾ ਕਾਰਨ ਜਾਮੀਆ ਮਿਲੀਆ ਯੂਨੀਵਰਸਿਟੀ 5 ਜਨਵਰੀ ਤੱਕ ਬੰਦ

On Punjab

ਭਾਜਪਾ ਵੱਲੋਂ 26 ਸਾਲਾਂ ਬਾਅਦ ਦਿੱਲੀ ਦਾ ਬਜਟ ਪੇਸ਼

On Punjab