ਐੱਸਏਐੱਸ ਨਗਰ (ਮੁਹਾਲੀ)-ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ ਰੋਕਣ ਲਈ ਮੁਹਾਲੀ ਜ਼ਿਲ੍ਹੇ ਵਿੱਚ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਲਾਂਡਰਾਂ-ਖਰੜ ਮੁੱਖ ਸੜਕ ’ਤੇ ਦੋ ਵਿਅਕਤੀਆਂ ਨੂੰ 48 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਆਬਕਾਰੀ ਵਿਭਾਗ ਦੇ ਇੰਸਪੈਕਟਰ ਵਿਕਾਸ ਕੁਮਾਰ ਦੀ ਅਗਵਾਈ ਹੇਠ ਪੁਲੀਸ ਦੇ ਸਹਿਯੋਗ ਨਾਲ ਨਾਕਾਬੰਦੀ ਕਰ ਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਖਰੜ ਤੋਂ ਲਾਂਡਰਾਂ ਵੱਲ ਐਕਟਿਵਾ ’ਤੇ ਸਵਾਰ ਹੋ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੇ ਬੈਗਾਂ ਦੀ ਤਲਾਸ਼ੀ ਲਈ ਤਾਂ 48 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਇਸ ਤੋਂ ਬਾਅਦ ਦੋਵੇਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਪਛਾਣ ਵਿਨੋਦ ਕੁਮਾਰ ਸਾਗਰ ਅਤੇ ਰਿਸ਼ੀ ਕੁਮਾਰ ਵਾਸੀ ਮੰਡੀ ਗੋਬਿੰਦਗੜ੍ਹ (ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ) ਵਜੋਂ ਹੋਈ ਹੈ।
ਆਬਕਾਰੀ ਵਿਭਾਗ ਦੇ ਇੰਸਪੈਕਟਰ ਵਿਕਾਸ ਕੁਮਾਰ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਚੰਡੀਗੜ੍ਹ ਤੋਂ ਸ਼ਰਾਬ ਲੈ ਕੇ ਮੰਡੀ ਗੋਬਿੰਦਗੜ੍ਹ ਜਾ ਰਹੇ ਸਨ। ਜੋ ਉਨ੍ਹਾਂ ਨੇ ਮੰਡੀ ਗੋਬਿੰਦਗੜ੍ਹ ਖੇਤਰ ਵਿੱਚ ਮਹਿੰਗੇ ਭਾਅ ’ਤੇ ਵੇਚੀ ਜਾਣੀ ਸੀ। ਇਸ ਸਬੰਧੀ ਮੁਲਜ਼ਮਾਂ ਦੇ ਖ਼ਿਲਾਫ਼ ਖਰੜ ਥਾਣੇ ਵਿੱਚ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।