ਚੰਡੀਗੜ੍ਹ: ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਬਦਸਲੂਕੀ ਕਰਨ ਤੇ ਕਥਿਤ ਤੌਰ ’ਤੇ ਧਮਕੀ ਦੇਣ ਦੇ ਦੋਸ਼ਾਂ ਹੇਠ ਨਾਮਜ਼ਦ ਕੀਤੇ ਗਏ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਹੋਰ ਵੀ ਵੱਧ ਗਈਆਂ ਹਨ । ਬੀਤੇ ਦਿਨੀਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਵੀ ਗੁਰਦਾਸਪੁਰ ਦੇ ਸੈਸ਼ਨਜ਼ ਜੱਜ ਰਮੇਸ਼ ਕੁਮਾਰੀ ਵੱਲੋਂ ਰੱਦ ਕਰ ਦਿੱਤੀ ਗਈ ਸੀ । ਜਿਸ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਕਿਸੇ ਵੀ ਵੇਲੇ ਗ੍ਰਿਫ਼ਤਾਰ ਕਰ ਸਕਦੀ ਹੈ । ਦਰਅਸਲ, ਬੈਂਸ ਵੱਲੋਂ ਅਗਾਊਂ ਜ਼ਮਾਨਤ ਦੀ ਪਟੀਸ਼ਨ 12 ਸਤੰਬਰ ਨੂੰ ਦਾਇਰ ਕੀਤੀ ਗਈ ਸੀ । ਜਿਸ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ 16 ਸਤੰਬਰ ਤੱਕ ਇਹ ਮਾਮਲਾ ਮੁਲਤਵੀ ਕਰ ਦਿੱਤਾ ਗਿਆ ਸੀ ।
ਇਸ ਮਾਮਲੇ ਵਿੱਚ ਜ਼ਿਲ੍ਹਾ ਅਟਾਰਨੀ ਵੱਲੋਂ ਆਪਣਾ ਪੱਖ ਰੱਖਦਿਆਂ ਕਿਹਾ ਗਿਆ ਸੀ ਕਿ ਡਿਪਟੀ ਕਮਿਸ਼ਨਰ ਨਾਲ ਬਦਸਲੂਕੀ ਤੇ ਧਮਕਾਉਣ ਦੇ ਮਾਮਲੇ ਵਿੱਚ ਬੈਂਸ ਦੀ ਗ੍ਰਿਫ਼ਤਾਰੀ ਬਹੁਤ ਜ਼ਰੂਰੀ ਹੈ । ਉਨ੍ਹਾਂ ਦੱਸਿਆ ਸੀ ਕਿ ਇਹ ਘਟਨਾ ਵਾਪਰਨ ਦੇ ਸਮੇਂ ਬੈਂਸ ਨਾਲ ਬਹੁਤ ਸਾਰੇ ਲੋਕ ਮੌਜੂਦ ਸਨ । ਇਸ ਮਾਮਲੇ ਵਿੱਚ ਸਰਕਾਰੀ ਵਕੀਲ ਦਾ ਕਹਿਣਾ ਸੀ ਕਿ ਬੈਂਸ ਦੀ ਗ੍ਰਿਫ਼ਤਾਰੀ ਨਾਲ ਉਨ੍ਹਾਂ ਤੋਂ ਪੁੱਛਗਿੱਛ ਕਰ ਕੇ ਉਸ ਦੇ ਸਾਥੀਆਂ ਦਾ ਪਤਾ ਲਗਾਉਣਾ ਵੀ ਬਹੁਤ ਜ਼ਰੂਰੀ ਹੈ, ਤਾਂ ਜੋ ਇਸ ਮਾਮਲੇ ਦੀ ਸਹੀ ਢੰਗ ਨਾਲ ਛਾਣਬੀਣ ਹੋ ਸਕੇ ।ਇਸ ਮਾਮਲੇ ਵਿੱਚ ਵਕੀਲ ਦਾ ਕਹਿਣਾ ਸੀ ਕਿ ਇਸ ਵਾਇਰਲ ਹੋਈ ਵੀਡੀਓ ਨਾਲ ਛੇੜਖਾਨੀ ਕੀਤੀ ਗਈ ਹੈ, ਜਿਸ ਨੂੰ ਫ਼ਾਰੈਂਸਿਕ ਲੈਬ ਭੇਜਣਾ ਜ਼ਰੂਰੀ ਹੈ । ਉੱਥੇ ਹੀ ਦੂਜੇ ਪਾਸੇ ਬੈਂਸ ਵੱਲੋਂ ਪੇਸ਼ ਹੋਏ ਵਕੀਲਾਂ ਨੇ ਸਰਕਾਰੀ ਧਿਰ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਤੇ ਕਿਹਾ ਸੀ ਕਿ ਬੈਂਸ ਨਾਲ ਜਿਹੜੇ ਲੋਕ ਦਫ਼ਤਰ ਗਏ ਸਨ, ਉਹ ਪਟਾਕਾ ਫ਼ੈਕਟਰੀ ਧਮਾਕੇ ਵਿੱਚ ਲਾਪਤਾ ਵਿਅਕਤੀ ਦੇ ਰਿਸ਼ਤੇਦਾਰ ਸਨ ਦੱਸ ਦੇਈਏ ਕਿ ਦੱਸ ਦੇਈਏ ਕਿ ਬਟਾਲਾ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਹੋਏ ਧਮਾਕੇ ਤੋਂ ਬਾਅਦ ਇੱਕ ਪਰਿਵਾਰ ਨੂੰ ਮ੍ਰਿਤਕ ਦੀ ਲਾਸ਼ ਨਾ ਮਿਲਣ ਕਾਰਨ ਵਿਧਾਇਕ ਬੈਂਸ ਵੱਲੋਂ ਡੀਸੀ ਤੋਂ ਸਵਾਲ-ਜਵਾਬ ਕੀਤੇ ਗਏ ਸਨ । ਜਿਸ ਦੌਰਾਨ ਸਿਮਰਜੀਤ ਬੈਂਸ ਨੇ ਡੀਸੀ ਗੁਰਦਾਸਪੁਰ ਵਿਪੁਲ ਉਜਵਲ ਦੇ ਨਾਲ ਬਦਸਲੂਕੀ ਕੀਤੀ, ਜਿਸ ਦੀ ਵੀਡੀਓ ਵੀ ਕਾਫੀ ਵਾਇਰਲ ਹੋਈ ਸੀ । ਜਿਸ ਕਾਰਨ ਬਟਾਲਾ ਬਲਬੀਰ ਸਿੰਘ ਦੀ ਸ਼ਿਕਾਇਤ ‘ਤੇ ਬਟਾਲਾ ਦੇ ਸਿਟੀ ਥਾਣੇ ਵਿੱਚ ਗੈਰ ਜ਼ਮਾਨਤੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ । ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮਾਮਲੇ ਦਾ ਨੋਟਿਸ ਵੀ ਲਿਆ ਗਿਆ । ਜਿਸ ਵਿੱਚ ਉਨ੍ਹਾਂ ਨੇ ਸਿਮਰਜੀਤ ਬੈਂਸ ਖਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਸਨ ।