ਪੰਜਾਬ- ਕਿਸਾਨ ਯੂਨੀਅਨਾਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਵਿਚਕਾਰ ਪੰਜਾਬ ਪੁਲੀਸ ਨੇ ਸੋਮਵਾਰ ਨੂੰ 450 ਹੋਰ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਪਿਛਲੇ ਹਫ਼ਤੇ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਗਏ ਕਈ ਕਿਸਾਨ ਅਜੇ ਵੀ ਲਾਪਤਾ ਹਨ। ਅਧਿਕਾਰੀਆਂ ਨੇ ਕਿਸਾਨਾਂ ਦੇ ਗੁੰਮ ਹੋਏ ਸਾਮਾਨ ਦਾ ਪਤਾ ਲਗਾਉਣ ਲਈ ਵੀ ਵਚਨਬੱਧਤਾ ਪ੍ਰਗਟਾਈ।
ਉਨ੍ਹਾਂ ਕਿਹਾ, “ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਅਸੀਂ ਅਜਿਹੇ ਕਿਸਾਨਾਂ ਦੀ ਰਿਹਾਈ ਨੂੰ ਤਰਜੀਹ ਦੇ ਰਹੇ ਹਾਂ ਅਤੇ ਅੱਜ ਲਗਭਗ 450 ਕਿਸਾਨਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ।” ਹਿਰਾਸਤ ਵਿੱਚ ਲਏ ਕਿਸਾਨਾਂ ਦੇ ਸਾਮਾਨ ਬਾਰੇ ਚਿੰਤਾਵਾਂ ਦੇ ਸਬੰਧ ਵਿੱਚ ਗਿੱਲ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਜਾਇਦਾਦ ਦੀ ਦੁਰਵਰਤੋਂ ਨੂੰ ਰੋਕਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ, ਪਟਿਆਲਾ ਜ਼ਿਲ੍ਹਾ ਪੁਲੀਸ ਨੇ ਐੱਸਪੀ ਜਸਬੀਰ ਸਿੰਘ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਹੈ।
ਉਨ੍ਹਾਂ ਕਿਹਾ ਹੈ ਕਿ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਕਿਸਾਨ ਤੁਰੰਤ ਸਹਾਇਤਾ ਲਈ ਉਨ੍ਹਾਂ ਨਾਲ ਸਿੱਧਾ 90713-00002 ’ਤੇ ਸੰਪਰਕ ਕਰ ਸਕਦੇ ਹਨ। ਗਿੱਲ ਨੇ ਇਹ ਵੀ ਪੁਸ਼ਟੀ ਕੀਤੀ ਕਿ ਪਟਿਆਲਾ ਪੁਲੀਸ ਨੇ ਇਸ ਮਾਮਲੇ ਨਾਲ ਸਬੰਧਤ ਤਿੰਨ ਐੱਫਆਈਆਰ ਦਰਜ ਕਰ ਲਈਆਂ ਹਨ।