ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ‘ਚ ਭਾਨਾ ਸਿੱਧੂ ‘ਤੇ ਸਰਕਾਰੀ ਤਸ਼ੱਦਦ ਵਿਰੁੱਧ ਪਹਿਲੀ ਫਰਵਰੀ ਨੂੰ ਧੂਰੀ ਵਿਖੇ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ। ਇਸ ਵਿਚ ਸ਼ਾਮਲ ਹੋਣ ਦੀ ਤਿਆਰੀ ਕਰ ਰਹੇ ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ ਹਲਕਾ ਤਲਵੰਡੀ ਸਾਬੋ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਸਿੱਧੂ ਭਾਗੀਵਾਂਦਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਮਨਜੀਤ ਸਿੰਘ ਕੋਟਸ਼ਮੀਰ ਨੂੰ ਪੁਲਿਸ ਸਟੇਸ਼ਨ ਤਲਵੰਡੀ ਸਾਬੋ ਦੀ ਪੁਲਿਸ ਪਾਰਟੀ ਵੱਲੋਂ ਪਿੰਡ ਭਾਗੀਵਾਂਦਰ ਵਿਖੇ ਯਾਦਵਿੰਦਰ ਸਿੰਘ ਸਿੱਧੂ ਦੇ ਘਰ ਵਿਖੇ ਹੀ ਨਜ਼ਰਬੰਦ ਕਰ ਦਿੱਤਾ ਗਿਆ। ਪੁਲਿਸ ਪਾਰਟੀ ਅਨੁਸਾਰ ਇਹ ਕਾਰਵਾਈ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਦਿਆਂ ਅਮਲ ‘ਚ ਲਿਆਂਦੀ ਗਈ ਹੈ, ਜਦਕਿ ਸ਼੍ਰੋ੍ਮਣੀ ਅਕਾਲੀ ਦਲ ਅੰਮਿ੍ਤਸਰ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਭਾਨਾ ਸਿੱਧੂ ਪੰਜਾਬ ਦੇ ਲੋਕ ਹਿੱਤਾਂ ਲਈ ਆਵਾਜ਼ ਬੁਲੰਦ ਕਰ ਰਿਹਾ ਸੀ। ਉਹ ਠੱਗ ਏਜੰਟਾਂ ਵਿਰੁੱਧ ਪੀੜਤ ਲੋਕਾਂ ਦੀ ਆਵਾਜ਼ ਉਠਾਉਂਦਾ ਸੀ ਤੇ ਲੋਕਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਕਰਦਾ ਸੀ। ਉਸ ਦੀ ਆਵਾਜ਼ ਨੂੰ ਦਬਾਉਣ ਲਈ ਉਸ ਉੱਪਰ ਵੱਖ- ਵੱਖ ਥਾਣਿਆਂ ਵਿਚ ਝੂਠੇ ਕੇਸ ਦਰਜ ਕਰਕੇ ਉਸ ਉੱਪਰ ਅਣਮਨੁੱਖੀ ਤਸ਼ੱਦਦ ਕੀਤੇ ਗਏ ਹਨ। ਉਸ ਦੀ ਬਿਨਾਂ ਸ਼ਰਤ ਰਿਹਾਈ ਲਈ ਧੂਰੀ ਵਿਖੇ ਅੱਜ 1 ਫਰਵਰੀ ਨੂੰ ਰੋਸ਼ ਪ੍ਰਦਰਸ਼ਨ ਕਰਨ ਦਾ ਫੈਸਲਾ ਸੋ੍ਮਣੀ ਅਕਾਲੀ ਦਲ ਅੰਮਿ੍ਤਸਰ ਅਤੇ ਪੰਜਾਬ ਦੀਆਂ ਸਾਰੀਆਂ ਇਨਸਾਫ ਪਸੰਦ ਜਥੇਬੰਦੀਆਂ ਵੱਲੋਂ ਲਿਆ ਗਿਆ ਸੀ, ਜਿੱਥੇ ਅਸੀਂ ਕਾਫਲੇ ਸਮੇਤ ਜਾਣ ਦੀ ਤਿਆਰੀ ਕਰ ਰਹੇ ਸੀ ਤਾਂ ਸਾਨੂੰ ਤਲਵੰਡੀ ਸਾਬੋ ਦੀ ਪੁਲਿਸ ਪਾਰਟੀ ਵੱਲੋਂ ਸਾਡੇ ਘਰਾਂ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ।