ਮੈਸੂਰ-ਕਰਨਾਟਕ ਦੇ ਇਕ ਪੁਲੀਸ ਸਟੇਸ਼ਨ ’ਤੇ ਹਮਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਕੁੱਝ ਗ੍ਰਿਫਤਾਰੀਆਂ ਹੋਣ ਉਪਰੰਤ ਹੁਣ ਤੱਕ ਕੁੱਲ 16 ਵਿਅਕਤੀ ਗ੍ਰਿਫ਼ਤਾਰ ਹੋ ਚੁੱਕੇ ਹਨ, ਜਦੋਂ ਕਿ ਇਸ ਸਬੰਧ ਵਿੱਚ 1,000 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਸੂਤਰਾਂ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਅਤੇ ਟਿਕਾਣਿਆਂ ਦਾ ਪਤਾ ਲਗਾਇਆ ਜਾ ਰਿਹਾ ਹੈ, ਜਿਸ ਪਿੱਛੋਂ ਹੋਰ ਵੀ ਕਈ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਮੁਲਜ਼ਮ ਆਪਣੇ ਘਰ ਮੋਬਾਈਲ ਫੋਨ ਛੱਡ ਕੇ ਗਾਇਬ ਹੋ ਗਏ ਹਨ।
ਫੜੇ ਗਏ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਸੀਸੀਟੀਵੀ ਫੁਟੇਜ ਰਾਹੀਂ 100 ਤੋਂ ਵੱਧ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਸਥਾਨਕ ਅਦਾਲਤ ਸਤੀਸ਼ ਉਰਫ਼ ਪਾਂਡੂਰੰਗਾ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ, ਜਿਸ ਨੇ ਹਿੰਸਾ ਅਤੇ ਦੰਗਿਆਂ ਦੇ ਨਤੀਜੇ ਵਜੋਂ ਵਿਵਾਦਪੂਰਨ ਸੋਸ਼ਲ ਮੀਡੀਆ ਪੋਸਟ ਪਾਈ ਸੀ।
ਇਸ ਤੋਂ ਪਹਿਲਾਂ ਕਰਨਾਟਕ ਪੁਲੀਸ ਨੇ ਮੈਸੂਰ ਦੇ ਕਲਿਆਣਨਗਰ ਦੇ ਨਿਵਾਸੀ ਸਤੀਸ਼ ਉਰਫ਼ ਪਾਂਡੂਰੰਗਾ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਦਾ ਜਸ਼ਨ ਮਨਾਉਂਦੇ ਹੋਏ ਇੱਕ ਵਿਸ਼ੇਸ਼ ਭਾਈਚਾਰੇ ਵਿਰੁੱਧ ਫਿਰਕੂ ਟਿੱਪਣੀ ਕਰਨ ਵਾਲੀ ਇੱਕ ਵਿਵਾਦਤ ਸੋਸ਼ਲ ਮੀਡੀਆ ਪੋਸਟ ਦੇ ਸਬੰਧ ਵਿੱਚ ਹਿਰਾਸਤ ਵਿੱਚ ਲਿਆ ਸੀ। ਇਸ ਪੋਸਟ ਨਾਲ ਮੈਸੂਰ ਸ਼ਹਿਰ ਵਿੱਚ ਤਣਾਅ ਪੈਦਾ ਹੋ ਗਿਆ ਸੀ।
ਮੁਲਜ਼ਮਾਂ ਨੇ ਕਾਂਗਰਸ ਆਗੂ ਰਾਹੁਲ ਗਾਂਧੀ, ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਅਤੇ ਅਰਵਿੰਦ ਕੇਜਰੀਵਾਲ ਦਾ ਮਜ਼ਾਕ ਉਡਾਉਂਦੇ ਹੋਏ ਪੋਸਟ ਪਾਈ ਸੀ। ਦੋਸ਼ੀ ਨੇ ਕਥਿਤ ਤੌਰ ‘ਤੇ ਇਕ ਵਿਸ਼ੇਸ਼ ਧਾਰਮਿਕ ਸਮੂਹ ਦੇ ਖ਼ਿਲਾਫ਼ ਭੜਕਾਊ ਫਿਰਕੂ ਬਿਆਨਬਾਜ਼ੀ ਕੀਤੀ ਅਤੇ ਇਹ ਪੋਸਟ ਸੋਮਵਾਰ ਸ਼ਾਮ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ।
ਸੋਮਵਾਰ ਦੇਰ ਰਾਤ ਤੱਕ ਘੱਟਗਿਣਤੀ ਭਾਈਚਾਰੇ ਦੇ ਇੱਕ ਸਮੂਹ ਨੇ ਉਦਯਾਗਿਰੀ ਥਾਣੇ ਦੇ ਸਾਹਮਣੇ ਇਕੱਠੇ ਹੋ ਕੇ ਦੋਸ਼ੀ ਵਿਅਕਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਪੁਲੀਸ ਦੇ ਸਮਝਾਉਣ ਦੇ ਬਾਵਜੂਦ ਸਥਿਤੀ ਹਿੰਸਕ ਹੋ ਗਈ ਅਤੇ ਭੀੜ ਨੇ ਪੁਲੀਸ ਸਟੇਸ਼ਨ ’ਤੇ ਪਥਰਾਅ ਸ਼ੁਰੂ ਕਰ ਦਿੱਤਾ। ਭੀੜ ਨੇ ਡੀਸੀਪੀ ਦੀ ਸਰਕਾਰੀ ਗੱਡੀ ’ਤੇ ਵੀ ਹਮਲਾ ਕਰ ਦਿੱਤਾ। ਸਥਿਤੀ ਕਾਬੂ ਤੋਂ ਬਾਹਰ ਹੋ ਗਈ ਤਾਂ ਪੁਲੀਸ ਨੇ ਲਾਠੀਚਾਰਜ ਕੀਤਾ ਅਤੇ ਬਾਅਦ ਵਿੱਚ ਅੱਥਰੂ ਗੈਸ ਦੇ ਗੋਲੇ ਛੱਡੇ।