18.93 F
New York, US
January 23, 2025
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਪ੍ਰਤਾਪ ਸਿੰਘ ਬਾਜਵਾ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਹਾ- ਨਰਿੰਦਰ ਮੋਦੀ ਤੇ ਭਗਵੰਤ ਮਾਨ ਝੂਠਾਂ ਦਾ ਖੱਟਿਆ ਖਾ ਰਹੇ

ਪਾਤੜਾਂ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖਨੌਰੀ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੌਰਾਨ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਉਪਰੰਤ ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਵੀ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖੇਤੀ ਕਾਨੂੰਨਾਂ ਦੀ ਵਾਪਸੀ ਵੇਲੇ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਪੂਰਾ ਕਰਨ ਦੀ ਬਜਾਏ ਕਿਸਾਨਾਂ ਨੂੰ ਦਬਾਉਣ ’ਤੇ ਲੱਗੀ ਹੋਈ ਹੈ, ਉੱਥੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਨੂੰ ਕੰਗਾਲੀ ਵੱਲ ਤੱਕ ਰਹੀ ਹੈ।

ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਕਿਸਾਨ ਸੰਘਰਸ਼ ਦੌਰਾਨ 750 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ ਅਤੇ ਦਿੱਲੀ ਸਰਹੱਦ ’ਤੇ ਉਸ ਮੋਰਚੇ ’ਤੇ ਸ਼ਹੀਦ ਹੋਏ ਸਾਰੇ ਕਿਸਾਨਾਂ ਨੂੰ 5 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਕੇਂਦਰ ਸਰਕਾਰ ਨੇ ਕਿਹਾ ਸੀ ਕਿ ਜੋ ਪੰਜਾਬ ਤੋਂ ਬਾਹਰ ਹਨ, ਉਨ੍ਹਾਂ ਨੂੰ ਮੁਆਵਜ਼ਾ ਅਤੇ ਨੌਕਰੀ ਦੇਵਾਂਗੇ, ਪਰ ਕਿਸੇ ਨੂੰ ਵੀ ਨੌਕਰੀ ਨਹੀਂ ਮਿਲੀ। ਉਨ੍ਹਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ ਝੂਠਾਂ ਦਾ ਖੱਟਿਆ ਖਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਕਿਸਾਨਾਂ ਦਾ ਸਾਥ ਦੇਵੇਗੀ।

ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਕਿਸਾਨਾਂ ਨਾਲ ਇੱਕਮੁੱਠ ਹੋ ਕੇ ਚੱਲ ਰਹੇ ਅੰਦੋਲਨ ਵਿੱਚ ਹਰ ਸੰਭਵ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਸੀਂ ਇਕੱਠੇ ਹੋ ਕੇ ਇਹ ਯਕੀਨੀ ਬਣਾਵਾਂਗੇ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਕੀਤੀ ਜਾਵੇ। ਇਸ ਮੌਕੇ ਪਵਨ ਪਟਵਾਰੀ, ਸੀਨੀਅਰ ਕਾਂਗਰਸੀ ਆਗੂ ਦਲੇਰ ਸਿੰਘ ਹਰਿਆਊ, ਸਾਬਕਾ ਸਰਪੰਚ ਮੋਹਰ ਸਿੰਘ ਜਿਓਂਪੁਰਾ, ਨਿਰਮਲ ਸਿੰਘ ਪੰਨੂ, ਸ਼ਹਿਰੀ ਕਾਂਗਰਸ ਪ੍ਰਧਾਨ ਰਾਕੇਸ਼ ਕੁਮਾਰ ਹੈਪੀ, ਧੰਨਾ ਸਿੰਘ ਕੁਲਵਾਣੂ, ਮਲਕੀਤ ਸਿੰਘ ਘੱਗਾ, ਕੁਲਵੰਤ ਸ਼ਰਮਾ ਆਸ਼ੂ ਪਟਵਾਰੀ ਅਤੇ ਕਮਲ ਸ਼ਰਮਾ ਆਦਿ ਹਾਜ਼ਰ ਸਨ।

Related posts

ਪਾਕਿਸਤਾਨ ਸਰਕਾਰ ਨੇ ਲੋਕਾਂ ਸਿਰ ਭੰਨ੍ਹਿਆ ਕੋਰੋਨਾ ਦੇ ਵਧਦੇ ਮਾਮਲਿਆਂ ਦਾ ਠੀਕਰਾ, ਜਾਣੋ ਕੀ ਕਹਿੰਦੇ ਨੇ ਪੀਐੱਮ ਦੇ ਸਕੱਤਰ

On Punjab

ਕੈਨੇਡਾ: ਜਗਮੀਤ ਦੇ ਤੋੜ ਵਿਛੋੜੇ ਦੇ ਐਲਾਨ ਤੋਂ ਬਾਅਦ ਟਰੂਡੋ ਸਰਕਾਰ ਦੀ ਕਿਸ਼ਤੀ ਮੰਝਧਾਰ ‘ਚ ਫਸੀ

On Punjab

Google ਮੁਲਾਜ਼ਮ ਸੁਣਦੇ ਤੁਹਾਡੀਆਂ ਪ੍ਰਾਈਵੇਟ ਗੱਲਾਂ !

On Punjab