ਚੰਡੀਗੜ੍ਹ- ਬਜਟ ਸੈਸ਼ਨ ਦੇ ਪਹਿਲੇ ਦਿਨ ਅੱਜ ਕਾਂਗਰਸੀ ਵਿਧਾਇਕ ਹੱਥਾਂ ਵਿੱਚ ਤਖਤੀਆਂ ਲੈ ਕੇ ਪੰਜਾਬ ਵਿਧਾਨ ਸਭਾ ’ਚ ਪਹੁੰਚੇ। ਉਨ੍ਹਾਂ ਨੇ ਸੂਬਾ ਸਰਕਾਰ ਉੱਤੇ ਕਿਸਾਨਾਂ ਅਤੇ ਜਵਾਨਾਂ ਨਾਲ ਧੱਕੇਸ਼ਾਹੀ ਦੇ ਦੋਸ਼ ਲਗਾਏ। ਕਾਂਗਰਸੀ ਵਿਧਾਇਕ ਆਪਣੀ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਵਿਧਾਨ ਸਭਾ ਵਿੱਚ ਪਹੁੰਚੇ।
ਬਾਜਵਾ ਨੇ ਕਿਹਾ ਕਿ ਕਿਸਾਨਾਂ ਵਿਰੁੱਧ ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਸਰਕਾਰ ਦੀ ਮਿਲੀ ਭੁਗਤ ਨਾਲ ਕੀਤੀ ਗਈ ਹੈ। ਇਹੀ ਵਜ੍ਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕਾਰਵਾਈ ਕਰਨ ਤੋਂ ਫੌਰੀ ਬਾਅਦ ਹਰਿਆਣਾ ਸਰਕਾਰ ਨੇ ਵੀ ਰਾਹ ਖੋਲ੍ਹ ਦਿੱਤੇ।
ਬਾਜਵਾ ਨੇ ਪਟਿਆਲਾ ਵਿੱਚ ਪੁਲੀਸ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਮਾਰਕੁੱਟ ਕੀਤੇ ਜਾਣ ਦੀ ਨਿਖੇਧੀ ਕੀਤੀ ਅਤੇ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਡਿਸਮਿਸ ਕਰਨ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾ ਵਿੱਚ ਭ੍ਰਿਸ਼ਟਾਚਾਰ, ਮਾਈਨਿੰਗ ਮਾਫੀਆ ਅਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਨ੍ਹਾਂ ਸਾਰੇ ਮੁੱਦਿਆਂ ਨੂੰ ਵਿਧਾਨ ਸਭਾ ਵਿੱਚ ਜ਼ੋਰ ਸ਼ੋਰ ਨਾਲ ਚੁੱਕੇਗੀ।