ਚੰਡੀਗੜ੍ਹ- ਪੰਜਾਬ ਸਰਕਾਰ ਨੇ ਸਰਕਾਰ ਤੁਹਾਡੇ ਦੁਆਰ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਂਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਅਤੇ ਆਪਣੇ ਇਲਾਕਿਆਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਆਦੇਸ਼ ਦਿੱਤੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਚੀਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਪਿੰਡਾਂ ਅਤੇ ਆਪਣੇ ਇਲਾਕਿਆਂ ਵਿੱਚ ਜਾ ਕੇ ਸੂਬਾ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਣਗੇ। ਇਸ ਦੇ ਨਾਲ ਹੀ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸੁਣ ਕੇ ਉਨ੍ਹਾਂ ਦਾ ਸਮੇਂ ਸਿਰ ਹਲ ਕੱਢਣਗੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਆਪਣੇ ਇਲਾਕੇ ਦੇ ਸਿਹਤ ਕੇਂਦਰਾਂ, ਸਕੂਲਾਂ ਅਤੇ ਹੋਰ ਜਨਤਕ ਥਾਵਾਂ ਦੇ ਦੌਰੇ ਵੀ ਕਰਨਗੇ।