37.78 F
New York, US
December 25, 2024
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਜਬਰ ਵਿਰੁੱਧ ਲੜਨ ਲਈ ਪ੍ਰੇਰਦੀ ਰਹੇਗੀ ਸਾਹਿਬਜ਼ਾਦਿਆਂ ਦੀ ਕੁਰਬਾਨੀ: ਮਾਨ

ਫ਼ਤਹਿਗੜ੍ਹ ਸਾਹਿਬ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰੇਗੀ, ਜਿਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਉਹ ਅੱਜ ਇੱਥੇ ਆਏ ਹਨ। ਉਹ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਇਸ ਮਹੀਨੇ ਨੂੰ ‘ਸੋਗ ਦੇ ਮਹੀਨੇ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਜਿਊਂਦਿਆਂ ਨੀਂਹ ਵਿੱਚ ਚਿਣ ਦਿੱਤਾ ਸੀ। ਉਨ੍ਹਾਂ ਕਿਹਾ,‘ਪੂਰੇ ਵਿਸ਼ਵ ਨੂੰ ਇਸ ਲਾਸਾਨੀ ਕੁਰਬਾਨੀ ’ਤੇ ਮਾਣ ਹੈ, ਜੋ ਪੰਜਾਬੀਆਂ, ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿੱਚ ਵਸਦੇ ਹਰ ਵਿਅਕਤੀ ਲਈ ਸਤਿਕਾਰ ਵਾਲੀ ਗੱਲ ਹੈ।’ ਉਨ੍ਹਾਂ ਕਿਹਾ ਕਿ ਇਸ ਖਿੱਤੇ ਦੀ ਇਕ-ਇਕ ਇੰਚ ਜ਼ਮੀਨ ਪਵਿੱਤਰ ਹੈ ਜਿਸ ਕਾਰਨ ਲੱਖਾਂ ਲੋਕ ਇਸ ਅਸਥਾਨ ’ਤੇ ਆਉਂਦੇ ਹਨ ਅਤੇ ਹਰ ਸਾਲ ਸ਼ਹੀਦੀ ਜੋੜ ਮੇਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੇ ਗੁਣ ਦਸਮੇਸ਼ ਪਿਤਾ ਤੋਂ ਵਿਰਸੇ ਵਿੱਚ ਮਿਲੇ ਹਨ ਜਿਨ੍ਹਾਂ ਨੇ ਮਨੁੱਖਤਾ ਦੀ ਖਾਤਰ ਅਣਥੱਕ ਲੜਾਈ ਲੜੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਅਣਗਿਣਤ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਇਸ ਤੋਂ ਸੇਧ ਲੈਣ ’ਤੇ ਜ਼ੋਰ ਦਿੱਤਾ।

ਉਨ੍ਹਾਂ ਇਹ ਵੀ ਚੇਤੇ ਕੀਤਾ ਕਿ ਲੋਕ ਸਭਾ ਮੈਂਬਰ ਵਜੋਂ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਤਤਕਾਲੀ ਲੋਕ ਸਭਾ ਸਪੀਕਰ ਕੋਲ ਪੈਰਵੀ ਕਰਨ ਉੱਤੇ ਸਦਨ ਨੇ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ ਕੀਤੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਰੁਪਿੰਦਰ ਸਿੰਘ ਹੈਪੀ, ਲੋਕ ਸਭਾ ਇੰਚਾਰਜ ਗੁਰਪ੍ਰੀਤ ਸਿੰਘ ਜੀਪੀ, ਡੀਆਈਜੀ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੇ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਆਦਿ ਮੌਜੂਦ ਸਨ।

ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਦਿੱਤਾ ਮੰਗ ਪੱਤਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਮੁੱਖ ਮੰਤਰੀ ਨੂੰ ਪੱਤਰ ਦੇ ਕੇ ਮੰਗ ਕੀਤੀ ਕਿ ਗੁਰਦੁਆਰਾ ਸਾਹਿਬ ਨੂੰ ਮਿਲਦੀਆਂ ਲਿੰਕ ਸੜਕਾਂ ਨੂੰ 10 ਫੁੱਟ ਤੋਂ 24 ਫੁੱਟ ਚੌੜਾ ਕੀਤਾ ਜਾਵੇ, ਗੁਰਦੁਆਰਾ ਸਾਹਿਬ ਦੇ ਪਿੱਛੇ ਚੋਅ ਦੇ ਅਧੂਰੇ ਕਾਰਜ ਨੂੰ ਮੁਕੰਮਲ ਕੀਤਾ ਜਾਵੇ ਅਤੇ ਕਵੀ ਅਲਾ ਯਾਰ ਖਾਂ ਦੀ ਯਾਦਗਾਰ ਬਣਾਈ ਜਾਵੇ।

Related posts

Health Tips : ਮੀਂਹ ਦੇ ਮੌਸਮ ’ਚ ਰੱਖੋ ਸਿਹਤ ਦਾ ਖ਼ਿਆਲ

On Punjab

Bangladesh Fire : ਢਾਕਾ ਦੇ ਬੰਗਾਬਾਜ਼ਾਰ ਕੱਪੜਾ ਬਾਜ਼ਾਰ ‘ਚ ਲੱਗੀ ਅੱਗ, 6 ਹਜ਼ਾਰ ਤੋਂ ਵੱਧ ਦੁਕਾਨਾਂ ਅੱਗ ਦੀ ਲਪੇਟ ‘ਚ

On Punjab

ਅਰੁਣਾਚਲ ‘ਚ ਮਿਲਿਆ ਫੌਜੀ ਜਹਾਜ਼ ਦਾ ਮਲਬਾ

On Punjab